
ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲੇ ’ਚ ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ, 15 ਸਤੰਬਰ (ਸ.ਸ.ਸ.): ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ।
ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਅਦਾਲਤ ਨੇ ਗੁਰਦਾਸ ਮਾਨ ਨੂੰ ਵੱਡੀ ਰਾਹਤ ਦਿਤੀ ਹੈ। ਕੋਰਟ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੰਦੇ ਹੋਏ ਇਕ ਹਫ਼ਤੇ ’ਚ ਜਾਂਚ ਵਿਚ ਸ਼ਾਮਲ ਹੋਣ ਦਾ ਆਦੇਸ਼ ਦਿਤਾ ਹੈ। ਦਰਅਸਲ ਗੁਰਦਾਸ ਮਾਨ ਦੇ ਵਕੀਲਾਂ ਨੇ ਸੋਮਵਾਰ ਨੂੰ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਸੀ। ਇਸ ਤੋਂ ਪਹਿਲਾਂ ਜਲੰਧਰ ਸੈਸ਼ਨ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖ਼ਾਰਜ ਕਰ ਦਿਤੀ ਸੀ ਜਿਸ ਤੋਂ ਬਾਅਦ ਗੁਰਦਾਸ ਮਾਨ ਉਤੇ ਗਿ੍ਰਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਦਸਣਯੋਗ ਹੈ ਕਿ ਗੁਰਦਾਸ ਮਾਨ ਵਿਰੁਧ ਥਾਣਾ ਨਕੋਦਰ ਵਿਚ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੈ। ਉਨ੍ਹਾਂ ਨੇ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਵਿਚ ਮੇਲੇ ਦੌਰਾਨ ਲਾਡੀ ਸ਼ਾਹ ਨੂੰ ਤੀਜੇ ਗੁਰੂ ਅਮਰਦਾਸ ਜੀ ਦਾ ਅੰਸ਼-ਵੰਸ਼ ਦਸਿਆ ਸੀ। ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਉਨ੍ਹਾਂ ਵਿਰੁਧ ਆਈਪੀਸੀ ਦੀ ਧਾਰਾ 295ਏ ਦੇ ਤਹਿਤ ਕੇਸ ਦਰਜ ਕਰਵਾਇਆ ਸੀ। ਇਸ ਦੇ ਚਲਦਿਆਂ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉਤੇ ਵੀਡੀਉ ਸਾਂਝੀ ਕਰਦਿਆਂ ਮਾਫ਼ੀ ਵੀ ਮੰਗੀ ਸੀ ਪਰ ਸਿੱਖਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।