ਮੁੱਖ ਮੰਤਰੀ ਵਲੋਂ ਪਟਿਆਲਾ ਵਿਚ ਨਵਾਂ ਬਣਿਆ ਬੱਸ ਅੱਡਾ ਕੀਤਾ ਲੋਕਾਂ ਨੂੰ ਸਮਰਪਤ

By : KOMALJEET

Published : May 16, 2023, 6:03 pm IST
Updated : May 16, 2023, 6:04 pm IST
SHARE ARTICLE
CM dedicates newly constructed bus stand at Patiala to masses
CM dedicates newly constructed bus stand at Patiala to masses

ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਚੱਲਣਗੀਆਂ ਇਲੈਕਟ੍ਰਿਕ ਬੱਸਾਂ 

ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ : ਮੁੱਖ ਮੰਤਰੀ

ਇਕ ਸਾਲ ਵਿਚ ਪਟਿਆਲਾ ਵਿਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ
ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ
ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿਚ ਫ਼ਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਅਤੇ ਨਫ਼ਰਤੀ ਰਾਜਨੀਤੀ ਦੇ ਪ੍ਰਾਪੇਗੰਡਾ ਨੂੰ ਰੱਦ ਕੀਤਾ।

ਇਥੇ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਨੇ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕਾਂ, ਬੇਮਿਸਾਲ ਵਿਕਾਸ ਤੇ ਲੋਕਾਂ ਦੀ ਭਲਾਈ ਦੇ ਹੱਕ ਵਿਚ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਵਿਕਾਸ ਦੇ ਨਾਮ ਉਤੇ ਵੋਟਾਂ ਮੰਗੀਆਂ ਸਨ, ਜਦੋਂ ਕਿ ਵਿਰੋਧੀਆਂ ਨੇ ਜਾਤ ਤੇ ਫਿਰਕਿਆਂ ਦੇ ਨਾਮ ਉਤੇ ਵੋਟਾਂ ਮੰਗੀਆਂ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿਚ ਵੱਡਾ ਫ਼ਤਵਾ ਦੇ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦਿਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਉਨ੍ਹਾਂ ਨੂੰ ਹੋਰ ਜ਼ਿਆਦਾ ਸਮਰਪਣ ਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਨਾਲ ਭਰ ਦਿਤਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਨਵੇਂ ਚੁਣੇ ਹੋਏ ਸੰਸਦ ਮੈਂਬਰ ਨੇ ਸਹੁੰ ਵੀ ਨਹੀਂ ਚੁੱਕੀ ਪਰ ਸਾਡੀ ਸਰਕਾਰ ਨੇ ਜਲੰਧਰ ਦੇ ਵਿਆਪਕ ਵਿਕਾਸ ਲਈ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਭਲਕੇ ਜਲੰਧਰ ਦਾ ਦੌਰਾ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਜ਼ਿੱਦੀ ਆਗੂ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿਚ ਰਹਿਣ ਕਾਰਨ ਹੰਕਾਰੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਭਰਮਾ ਰਹੇ ਸਨ ਪਰ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਆਸਤ ਵਿਚ ਹਰੇਕ ਨੈਤਿਕਤਾ ਨੂੰ ਛਿੱਕੇ ਟੰਗ ਦਿਤਾ ਅਤੇ ਆਪਣੇ ਨਿੱਜੀ ਸਵਾਰਥਾਂ ਲਈ ਬਹੁਤ ਜ਼ਿਆਦਾ ਡਿੱਗ ਗਏ।

ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਅਜਿਹੇ ਲੋਕ ਮਹੱਤਵ ਵਾਲੇ ਸਮਾਰੋਹ ਪਿਛਲੀਆਂ ਸਰਕਾਰਾਂ ਦੌਰਾਨ ਕਾਫ਼ੀ ਮੁਸ਼ਕਲ ਨਾਲ ਹੁੰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ ਅਤੇ ਸਰਕਾਰ ਵਲੋਂ ਅਜਿਹੇ ਪ੍ਰਾਜੈਕਟ ਲਗਾਤਾਰ ਲੋਕਾਂ ਨੂੰ ਸਮਰਪਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਜਿਹੇ ਪ੍ਰਾਜੈਕਟ ਲੋਕਾਂ ਨੂੰ ਸਮਰਪਤ ਕਰ ਕੇ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਹ ਵੀ ਪੜ੍ਹੋ:  ਅਮਰੀਕਾ 'ਚ ਹੋਈ ਗੋਲੀਬਾਰੀ, 3 ਦੀ ਮੌਤ ਤੇ ਕਈ ਜ਼ਖ਼ਮੀ 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੁੜ ਨੰਬਰ ਇਕ ਬਣਨ ਦੇ ਰਾਹ ਉਤੇ ਹੈ ਕਿਉਂਕਿ ਲੋਕਾਂ ਵਲੋਂ ਚੁਣੀ ਹੋਈ ਸਰਕਾਰ ਨਿੱਤ ਨਵੇਂ ਪ੍ਰਾਜੈਕਟ ਲੋਕਾਂ ਨੂੰ ਸਮਰਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਜਦੋਂ ਨੀਤੀਆਂ ਲੋਕਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰ ਕੇ ਬਣਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਫ਼ੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੇ ਪਹਿਲੀ ਵਾਰ ਨਰਮੇ ਦੀ ਫ਼ਸਲ ਨਹਿਰੀ ਪਾਣੀ ਨਾਲ ਬੀਜੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਬਚਾਉਣ ਲਈ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਪੰਜਾਬ ਵਿਚ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਹੋਵੇਗੀ ਅਤੇ ਸੂਬੇ ਭਰ ਵਿਚ 10 ਜੂਨ ਤੋਂ ਇਲਾਵਾ 16, 19 ਤੇ 21 ਜੂਨ ਨੂੰ ਝੋਨੇ ਦੀ ਲਵਾਈ ਦੀ ਇਜਾਜ਼ਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਵਾਈ ਵਾਸਤੇ ਪੰਜਾਬ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੁੱਟਵੇਂ ਢੰਗ ਨਾਲ ਝੋਨੇ ਦੀ ਲਵਾਈ ਹੋਣ ਕਾਰਨ ਸਿੰਜਾਈ ਦੀਆਂ ਸਹੂਲਤਾਂ ਨੂੰ ਸੁਚਾਰੂ ਕਰਨ ਵਿਚ ਮਦਦ ਮਿਲੇਗੀ। ਪਹਿਲੇ ਪੜਾਅ ਵਿਚ ਕੌਮਾਂਤਰੀ ਸਰਹੱਦ ਨੇੜੇ ਤਾਰ ਤੋਂ ਪਾਰ 10 ਜੂਨ ਤੋਂ ਝੋਨਾ ਲਾਇਆ ਜਾਵੇਗਾ, ਜਿਸ ਲਈ ਕਿਸਾਨਾਂ ਨੂੰ ਬਾਕਾਇਦਾ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿਚ ਸੱਤ ਜ਼ਿਲ੍ਹਿਆਂ, ਫ਼ਿਰੋਜ਼ਪੁਰ, ਫ਼ਰੀਦਕੋਟ, ਪਠਾਨਕੋਟ, ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਤਰਨ ਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਤੀਜੇ ਪੜਾਅ ਵਿਚ ਰੂਪਨਗਰ, ਐਸ.ਏ.ਐਸ. ਨਗਰ, ਕਪੂਰਥਲਾ, ਲੁਧਿਆਣਾ, ਫ਼ਾਜ਼ਿਲਕਾ, ਬਠਿੰਡਾ ਤੇ ਅੰਮ੍ਰਿਤਸਰ ਸਮੇਤ ਸੱਤ ਜ਼ਿਲ੍ਹਿਆਂ ਵਿਚ 19 ਜੂਨ ਤੋਂ ਝੋਨੇ ਦੀ ਲਵਾਈ ਤੀਜੇ ਗੇੜ ਵਿਚ ਹੋਵੇਗੀ, ਜਦੋਂ ਕਿ ਬਾਕੀ ਬਚਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਤੇ ਮਾਨਸਾ ਵਿਚ 21 ਜੂਨ ਤੋਂ ਝੋਨੇ ਦੀ ਲਵਾਈ ਹੋਵੇਗੀ।

