
ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਇਸ ਘਟਨਾ ਲਈ ਇੱਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ।
ਲੁਧਿਆਣਾ: ਸਥਾਨਕ ਜਨਤਾ ਨਗਰ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਆਪਸ ਵਿਚ ਹਿੰਸਕ ਝੜਪ ਹੋ ਗਈ। ਇਸ ਝੜਪ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋ ਰਹੀ ਹੈ। ਦਰਅਸਲ ਅੱਜ ਲਾਕਡਾਊਨ ਹੋਣ ਦੇ ਬਾਵਜੂਦ ਲੁਧਿਆਣਾ ਦੇ ਕੋਟ ਮੰਗਲ ਸਿੰਘ ਇਲਾਕੇ ਵਿਚ ਸੜਕ ਨਿਰਮਾਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ।
ਇਸ ਪ੍ਰੋਗਰਾਮ ਵਿਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੀ ਸ਼ਾਮਲ ਹੋਏ ਸਨ ਪਰ ਮਾਮਲਾ ਉਦੋਂ ਵਿਗੜ ਗਿਆ ਜਦੋਂ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਆਪਣੇ ਸਮਰਥਕਾਂ ਸਮੇਤ ਉਥੇ ਪਹੁੰਚ ਗਏ ਤੇ ਦੋਵਾਂ ਧਿਰਾਂ 'ਚ ਹੋਈ ਬਹਿਸਬਾਜ਼ੀ ਮਗਰੋਂ ਹੱਥੋਪਾਈ ਵੀ ਸ਼ੁਰੂ ਹੋ ਗਈ। ਦੋਵਾਂ ਧਿਰਾਂ ਨੇ ਇੱਕ ਦੂਜੇ ਦੇ ਥੱਪੜ ਮਾਰੇ ਤੇ ਧੱਕਾ ਮੁੱਕੀ ਕੀਤੀ।
ਗੁਰਦੀਪ ਸਿੰਘ ਗੋਸ਼ਾ ਨੇ ਵਿਧਾਇਕ ਬੈਂਸ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਬੈਂਸ ਨੇ ਲੋਕਤੰਤਰ ਦੀ ਹੱਤਿਆ ਕੀਤੀ ਹੈ ਤੇ ਪਗੜੀ ਨੂੰ ਉਛਾਲਿਆ ਹੈ। ਉਨ੍ਹਾਂ ਨੇ ਦੋਸ਼ ਲਾਏ ਕਿ ਇੱਕ ਨੌਜਵਾਨ ਦੀ ਪੱਗੜੀ ਉਤਾਰ ਕੇ ਉਸ ਨੂੰ ਕਥਿਤ ਤੌਰ ਤੇ ਗਾਲ੍ਹਾਂ ਕੱਢੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਗੜੀ ਦਾ ਨਿਰਾਦਰ ਬਹੁਤ ਹੀ ਨਿੰਦਣਯੋਗ ਹੈ। ਇਸ ਦੌਰਾਨ ਉਨ੍ਹਾਂ ਨੇ ਕਈ ਹੋਰ ਦੋਸ਼ ਵੀ ਲਾਏ।
ਦੂਜੇ ਪਾਸੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਕਾਲੀ ਦਲ ਸਿਆਸਤ ਕਰ ਰਿਹਾ ਹੈ। ਅੱਜ ਉਨ੍ਹਾਂ ਦੇ ਉਦਘਾਟਨ ਸਮਾਰੋਹ ਦੌਰਾਨ ਜਾਣਬੁੱਝ ਕੇ ਹੁੱਲੜਬਾਜ਼ੀ ਕੀਤੀ ਗਈ ਹੈ। ਉਨ੍ਹਾਂ ਨੇ ਘਟਨਾ ਦੀ ਸਖ਼ਤ ਨਿੰਦਾ ਕੀਤੀ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਨੇ ਹਾਲਾਤ ’ਤੇ ਕਾਬੂ ਪਾ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ ਤੇ ਹੁਣ ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਸਰਕਾਰ ਨੇ ਹਰ ਤਰ੍ਹਾਂ ਦੇ ਇਕੱਠ ’ਤੇ ਰੋਕ ਲਗਾਈ ਹੈ ਤਾਂ ਅਜਿਹੇ ਵਿਚ ਵਿਧਾਇਕਾਂ ਵਲੋਂ ਇਹੋ ਜਿਹੇ ਪ੍ਰੋਗਰਾਮ ਕਿਸ ਤਰ੍ਹਾਂ ਕੀਤੇ ਜਾ ਸਕਦੇ ਹਨ।