
ਡਾ. ਰਵਜੋਤ ਨੇ ਕਿਹਾ ਕਿ ਕੁਰਸੀ ਦੀ ਲੜਾਈ ਪਿੱਛੇ ਕੋਰੋਨਾ ਦਾ ਕਹਿਰ ਭੁੱਲ ਗਈ ਹੈ ਕਾਂਗਰਸ ਸਰਕਾਰ।
ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਸੂਬੇ ’ਚ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਟੀਕਾਕਰਨ ਮੁਹਿੰਮ ਫ਼ੇਲ੍ਹ (Vaccinatio Campaign Fail) ਹੋਣ ਦੀ ਸਖ਼ਤ ਨਿੰਦਾ ਕਰਦਿਆਂ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਘੋਰ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹੈ। ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ (Meet Hayer) ਅਤੇ ਪਾਰਟੀ ਦੇ ਡਾਕਟਰੀ ਵਿੰਗ ਦੇ ਸੂਬਾ ਪ੍ਰਧਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜ਼ਰੂਰੀ ਵੈਕਸੀਨ ਉਪਲਬਧ ਕਰਾਉਣ ’ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ, ਜਿਸ ਕਰਕੇ ਪੰਜਾਬ ’ਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ।
Meet Hayer
ਉਨ੍ਹਾਂ ਦੋਸ਼ ਲਾਇਆ ਕਿ ਚੰਗੀਆਂ ਸਿਹਤ ਸਹੂਲਤਾਂ ਦੇਣਾ ਤਾਂ ਦੂਰ ਕਾਂਗਰਸ ਸਰਕਾਰ (Punjab Government) ਸੂਬੇ ਦੇ ਲੋਕਾਂ ਨੂੰ ਕੇਵਲ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਟੀਕਾ ਲਾਉਣ ਵਿਚ ਵੀ ਅਸਫਲ ਰਹੀ ਹੈ। ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਮੀਤ ਹੇਅਰ ਅਤੇ ਡਾ. ਰਵਜੋਤ ਨੇ ਦੋਸ਼ ਲਾਇਆ ਕਿ ਸਿਹਤ ਮੰਤਰੀ ਤਾਂ ਘੋਟਾਲੇ ਕਰਨ ਅਤੇ ਜ਼ਮੀਨਾਂ ’ਤੇ ਕਬਜ਼ੇ ਕਰਨ ਲੱਗੇ ਹੋਏ ਹਨ, ਉਨ੍ਹਾਂ ਨੂੰ ਆਮ ਲੋਕਾਂ ਅਤੇ ਸਿਹਤ ਵਿਭਾਗ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਵੱਡੇ ਬੈਨਰ ਲਗਾ ਕੇ ਟੀਵੀ ਅਤੇ ਰੇਡੀਓ ਰਾਹੀਂ ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰ ਰਹੀ ਹੈ, ਪਰ ਦੂਜੇ ਪਾਸੇ ਪੰਜਾਬ ਦੇ ਲੋਕ ਟੀਕਾ ਲਾਉਣ ਲਈ ਪ੍ਰੇਸ਼ਾਨ ਹੋ ਰਹੇ ਸਨ ।
ਇਹ ਵੀ ਪੜ੍ਹੋ: ਪੰਛੀਆਂ ਦੇ ਖੰਭਾਂ ’ਤੇ ਪੇਂਟਿੰਗ ਬਣਾਉਂਦੀ ਹੈ 24 ਸਾਲ ਦੀ ਆਫ਼ਰੀਨ, ਵਿਦੇਸ਼ਾਂ ਤੱਕ ਨੇ ਹੁਨਰ ਦੇ ਚਰਚੇ
‘ਆਪ’ ਆਗੂਆਂ ਨੇ ਕਿਹਾ ਕਿ ਪ੍ਰਾਪਤ ਅੰਕੜਿਆਂ ਅਨੁਸਾਰ ਪੰਜਾਬ ’ਚ ਕੇਵਲ 25 ਲੱਖ 8 ਹਜ਼ਾਰ 843 ਵਿਅਕਤੀਆਂ ਨੂੰ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਮਿਲੀਆਂ ਹਨ, ਜੋ ਸੂਬੇ ਦੀ ਕੁੱਲ ਆਬਾਦੀ ਦਾ ਬਾਰ੍ਹਵਾਂ ਹਿੱਸਾ ਬਣਦਾ ਹੈ। ਜਦੋਂ ਕਿ ਪਹਿਲੀ ਖ਼ੁਰਾਕ ਲੈਣ ਵਾਲਿਆਂ ਦੀ ਗਿਣਤੀ 85 ਲੱਖ 86 ਹਜ਼ਾਰ 411 ਸੀ, ਜੋ ਕੁੱਲ ਆਬਾਦੀ ਦੇ ਇੱਕ ਤਿਹਾਈ ਤੋਂ ਵੀ ਘੱਟ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਦੀ ਇਸ ਸਥਿਤੀ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜ਼ਰੂਰੀ ਪ੍ਰਬੰਧ ਕਰਨ ਵਿਚ ਨਾਕਾਮ ਹੋਈ ਹੈ।
