
ਅਦਾਲਤ ਵੱਲੋਂ ਗੁਰਵਿੰਦਰ ਸਿੰਘ ਨੂੰ ਸਿਹਤ ਸਹੂਲਤਾਂ ਦੇਣ ਉਪਰੰਤ ਪੁਲਿਸ ਨਿਗਰਾਨੀ ਹੇਠ ਰੱਖਣ ਦਾ ਦਿੱਤਾ ਆਦੇਸ਼
Baba Gurwinder Singh arrested : ਚੰਡੀਗੜ੍ਹ ਦੇ ਸੈਕਟਰ- 32 ਸਥਿਤ ਸਰਕਾਰੀ ਹਸਪਤਾਲ ਦੇ ਬਾਹਰੋਂ ਗ੍ਰਿਫਤਾਰ ਕੀਤੇ ਗਏ ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ ਵਾਲੇ (Baba Gurwinder Singh) ਨੂੰ ਫਤਿਹਗੜ੍ਹ ਸਾਹਿਬ ਪੁਲਿਸ ਨੇ ਸ਼ੁੱਕਰਵਾਰ ਨੂੰ ਮਾਨਯੋਗ ਅਦਾਲਤ ਫਤਿਹਗੜ੍ਹ ਸਾਹਿਬ ਵਿਖੇ ਪੇਸ਼ ਕੀਤਾ। ਜਿਸ ਤੋਂ ਪਹਿਲਾਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਉਸ ਦਾ ਮੈਡੀਕਲ ਕਰਵਾਇਆ ਗਿਆ।
ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਗੁਰਵਿੰਦਰ ਸਿੰਘ ਨੇ ਆਪਣੇ ਉੱਤੇ ਸਹੁਰੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਅਦਾਲਤ ਵਿੱਚ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲੇ ਦਾ 5 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ। ਜਦੋਂ ਕਿ ਦੂਜੇ ਪਾਸੇ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲੇ ਦੇ ਵਕੀਲ ਘੁੰਮਨ ਬਰਦਰਸ ਨੇ ਮਾਨਯੋਗ ਅਦਾਲਤ ਵਿੱਚ ਮਨੁੱਖੀ ਅਧਿਕਾਰਾਂ ਦਾ ਹਵਾਲਾ ਦਿੰਦਿਆਂ ਗੁਰਵਿੰਦਰ ਸਿੰਘ ਲਈ ਮੌਜੂਦਾ ਸਥਿਤੀ ਦੌਰਾਨ ਢੁਕਵੇ ਇਲਾਜ ਦੀ ਮੰਗ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਜੀ.ਐਸ. ਘੁੰਮਣ ਨੇ ਦੱਸਿਆ ਕਿ ਆਪਣੇ ਸਹੁਰੇ ਪਰਿਵਾਰ ਨਾਲ ਹੋਏ ਝਗੜੇ ਦੌਰਾਨ ਗੁਰਵਿੰਦਰ ਸਿੰਘ ਨੂੰ ਗੰਭੀਰ ਸੱਟਾਂ ਵੱਜੀਆਂ ਸਨ ,ਜਿਸ ਨੂੰ ਦੇਖਦੇ ਹੋਏ ਸਿਵਿਲ ਹਸਪਤਾਲ ਫਤਿਹਗੜ੍ਹ ਸਾਹਿਬ ਵੱਲੋਂ ਗੁਰਵਿੰਦਰ ਸਿੰਘ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ।
ਉਨਾਂ ਪੁਲਿਸ ਉੱਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਨੂੰ ਇਲਾਜ ਦੌਰਾਨ ਹੀ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਜਦੋਂ ਕਿ ਇਨਸਾਨੀਅਤ ਤੌਰ 'ਤੇ ਅਤੇ ਮਨੁੱਖੀ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਵਿੰਦਰ ਸਿੰਘ ਨੂੰ ਇਲਾਜ ਮੁਹਈਆ ਕਰਵਾਉਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਮਾਨਯੋਗ ਅਦਾਲਤ ਉੱਤੇ ਉਨਾਂ ਨੂੰ ਪੂਰਾ ਭਰੋਸਾ ਸੀ ਤੇ ਮਾਨਯੋਗ ਅਦਾਲਤ ਨੇ ਹੁਣ ਗੁਰਵਿੰਦਰ ਸਿੰਘ ਦਾ ਰਿਮਾਂਡ ਦੇਣ ਦੀ ਬਜਾਏ ਪੁਲਿਸ ਨੂੰ ਪਹਿਲ ਦੇ ਅਧਾਰ 'ਤੇ ਸਿਹਤ ਸਹੂਲਤਾਂ ਦੇਣ ਦਾ ਆਦੇਸ਼ ਦਿੱਤਾ ਹੈ।
ਇਸ ਮੌਕੇ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀ ਇਕੱਤਰ ਕਰਨ ਲਈ ਗੁਰਵਿੰਦਰ ਸਿੰਘ ਦਾ ਰਿਮਾਂਡ ਮੰਗਿਆ ਗਿਆ ਸੀ। ਜਿਸ ਤੇ ਮਾਨਯੋਗ ਅਦਾਲਤ ਵੱਲੋਂ ਫੈਸਲਾ ਲੈਂਦਿਆਂ ਗੁਰਵਿੰਦਰ ਸਿੰਘ ਨੂੰ ਸਿਹਤ ਸਹੂਲਤਾਂ ਦੇਣ ਉਪਰੰਤ ਪੁਲਿਸ ਨਿਗਰਾਨੀ ਹੇਠ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਫਤਿਹਗੜ੍ਹ ਸਾਹਿਬ ਪੁਲਿਸ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਖੇੜੀ ਜੱਟਾਂ ਦੇ ਰਹਿਣ ਵਾਲੇ ਬਾਬਾ ਗੁਰਵਿੰਦਰ ਸਿੰਘ (Baba Gurwinder Singh) ਨੂੰ ਚੰਡੀਗੜ੍ਹ ਦੇ ਸੈਕਟਰ- 32 ਸਥਿਤ ਸਰਕਾਰੀ ਹਸਪਤਾਲ ਦੇ ਬਾਹਰੋਂ ਗ੍ਰਿਫਤਾਰ ਕੀਤਾ ਸੀ।