ਇਹ ਵੀ ਪੜ੍ਹੋ:  ਪੁਲਿਸ ਮੁਲਾਜ਼ਮ ਨੇ ਚੋਰੀ ਦੀ ਏ.ਕੇ.-47 ਨਾਲ ਭਾਰਤੀ ਮੂਲ ਦੇ ਕਾਰੋਬਾਰੀ ਨੂੰ ਮਾਰੀ ਗੋਲੀ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਅਪਣੇ ਜੱਦੀ ਸ਼ਹਿਰ ਵਿੱਚ ਨਹੀਂ ਆਏ। ਭਗਵੰਤ ਮਾਨ ਨੇ ਕਿਹਾ ਕਿ ਉਹ ਕਾਰਜਭਾਰ ਸੰਭਾਲਣ ਤੋਂ ਬਾਅਦ ਇਸ ਸ਼ਾਹੀ ਸ਼ਹਿਰ ਵਿਚ ਮਹਾਰਾਜਾ ਪਟਿਆਲਾ ਦੇ ਸਮੁੱਚੇ ਕਾਰਜਕਾਲ ਵਿਚ ਮਾਰੇ ਗੇੜਿਆਂ ਨਾਲੋਂ ਵੱਧ ਵਾਰ ਆਏ ਹਨ। ਉਨ੍ਹਾਂ ਕਿਹਾ ਕਿ ਇਸੇ ਤਬਦੀਲੀ ਲਈ ਲੋਕਾਂ ਨੇ ਵਿਕਾਸ-ਪੱਖੀ ਸਰਕਾਰ ਨੂੰ ਚੁਣਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਰੱਖਦੀਆਂ ਹਨ ਕਿਉਂਕਿ ਉਹ ਆਮ ਪ੍ਰਵਾਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਮਝਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਇਸ ਕਾਰਨ ਹੀ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਪੰਜਾਬ ਦਾ ਕੰਮਕਾਜ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਗੁਮਰਾਹਕੁਨ ਪ੍ਰਚਾਰ ਨੂੰ ਚੰਗੀ ਤਰ੍ਹਾਂ ਸਮਝਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਚਾਰ ਨੂੰ ਸਿਰੇ ਤੋਂ ਰੱਦ ਕਰ ਦਿਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਸੂਬੇ ਦੀ ਲੋਕ-ਪੱਖੀ ਸਰਕਾਰ ਵਿਰੁੱਧ ਹੱਥ ਮਿਲਾ ਲਿਆ ਪਰ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾ ਦਿਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਤਬਦੀਲੀ ਦੇ ਫ਼ੈਸਲੇ ਦੀ ਵਿਸ਼ਵ ਭਰ ਵਿਚ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕਦਮ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਾਉਣ ਦੇ ਯੋਗ ਹੋਈ ਹੈ ਅਤੇ ਅਪਣੀ ਤਰ੍ਹਾਂ ਦੇ ਇਸ ਨਿਵੇਕਲੇ ਕਦਮ ਤਹਿਤ 50 ਕਰੋੜ ਰੁਪਏ ਬਚਣਗੇ। ਭਗਵੰਤ ਮਾਨ ਨੇ ਇਹ ਵੀ ਦਸਿਆ ਕਿ ਇਸ ਫ਼ੈਸਲੇ ਨਾਲ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਮਦਦ ਮਿਲੀ ਹੈ ਅਤੇ ਇਕ ਸਰਵੇਖਣ ਵਿਚ ਪਤਾ ਚਲਿਆ ਕਿ ਇਸ ਨਾਲ ਮੋਹਾਲੀ ਦੀ ਇਕ ਏਅਰਪੋਰਟ ਰੋਡ ਉਤੇ ਰੋਜ਼ਾਨਾ ਸੱਤ ਹਜ਼ਾਰ ਲੀਟਰ ਤੇਲ ਦੀ ਖ਼ਪਤ ਘਟੀ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਸਿਰਫ਼ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ ਨਾ ਕਿ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਪੁਰਖਿਆਂ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਤੋਂ ਬਾਅਦ ਜਨਰਲ ਡਾਇਰ ਨੂੰ ਸਨਮਾਨਤ ਕੀਤਾ ਸੀ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਡਰੱਗ ਮਾਫ਼ੀਆ ਦੀ ਸਰਪ੍ਰਸਤੀ ਕਰਦੇ ਰਹੇ ਹਨ ਅਤੇ ਇਸ ਸਮੇਂ ਆਪਣੇ ਗੁਨਾਹਾਂ ਲਈ ਜ਼ਮਾਨਤ 'ਤੇ ਹਨ, ਉਨ੍ਹਾਂ ਨੂੰ ਕੋਈ ਵੀ ਸਵਾਲ ਪੁੱਛਣ ਦਾ ਨੈਤਿਕ ਹੱਕ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਅਖੌਤੀ ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਲੀਡਰਾਂ ਨੂੰ ਕਿਸੇ ਨਾਲ ਗੱਲ ਕਰਨ ਦਾ ਸਲੀਕਾ ਵੀ ਨਹੀਂ ਹੈ, ਜਿਸ ਕਾਰਨ ਉਹ ਅਪਣੇ ਸਿਆਸੀ ਵਿਰੋਧੀਆਂ ਵਿਰੁੱਧ ਗ਼ਲਤ ਭਾਸ਼ਾ ਦੀ ਵਰਤੋਂ ਕਰਦੇ ਹਨ, ਜੋ ਕਿ ਅਣਉਚਿਤ ਅਤੇ ਗੈਰਵਾਜਬ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਵਾਸੀਆਂ ਨੂੰ ਵਿਸਾਰ ਦਿਤਾ ਸੀ ਅਤੇ ਸੂਬੇ ਅਤੇ ਇਸ ਦੇ ਲੋਕਾਂ ਵਿਰੁਧ ਕਦਮ ਚੁੱਕੇ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਛੇਤੀ ਹੀ ਮੁੱਢਲੀਆਂ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦਾ ਕਾਰਜ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਹਾ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਕੋਈ ਨਹੀਂ ਰੋਕ ਸਕਦਾ ਅਤੇ ਉਹ ਏਸੇ ਤਰ੍ਹਾਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਸਨਅਤਾਂ ਲਈ ਵਿਸ਼ੇਸ਼ ਤੌਰ ਉਤੇ ਹਰੇ ਰੰਗ ਦਾ ਸਟੈਂਪ ਪੇਪਰ ਲਾਗੂ ਕਰਨ ਦਾ ਫ਼ੈਸਲਾ ਅਮਲ ਵਿਚ ਲਿਆਂਦਾ ਅਤੇ ਇਸ ਨੇਕ ਉਪਰਾਲੇ ਨਾਲ ਸੂਬੇ ਵਿਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫ਼ੈਸਲਾ ਏਸੇ ਉਦੇਸ਼ ਨੂੰ ਸਮਰਪਿਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੇ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਲਾਗੂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਸਾਲ ਪਹਿਲਾਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਦਾ ਬਟਨ ਦਬਾ ਕੇ ਸੱਤਾ ਵਿਚ ਲਿਆਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਇਕ ਸਾਲ ਦੇ ਅੰਦਰ ਉਹ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰੋਜੈਕਟ ਸਮਰਪਤ ਕਰਨ ਲਈ ਰੋਜ਼ਾਨਾ ਚਾਰ-ਪੰਜ ਬਟਨ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਵੱਡੀ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ ਜਿਸ ਵਿਚ ਇਹ ਕਿਹਾ ਗਿਆ ਹੈ ਕਿ ਅਧਿਕਾਰੀ ਖ਼ਾਸ ਕਰ ਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਖੇਤਰੀ ਦੌਰੇ ਖ਼ਾਸ ਕਰ ਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣ ਕੇ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਕਾਜ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਏਸੇ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਹੁਣ ਭਲਕੇ ਜਲੰਧਰ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ਤਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਬਣਿਆ ਬੱਸ ਸਟੈਂਡ ਲਿਫ਼ਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਦਸਿਆ ਕਿ 61 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਵਿਚ ਲੋਕਾਂ ਦੀ ਸਹੂਲਤ ਲਈ 45 ਕਾਊਂਟਰ ਹਨ ਅਤੇ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਿਆ ਜਾਵੇਗਾ ਜਿਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਇਲੈਕਟ੍ਰੀਕਲ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਬੱਸ ਸਟੈਂਡ ਦੀ ਤਰਜ਼ 'ਤੇ ਸੂਬੇ ਭਰ ਵਿਚ ਅਜਿਹੇ ਹੋਰ ਬੱਸ ਸਟੈਂਡ ਬਣਾਏ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਜੀਤ ਸਿੰਘ ਭੁੱਲਰ ਅਤੇ ਡਾ: ਬਲਬੀਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement