ਕਿਸਾਨਾਂ ਨਾਲ ਮੁਲਾਕਾਤ ਕਰ ਕੇ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ
ਸ੍ਰੀ ਮੁਕਤਸਰ ਸਾਹਿਬ: ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਆਏ ਤੇਜ਼ ਹਨੇਰੀ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੀ ਆਗੂ ਅੰਮ੍ਰਿਤਾ ਵੜਿੰਗ ਨੇ ਪਿੰਡ ਖੋਖਰ ਪਹੁੰਚ ਕੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ।
ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਤੇਜ਼ ਹਨੇਰੀ ਅਤੇ ਝੱਖੜ ਕਾਰਨ ਹਜ਼ਾਰਾਂ ਏਕੜ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਇੱਕ ਕਿਸਾਨ ਵੱਲੋਂ ਬਣਾਏ ਜਾ ਰਹੇ ਸ਼ੈੱਡ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਕਿਸਾਨ ਅਨੁਸਾਰ ਸ਼ੈੱਡ ਦੇ ਨੁਕਸਾਨ ਦੀ ਕੀਮਤ ਲਗਭਗ 30 ਲੱਖ ਰੁਪਏ ਹੈ।
ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਪਿੰਡਾਂ ਵਿੱਚ ਫ਼ਸਲਾਂ ਅਤੇ ਹੋਰ ਸੰਪਤੀ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ਅਤੇ ਫ਼ਸਲਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਅਜਿਹੇ ਸਮੇਂ ਵਿੱਚ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਉਥੇ ਹੀ ਅੰਮ੍ਰਿਤਾ ਵੜਿੰਗ ਦਾ ਕਹਿਣਾ ਪੰਜਾਬ ਦੇ ਵਿੱਚ ਲੋਈਨ ਆਰਡਰ ਦੀ ਸਥਤੀ ਕਾਫੀ ਖਰਾਬ ਹੈ।
