
Malerkotla News : ਬੀਤੀ 19 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ ਮੌਤ
Malerkotla News : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੇ ਦਿਨ ਮਲੇਰਕੋਟਲਾ ਨੇੜਲੇ ਪਿੰਡ ਮਹੌਲੀ ਖੁਰਦ ਦੇ 38 ਸਾਲਾ ਮੁਹੰਮਦ ਰਫ਼ੀਕ ਪੁੱਤਰ ਮੁਹੰਮਦ ਸਤਾਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮੁਹੰਮਦ ਰਫ਼ੀਕ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਵੱਖ-ਵੱਖ ਖਾੜੀ ਮੁਲਕਾਂ 'ਚ ਕੰਮ ਕਰਨ ਉਪਰੰਤ ਕਰੀਬ ਡੇਢ ਸਾਲ ਪਹਿਲਾਂ ਬਤੌਰ ਲੱਕੜ ਦਾ ਕਾਰੀਗਰ ਦੁਬਈ ਆਇਆ ਸੀ। ਜਿਸ ਦੀ ਬੀਤੀ 19 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ। ਜਿਸ ਉਪਰੰਤ ਉਨ੍ਹਾਂ ਦੀ ਮਲੇਰਕੋਟਲਾ ਨਾਲ ਸੰਬੰਧਿਤ ਟੀਮ ਨੇ ਪੀੜਤ ਪਰਿਵਾਰ ਨੂੰ ਲੱਭ ਕੇ ਉਨ੍ਹਾਂ ਨੂੰ ਉਹਨਾਂ ਨਾਲ ਵਾਪਰੇ ਇਸ ਦੁਖਾਂਤ ਬਾਰੇ ਜਾਣਕਾਰੀ ਦਿੱਤੀ ਸੀ। ਡਾ. ਉਬਰਾਏ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ।
ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਚਾਚੇ ਬਾਰੂ ਮੁਹੰਮਦ ਤੇ ਨਜ਼ਦੀਕੀ ਰਿਸ਼ਤੇਦਾਰ ਐਡਵੋਕੇਟ ਮੁਹੰਮਦ ਜਾਵੇਦ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਮੁਹੰਮਦ ਰਫ਼ੀਕ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੁਬਈ ਗਿਆ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਉਹ ਆਪਣੇ ਕੰਮ ਨੂੰ ਲੈ ਕੇ ਪ੍ਰੇਸ਼ਾਨ ਸੀ, ਜਿਸ ਦੇ ਚਲਦਿਆਂ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਉਹਨਾਂ ਦੱਸਿਆ ਕਿ ਉਹਨਾਂ ਨੂੰ ਮੁਹੰਮਦ ਰਫ਼ੀਕ ਦੀ ਮੌਤ ਦਾ ਪਤਾ ਵੀ ਸਰਬੱਤ ਦਾ ਭਲਾ ਟਰੱਸਟ ਰਾਹੀਂ ਹੀ ਲੱਗਾ ਸੀ। ਰਫ਼ੀਕ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਉਸਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
(For more news apart from Due to the efforts of Dr. Oberoi, dead body of Muhammad Rafiq of Malerkotla reached India News in Punjabi, stay tuned to Rozana Spokesman)