
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁਕਿਆ ਕਦਮ
ਪਹਿਲੇ ਪੜਾਅ ਤਹਿਤ 23 ਜ਼ਿਲ੍ਹਾ ਹਸਪਤਾਲਾਂ ਸਮੇਤ 40 ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦਾ ਕੀਤਾ ਜਾਵੇਗਾ ਨਵੀਨੀਕਰਨ
ਭਗਵੰਤ ਮਾਨ ਨੇ ਸਰਕਾਰੀ ਸਿਹਤ ਕੇਂਦਰਾਂ ‘ਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੀਆਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਜਿਵੇਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀਜ਼), ਸਬ-ਡਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲਾਂ ਦੀ ਮਜ਼ਬੂਤੀ ਲਈ ਇਕ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਇਥੇ ਸਿਹਤ ਸੰਭਾਲ ਸੈਕਟਰ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਵੱਡਾ ਹੁਲਾਰਾ ਦਿਤਾ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਰੋਜ਼ਾਨਾ ਲੱਖਾਂ ਲੋਕ ਮੁਫ਼ਤ ਜਾਂਚ, ਇਲਾਜ ਅਤੇ ਕਲੀਨਿਕਲ ਟੈਸਟਾਂ ਦੇ ਰੂਪ ਵਿਚ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਕਦਮ ਹੋਰ ਅੱਗੇ ਵਧਦਿਆਂ ਹੁਣ ਸੂਬੇ ਭਰ ਵਿਚ ਸਰਕਾਰੀ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਪਣੀਆਂ ਜੇਬਾਂ ਵਿਚੋਂ ਮੋਟਾ ਪੈਸਾ ਅਦਾ ਕੀਤੇ ਬਿਨਾਂ ਆਮ ਲੋਕਾਂ ਨੂੰ ਵੀ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਅਤਿ-ਆਧੁਨਿਕ ਸਿਹਤ ਸੰਭਾਲ ਸੰਸਥਾਵਾਂ ਵਜੋਂ ਵਿਕਸਤ ਕੀਤਾ ਜਾਵੇਗਾ ਜਿੱਥੇ ਲੋਕਾਂ ਨੂੰ ਮਿਆਰੀ ਇਲਾਜ ਮਿਲੇਗਾ।
ਇਹ ਵੀ ਪੜ੍ਹੋ: ਵਿਜੀਲੈਂਸ ਦਫ਼ਤਰ 'ਚ ਪੇਸ਼ ਨਹੀਂ ਹੋਏ ਬਰਜਿੰਦਰ ਸਿੰਘ ਹਮਦਰਦ, ਵਕੀਲ ਰਾਹੀਂ ਭੇਜੇ ਸਵਾਲਾਂ ਦੇ ਜਵਾਬ
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਦੇ ਆਧੁਨਿਕੀਕਰਨ ਦਾ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਗਿਆ ਹੈ ਤਾਂ ਜੋ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਾਰੇ ਕੰਮ 'ਤੇ 400 ਕਰੋੜ ਰੁਪਏ ਤੋਂ ਵੱਧ ਖਰਚ ਆਵੇਗਾ, ਜਿਸ ਲਈ ਲੋੜੀਂਦੀ ਵਿਵਸਥਾ ਕਰ ਲਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਅਧੀਨ ਵੱਡੇ ਦਿਹਾਤੀ ਖੇਤਰਾਂ ਵਿਚ ਸੈਕੰਡਰੀ ਸਿਹਤ ਸਹੂਲਤਾਂ ਜਿਵੇਂ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ ਅਤੇ ਸੀ.ਐਚ.ਸੀ. ਨੂੰ ਪਹਿਲ ਦੇ ਆਧਾਰ 'ਤੇ ਅਪਗ੍ਰੇਡ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ 23 ਜ਼ਿਲ੍ਹਾ ਹਸਪਤਾਲਾਂ ਸਮੇਤ ਅਜਿਹੀਆਂ 40 ਸਹੂਲਤਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਨੂੰ ਪਹਿਲੇ ਪੜਾਅ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨੂੰ ਮਜ਼ਬੂਤ/ਅੱਪਗ੍ਰੇਡ ਕਰਨ ਲਈ ਵਿੱਤ ਵਿਭਾਗ ਵੱਲੋ ਬਜਟ ਸਬੰਧੀ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਵਡੇਰੇ ਲੋਕ ਹਿੱਤ ਵਿਚ ਇਸ ਕੰਮ ਨੂੰ ਤਰਜੀਹ ਦੇਣ ਦੇ ਨਾਲ ਨਾਲ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।