
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹਰ ਮੁੱਦੇ 'ਤੇ ਹੋਈ ਫੇਲ੍ਹ ਸਾਬਤ
ਚੰਡੀਗੜ੍ਹ/ਗੜ੍ਹਸੰਕਰ : ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਕਮੇਟੀ ਦੇ ਚੇਅਰਮੈਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਗੜ੍ਹਸੰਕਰ ਵਿਖੇ ਹੋਈ। ਇਸ ਦੌਰਾਨ 2019 ਦੀਆਂ ਚੋਣਾਂ ਸਬੰਧੀ ਪਾਰਟੀ ਦੀ ਰਣਨੀਤੀ ਅਤੇ ਉਮੀਦਵਾਰਾਂ ਦੀ ਚੋਣ ਸਬੰਧੀ ਅਨੇਕਾਂ ਮੁੱਦਿਆਂ ਉੱਤੇ ਗੱਲਬਾਤ ਕੀਤੀ ਗਈ। ਇਸ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ,
ਪ੍ਰੋਫੈਸਰ ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਅਮਰਜੀਤ ਸਿੰਘ ਸੰਦੋਆ, ਜੈ ਕ੍ਰਿਸ਼ਨ ਸਿੰਘ ਰੋੜੀ, ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਵਜੋਤ ਸਿੰਘ, ਕੋਰ ਕਮੇਟੀ ਦੇ ਮੈਂਬਰ ਗੁਰਦਿੱਤ ਸਿੰਘ ਸੇਖੋਂ, ਸੁਖਵਿੰਦਰ ਸੁੱਖੀ ਅਕਲੀਆ ਅਤੇ ਮਨਜੀਤ ਸਿੱਧੂ ਵੀ ਸ਼ਾਮਿਲ ਸਨ। ਮੀਟਿੰਗ ਉਪਰੰਤ ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ
ਪੰਜਾਬ ਦੇ ਲੋਕਾਂ ਨੇ ਅੱਜ ਤੋਂ ਦੋ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਚੁਣੀ ਸੀ ਅਤੇ ਅੱਜ ਪੰਜਾਬ ਦੇ ਲੋਕ ਇਸ ਗੱਲ ਨੂੰ ਲੈ ਕੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ 129 ਪੰਨਿਆਂ ਦਾ ਚੋਣ ਮਨੋਰਥ ਪੱਤਰ ਜਾਰੀ ਕਰਕੇ ਸੂਬੇ ਦੇ ਸਾਰੇ ਵਰਗਾਂ ਨੂੰ ਖੁਸ਼ ਕਰਨ ਦਾ ਯਤਨ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਇਦੇ ਦੇ ਅਨੁਸਾਰ ਹੁਣ ਤੱਕ ਮੈਨੀਫੈਸਟੋ ਦੇ 50 ਫ਼ੀਸਦ ਵਾਅਦੇ ਪੂਰੇ ਹੋ ਜਾਣੇ ਚਾਹੀਦੇ ਸਨ ਪ੍ਰੰਤੂ ਕੈਪਟਨ ਸਰਕਾਰ ਨੇ ਮੈਨੀਫੈਸਟੋ ਦਾ ਅੱਧਾ ਪੰਨਾ ਵੀ ਨਹੀਂ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹਰ ਮੁੱਦੇ 'ਤੇ ਫੇਲ੍ਹ ਸਾਬਤ ਹੋਈ ਹੈ ਅਤੇ ਆਪਣੇ ਵਾਅਦਿਆਂ ਤੋਂ ਮੁੱਕਰ ਕੇ ਪੰਜਾਬ ਦੇ ਲੋਕਾਂ ਦੀ ਪਿੱਠ ਛੁਰਾ ਮਾਰਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਦੀਆਂ ਮੁੱਖ ਸਮੱਸਿਆਵਾਂ ਜਿਨ੍ਹਾਂ ਵਿੱਚ ਕਿਸਾਨ ਕਰਜਾ, ਨਸ਼ੇ, ਬੇਰੁਜਗਾਰੀ, ਕਾਨੂੰਨ ਅਤੇ ਨਿਆਂ ਵਿਵਸਥਾ ਆਦਿ ਹਨ ਜਿਉਂ ਦੀਆਂ ਤਿਉਂ ਹੀ ਖੜੀਆਂ ਹਨ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿਚ ਗੁਟਕਾ ਸਾਹਿਬ ਫੜ ਕੇ ਨਸ਼ਾ ਖਤਮ ਕਰਨ ਦੀ ਸਹੁੰ ਵੀ ਤੋੜ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸੂਬੇ ਦੀਆਂ ਮੁਸ਼ਕਿਲਾਂ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਉਹ ਇੱਥੋਂ ਤੱਕ ਕਿ ਪੰਜਾਬ ਵਿੱਚ ਆਉਣਾ ਵੀ ਪਸੰਦ ਨਹੀਂ ਕਰਦੇ। ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਆਪਣੇ ਜੱਦੀ ਸ਼ਹਿਰ ਪਟਿਆਲਾ ਵਿੱਚ ਵੀ ਸਿਰਫ਼ ਤਿੰਨ ਜਾਂ ਚਾਰ ਵਾਰ ਹੀ ਆਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਨਾਲੋਂ ਹਿਮਾਚਲ ਵਿੱਚ ਰਹਿਣਾ ਜ਼ਿਆਦਾ ਪਸੰਦ ਕਰਦੇ ਹਨ।
ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਕੋਈ ਰੁਚੀ ਨਾ ਰੱਖਣ ਕਾਰਨ ਸੂਬੇ ਵਿੱਚ ਨਸ਼ਾ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਲੈਂਡ ਮਾਫੀਆ ਉੱਤੇ ਹੁਣ ਅਕਾਲੀਆਂ ਦੀ ਥਾਂ ਤੇ ਕਾਂਗਰਸੀਆਂ ਨੇ ਕਬਜ਼ਾ ਕਰ ਲਿਆ ਹੈ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੁਆਰਾ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦੇ ਫੈਸਲੇ ਉੱਤੇ ਬੋਲਦਿਆਂ ਮਾਨ ਨੇ ਕਿਹਾ ਕਿ ਇਹ ਤਾਂ ਪਹਿਲਾਂ ਹੀ ਜੱਗ ਜਾਹਿਰ ਹੋ ਚੁੱਕਾ ਹੈ ਕਿ ਖਹਿਰਾ ਅਤੇ ਸੁਖਬੀਰ ਸਿੰਘ ਬਾਦਲ ਆਪਸ ਵਿੱਚ ਰਲ਼ ਕੇ ਚੋਣ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ਖਹਿਰਾ ਬੀਬਾ ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਚੋਣ ਜਿਤਵਾਉਣ ਲਈ ਹੀ ਜਾ ਰਹੇ ਹਨ ਅਤੇ ਖਹਿਰਾ ਦਾ ਮੂਲ ਮੰਤਵ ਆਮ ਆਦਮੀ ਪਾਰਟੀ ਦੀਆਂ ਵੋਟਾਂ ਨੂੰ ਖਰਾਬ ਕਰਕੇ ਹਰਸਿਮਰਤ ਬਾਦਲ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਖਹਿਰਾ ਦੀ ਰਾਜਨੀਤਿਕ ਯਾਤਰਾ ਵੱਲ ਨਜ਼ਰ ਮਾਰੀਏ ਤਾਂ ਇਹ ਸਾਫ ਜ਼ਾਹਿਰ ਹੁੰਦਾ ਹੈ ਕਿ ਖਹਿਰਾ ਕਿਸੇ ਵੀ ਪਾਰਟੀ ਵਿੱਚ ਜ਼ਿਆਦਾ ਸਮਾਂ ਟਿਕ ਨਹੀਂ ਸਕਦੀ ਅਤੇ ਆਪਣੀ ਹੀ ਪਾਰਟੀ ਦੇ ਖਿਲਾਫ ਬਿਆਨਬਾਜ਼ੀ ਕਰਨ ਲਈ ਮਸ਼ਹੂਰ ਹਨ।
ਮਾਨ ਨੇ ਕਿਹਾ ਕਿ ਆਉਂਦੀਆਂ 2019 ਦੀਆਂ ਚੋਣਾਂ ਵਿੱਚ ਉਹ ਸੰਗਰੂਰ ਤੋਂ ਚੋਣ ਮੈਦਾਨ ਵਿੱਚ ਹਨ ਅਤੇ ਆਪਣੇ ਪਿਛਲੇ ਪੰਜ ਸਾਲਾਂ ਦਾ ਰਿਪੋਰਟ ਕਾਰਡ ਲੈ ਕੇ ਲੋਕਾਂ ਵਿੱਚ ਜਾਣਗੇ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕ ਭਲੀ ਭਾਂਤੀ ਜਾਣਦੇ ਹਨ ਕਿ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੇ ਦੌਰਾਨ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਕਿਸ ਤਰ੍ਹਾਂ ਲੋਕ ਸਭਾ ਵਿੱਚ ਚੁੱਕਿਆ ਹੈ ਅਤੇ ਸੰਗਰੂਰ ਹਲਕੇ ਵਿੱਚ ਐੱਮਪੀ ਲੈਂਡ ਰਾਹੀਂ ਆਇਆ ਪੈਸਾ ਕਿਸ ਤਰ੍ਹਾਂ ਬਾਖੂਬੀ ਵਰਤਿਆ ਹੈ।
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਵਿੱਚ ਗਰੀਬ ਅਤੇ ਪੱਛੜੇ ਵਰਗ ਸਮੇਤ ਹਰ ਵਰਗ ਲਈ ਕਲਿਆਣਕਾਰੀ ਯੋਜਨਾਵਾਂ ਆਰੰਭੀਆਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਕੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਕੋਸ਼ਿਸ਼ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਕਰਦਿਆਂ ਮਾਨ ਨੇ ਕਿਹਾ ਕਿ ਜੇਕਰ ਕੇਜਰੀਵਾਲ ਦਿੱਲੀ ਵਿੱਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰ ਸਕਦੇ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਇਸ ਰਿਪੋਰਟ ਨੂੰ ਲਾਗੂ ਕਰਨ ਤੋਂ ਕਿਉਂ ਭੱਜ ਰਹੇ ਹਨ। ਇਸ ਮੌਕੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਰਾਜ ਵਿੱਚ ਸੂਬੇ ਵਿੱਚ ਕਾਨੂੰਨ ਅਤੇ ਨਿਆਂ ਵਿਵਸਥਾ ਬਿਲਕੁਲ ਖਰਾਬ ਹੋ ਚੁੱਕੀ ਹੈ ਅਤੇ ਹਰ ਰੋਜ ਲੁੱਟ ਘਸੁੱਟ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਾ ਤਸਕਰੀ ਦਾ ਕੰਮ ਪੂਰੇ ਜੋਰ ਸ਼ੋਰ ਤੇ ਅਤੇ ਬਿਨਾਂ ਕਿਸੇ ਰੋਕ ਟੋਕ ਦੇ ਚੱਲ ਰਿਹਾ ਹੈ। ਉਨ੍ਹਾਂ ਦੋਸ ਲਗਾਇਆ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਨਸ਼ਾ ਤਸਕਰ ਅਕਾਲੀ ਭਾਜਪਾ ਲੀਡਰਾਂ ਦੀ ਰਹਿਨੁਮਾਈ ਹੇਠ ਕਾਰਜ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਨੂੰ ਕਾਂਗਰਸੀ ਆਗੂ ਸ਼ਹਿ ਦੇ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਗਲਤ ਰਾਹ 'ਤੇ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏ।