
ਨਗਰ ਨਿਗਮ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਮਗਰੋਂ ਪੁਲਿਸ ਨੇ ਕਾਰਵਾਈ ਕਰਦਿਆਂ ਐਫ.ਆਈ.ਆਰ. ਦਰਜ ਕੀਤੀ ਹੈ।
ਲੁਧਿਆਣਾ - ਪੰਜਾਬ ਦੇ ਲੁਧਿਆਣਾ ਵਿਚ ਕੁੱਝ ਦਿਨ ਪਹਿਲਾਂ ਸਾਂਸਦ ਰਵਨੀਤ ਬਿੱਟੂ ਵੱਲੋਂ ਪਿੰਡ ਨੂਰਪੁਰ ਵਿਚ ਕਾਰਕੇਸ ਯੂਟੀਲਾਈਜੇਸ਼ਨ ਪਲਾਂਟ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਇਸ ’ਤੇ ਕਾਰਵਾਈ ਕਰਦਿਆਂ ਥਾਣਾ ਲਾਡੋਵਾਲ ਦੀ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ 100 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਨਗਰ ਨਿਗਮ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਮਗਰੋਂ ਪੁਲਿਸ ਨੇ ਕਾਰਵਾਈ ਕਰਦਿਆਂ ਐਫ.ਆਈ.ਆਰ. ਦਰਜ ਕੀਤੀ ਹੈ। ਪੁਲਿਸ ਨੇ ਬਿੱਟੂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 323,341,506,452,148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ। ਸੰਸਦ ਮੈਂਬਰ ਬਿੱਟੂ ਨੇ ਦੱਸਿਆ ਕਿ ਕਰੀਬ ਢਾਈ ਮਹੀਨਿਆਂ ਬਾਅਦ ਕੇਸ ਦਰਜ ਕੀਤਾ ਜਾ ਰਿਹਾ ਹੈ। ਸਰਕਾਰ ਤਾਨਾਸ਼ਾਹੀ 'ਤੇ ਤੁਲੀ ਹੋਈ ਹੈ।
ਦੱਸ ਦਈਏ ਕਿ ਪਿੰਡ ਨੂਰਪੁਰ ਬੇਟ ਵਿਚ ਨਗਰ ਨਿਗਮ ਵੱਲੋਂ ਮਰੇ ਪਸ਼ੂਆਂ ਦੇ ਨਿਪਟਾਰੇ ਲਈ ਲਗਾਏ ਗਏ ਕਾਰਕਸ ਯੂਟੀਲਾਈਜੇਸ਼ਨ ਪਲਾਂਟ ਦਾ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਬਿੱਟੂ ਨੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਅਗਲੇ ਹੀ ਦਿਨ ਥਾਣਾ ਕੋਤਵਾਲੀ ਵੱਲੋਂ ਬਿੱਟੂ ਤੇ ਹੋਰ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ।
ਲਾਸ਼ ਪਲਾਂਟ ਦੇ ਚੌਕੀਦਾਰ ਜਸਵੰਤ ਸਿੰਘ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ 25 ਜਨਵਰੀ 2024 ਨੂੰ 100 ਤੋਂ ਵੱਧ ਲੋਕ ਪਲਾਂਟ ਦੇ ਬਾਹਰ ਆ ਗਏ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਲੋਕਾਂ ਨੇ ਧੱਕਾ ਮਾਰ ਕੇ ਪਲਾਂਟ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਮੈਨੂੰ ਅਤੇ ਬਾਕੀ ਮੁਲਾਜ਼ਮਾਂ ਨੂੰ ਪਲਾਂਟ ਬੰਦ ਕਰਨ ਲਈ ਕਿਹਾ।
ਜਸਵੰਤ ਅਨੁਸਾਰ ਉਨ੍ਹਾਂ ਨੇ ਉਸ ਨੂੰ ਡਰਾ ਧਮਕਾ ਕੇ ਪਲਾਂਟ ਤੋਂ ਭਜਾ ਦਿੱਤਾ ਅਤੇ ਖ਼ੁਦ ਗੇਟ ਨੂੰ ਤਾਲਾ ਲਗਾ ਲਿਆ। ਚੌਕੀਦਾਰ ਨਵਦੀਪ ਨੇ ਪੁਲਿਸ ਨੂੰ ਦੱਸਿਆ ਕਿ ਹੰਗਾਮਾ ਕਰਨ ਵਾਲਿਆਂ ਵਿਚ ਇੱਕ ਸਿਆਸੀ ਆਗੂ ਸਾਂਸਦ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸੀ ਜਿਸ ਨੂੰ ਉਹ ਚੰਗੀ ਤਰ੍ਹਾਂ ਜਾਣਦਾ ਸੀ। ਨਵਦੀਪ ਅਨੁਸਾਰ ਹੁਣ ਉਸ ਨੂੰ ਦੁਬਾਰਾ ਪਲਾਂਟ ਵਿਚ ਕੰਮ ਕਰਨ ਜਾਣ ਦਾ ਖ਼ਤਰਾ ਹੈ।