
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਅਤੇ ਸੋਨੇ ਦੇ ਪੱਤਰਿਆਂ ਦੀ ਮੁਰੰਮਤ ਦੀ ਸੇਵਾ ਆਰੰਭ
ਅੰਮ੍ਰਿਤਸਰ, 15 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਲੋਂ ਅੱਜ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸੇਵਾ ਆਰੰਭ ਕੀਤੀ ਗਈ। ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼੍ਰੋਮਣੀ ਕਮੇਟੀ ਵਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਇਹ ਸੇਵਾ ਮਾਹਰਾਂ ਦੀ ਨਿਗਰਾਨੀ ਵਿਚ ਕਰਵਾਉਣਗੇ।
ਸੇਵਾ ਦੌਰਾਨ ਮੁਰੰਮਤ ਲਈ ਪੁਰਾਤਨ ਰਵਾਇਤ ਅਨੁਸਾਰ ਕਾਰਜ ਕੀਤੇ ਜਾਣਗੇ ਅਤੇ ਖ਼ਰਾਬ ਹੋਏ ਪੱਤਰਿਆਂ ਨੂੰ ਬਦਲਿਆ ਜਾਵੇਗਾ। ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਸਤਿਗੁਰੂ ਦੀ ਮਿਹਰ ਸਦਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਦਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਸੇਵਾ ਦੀ ਨਿਗਰਾਨੀ ਲਈ ਡਾ. ਭੁਪਿੰਦਰ ਸਿੰਘ ਪ੍ਰੋਫ਼ੈਸਰ ਆਈ.ਆਈ.ਟੀ. ਰੁੜਕੀ, ਇੰਜੀ: ਡਾ. ਕਾਇਜ਼ਾਕ ਬੜੌਦਾ ਅਤੇ ਪੰਕਜ ਦੱਤਾ ਆਦਿ ਮਾਹਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ ਸਮੇਤ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਆਦਿ ਮੌਜੂਦ ਸਨ।