Coronavirus Vaccination
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਸ਼ਤਿਹਾਰਾਂ ਅਤੇ 'ਮਿਸ਼ਨ ਫਤਿਹ' 'ਤੇ ਸਰਕਾਰੀ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਬਰਬਾਦ ਕੀਤੇ ਹਨ, ਜਦੋਂ ਕਿ ਸਰਕਾਰ ਕੋਰੋਨਾ ਵਾਇਰਸ ਵਿਰੁੱਧ ਲੜਾਈ ਅਤੇ ਟੀਕਾਕਰਨ ਮੁਹਿੰਮ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ 'ਤੇ ਰਾਜ ਅਤੇ ਕੇਂਦਰ ਸਰਕਾਰ ਦੀ ਅਯੋਗਤਾ ਹੈ, ਜਿਸ ਕਰਕੇ ਪੰਜਾਬ ਦੇ ਲੋਕ ਪਰੇਸ਼ਾਨ ਹੋ ਰਹੇ ਹਨ।
ਇਹ ਵੀ ਪੜ੍ਹੋ: ਨੋਇਡਾ: ਸ਼ਾਰਟ ਸਰਕਟ ਕਾਰਨ ਘਰ ‘ਚ ਲੱਗੀ ਅੱਗ, 2 ਮਾਸੂਮ ਭੈਣਾਂ ਦੀ ਹੋਈ ਦਰਦਨਾਕ ਮੌਤ, ਕਈ ਝੁਲਸੇ
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਸਰਕਾਰ ਟੀਕਾਕਰਨ ਲਈ ਪ੍ਰਚਾਰ ਜ਼ੋਰ ਸ਼ੋਰ ਨਾਲ ਕਰ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਖ -ਵੱਖ ਥਾਵਾਂ 'ਤੇ ਟੀਕਿਆਂ ਨੂੰ ਲੈ ਕੇ ਹਮਲੇ ਅਤੇ ਲੜਾਈਆਂ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟੀਕਾਕਰਨ ਲਈ ਵੱਖ -ਵੱਖ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ 'ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਉਨ੍ਹਾਂ ਲਈ ਕੋਵਿਡ ਦੇ ਜੋਖ਼ਮ ਨੂੰ ਹੋਰ ਵਧਾ ਰਹੀਆਂ ਹਨ ਅਤੇ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।
Captain Amarinder Singh
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਟਿੱਪਣੀ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਸਰਕਾਰ ਵੈਕਸੀਨ ਦੀ ਘਾਟ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। 'ਆਪ' ਨੇਤਾ ਨੇ ਕਿਹਾ ਕਿ ਆਪਸੀ ਲੜਾਈ ਦੇ ਚੱਲਦਿਆਂ ਕਾਂਗਰਸ ਸਰਕਾਰ ਨੇ ਪੰਜਾਬ ਦੇ ਸਾਰੇ ਅਹਿਮ ਮੁੱਦਿਆਂ ਨੂੰ ਭੁੱਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਜਿੰਨੇ ਗੇੜੇ ਦਿੱਲੀ ਕਾਂਗਰਸ ਦਰਬਾਰ ’ਚ ਕੁਰਸੀ ਬਚਾਉਣ ਲਈ ਲਾਏ ਹਨ, ਜੇ ਐਨੇ ਗੇੜੇ ਵੈਕਸੀਨ ਲਈ ਲਾਏ ਹੁੰਦੇ ਤਾਂ ਪੰਜਾਬ ਵਿਚ ਟੀਕਾਕਰਨ ਮੁਹਿੰਮ ਫ਼ੇਲ੍ਹ ਨਾ ਹੁੰਦੀ।