
ਮੁੱਖ ਮੰਤਰੀ ਵਲੋਂ ਆਦਮਪੁਰ ਵਿਖੇ ਕਰੋੜਾਂ ਦੇ ਵਿਕਾਸ
ਆਦਮਪੁਰ, 15 ਨਵੰਬਰ (ਕਰਮਵੀਰ ਸਿੰਘ, ਨਿਰਮਲ ਸਿੰਘ, ਵਰਿਦਰ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖੇਤਰ ਦੇ ਵਿਕਾਸ ਨੂੰ ਨਵੇਂ ਪੱਧਰ ’ਤੇ ਲਿਜਾਣ ਲਈ ਸਥਾਨਕ ਹਵਾਈ ਅੱਡੇ ਤਕ ਜਾਂਦੀ ਸੜਕ ਨੂੰ ਚਾਰ ਮਾਰਗੀ ਕਰਨ ਅਤੇ ਬਿਸਤ ਦੁਆਬ ਨਹਿਰ ਦੇ ਕਿਨਾਰਿਆਂ ਨੂੰ ਪੱਕਾ ਕਰਨ ਸਮੇਤ ਸੱਤ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰਖਿਆ। 157.96 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਪ੍ਰਾਜੈਕਟਾਂ ਵਿਚ ਕਿ੍ਰਕਟ ਸਟੇਡੀਅਮ ਦਾ ਨੀਂਹ ਪੱਥਰ, ਬੱਸ ਅੱਡੇ ਦਾ ਨਵੀਨੀਕਰਨ, ਸਿਟੀ ਸੈਂਟਰ ਦਾ ਵਿਕਾਸ ਅਤੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਤੋਂ ਇਲਾਵਾ ਪਿੰਡ ਦਮੁੰਡਾ ਵਿਖੇ ਸਾਰਾਗੜ੍ਹੀ ਸਟੇਡੀਅਮ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਐਲਾਨ ਕੀਤਾ ਕਿ ਹਵਾਈ ਅੱਡੇ ਤਕ ਜਾਣ ਵਾਲੀ ਸੜਕ ਨੂੰ ਜਲੰਧਰ-ਹੁਸ਼ਿਆਰਪੁਰ ਕੌਮੀ ਮਾਰਗ ਦੇ ਬਿਸਤ ਦੁਆਬ ਨਹਿਰ ਦੇ ਨਾਲ ਪੈਂਦੇ 5.55 ਕਿਲੋਮੀਟਰ ਹਿੱਸੇ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹਵਾਈ ਅੱਡੇ ਨੂੰ ਜਾਣ ਵਾਲੀ ਇਸ ਸੜਕ ਨੂੰ 41.40 ਕਰੋੜ ਰੁਪਏ ਦੀ ਲਾਗਤ ਨਾਲ ਚਹੁੰ ਮਾਰਗੀ ਬਣਾਇਆ ਜਾਵੇਗਾ ਅਤੇ ਇਹ ਕਾਰਜ ਇਕ ਸਾਲ ਵਿਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਹਵਾਈ ਅੱਡੇ ਵਲ ਜਾਣ ਵਾਲੇ ਯਾਤਰੀਆਂ ਲਈ ਆਸਾਨ ਪਹੁੰਚ ਨੂੰ ਯਕੀਨੀ ਬਣਾਏਗਾ ਅਤੇ ਜਿਸ ਨਾਲ ਉਨ੍ਹਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ।
ਨਗਰ ਨਿਗਮ ਜਲੰਧਰ ਨੂੰ ਸਾਲ 2036 ਤਕ 113 ਕਿਊਸਿਕ ਅਤੇ 2051 ਤਕ 150 ਕਿਊਸਿਕ ਰੋਜਾਨਾ ਸਮਰੱਥਾ ਵਾਲਾ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਚੰਨੀ ਨੇ ਦਸਿਆ ਕਿ ਇਹ ਪ੍ਰਾਜੈਕਟ 81.95 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਵੱਕਾਰੀ ਪ੍ਰਾਜੈਕਟ ਤਹਿਤ, ਬਿਸਤ-ਦੁਆਬ ਨਹਿਰ ਦੀ ਜਲੰਧਰ ਬ੍ਰਾਂਚ ਦੀ ਬੁਰਜੀ ਨੰਬਰ 90,000 ਤੋਂ ਬੁਰਜੀ ਨੰਬਰ 2,26,000 ਤਕ ਕੰਕਰੀਟ ਲਾਈਨਿੰਗ ਨਾਲ ਪੂਰੀ ਤਰ੍ਹਾਂ ਮੁਰੰਮਤ ਕੀਤੀ ਜਾਵੇਗੀ ਕਿਉਂਕਿ 66 ਸਾਲ ਪੁਰਾਣਾ ਇਹ ਹਿੱਸਾ ਖਸਤਾ ਹਾਲਤ ਵਿਚ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਕੰਕਰੀਟ ਲਾਈਨਿੰਗ ਦਾ ਕੰਮ ਸ਼ੁਰੂ ਕਰ ਦਿਤਾ ਗਿਆ ਹੈ, ਜਿਸ ਨੂੰ ਜਨਵਰੀ ਦੇ ਅੱਧ ਤਕ ਪੂਰਾ ਕਰ ਲਿਆ ਜਾਵੇਗਾ।
ਇਸ ਖੇਤਰ ਦੇ ਲੋਕਾਂ ਦੀ ਇਕ ਹੋਰ ਵੱਡੀ ਮੰਗ ਨੂੰ ਪੂਰਾ ਕਰਦਿਆਂ ਹੋਏ ਮੁੱਖ ਮੰਤਰੀ ਚੰਨੀ ਨੇ 10.44 ਕਰੋੜ ਰੁਪਏ ਦੀ ਲਾਗਤ ਨਾਲ 17 ਕਿਲੋਮੀਟਰ ਲੰਬੀ ਸੀਵਰੇਜ ਲਾਈਨ ਦਾ ਨੀਂਹ ਪੱਥਰ ਵੀ ਰਖਿਆ, ਜਿਸ ਨਾਲ ਕਰੀਬ 4000 ਪਰਵਾਰਾਂ ਨੂੰ ਕੁਨੈਕਸ਼ਨਾਂ ਸਮੇਤ ਬੁਨਿਆਦੀ ਸਹੂਲਤਾਂ ਵੀ ਮਿਲਣਗੀਆਂ। ਇਹ ਪ੍ਰਾਜੈਕਟ ਅਗੱਸਤ 2022 ਤਕ ਪੂਰਾ ਹੋ ਜਾਵੇਗਾ ਕਿਉਂਕਿ ਕੰਮ ਕੱੁਝ ਦਿਨਾਂ ਵਿਚ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਟੀ ਸੈਂਟਰ ਪ੍ਰਾਜੈਕਟ 36 ਕਨਾਲਾਂ ਵਿੱਚ 20.85 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਜਾਵੇਗਾ। ਸਿਟੀ ਸੈਂਟਰ ਵਿਚ ਅੰਬੇਡਕਰ ਭਵਨ ਤੋਂ ਇਲਾਵਾ 400 ਦੁਕਾਨਾਂ, 100 ਬੂਥ, ਜ਼ਮੀਨਦੋਜ ਪਾਰਕਿੰਗ, ਲਿਫ਼ਟ ਦੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਕਿੰਗ ਲਈ ਕਾਫ਼ੀ ਥਾਂ ਹੋਣ ਨਾਲ, ਇਹ ਪ੍ਰਾਜੈਕਟ ਨਿਸ਼ਚਿਤ ਤੌਰ ’ਤੇ ਸ਼ਹਿਰ ਦੇ ਖੇਤਰ ਵਿਚ ਆਵਾਜਾਈ ਦੀ ਸਮੱਸਿਆ ਦਾ ਹੱਲ ਕਰੇਗਾ।
5000 ਸੀਟਾਂ ਦੀ ਸਮਰੱਥਾ ਵਾਲੇ ਕਿ੍ਰਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸਾਹਿਤ ਕਰੇਗਾ। ਇਹ ਪ੍ਰਾਜੈਕਟ ਦੁਸਹਿਰਾ ਗਰਾਊਂਡ ਨੇੜੇ 2.02 ਕਰੋੜ ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸੰਤ ਬਾਬਾ ਭਾਗ ਸਿੰਘ, ਸ੍ਰੀ ਜੱਬਰ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਲੰਗਰ ਵੀ ਛਕਿਆ। ਮੁੱਖ ਮੰਤਰੀ ਨੇ ਕਨਾਲ ਰੈਸਟ ਹਾਊਸ ਵਿਚ ਇਕ ਬੂਟਾ ਵੀ ਲਾਇਆ।
ਇਸ ਮੌਕੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ, ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਸਾਬਕਾ ਮੰਤਰੀ ਵਿਧਾਇਕ ਰਜਿੰਦਰ ਬੇਰੀ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ, ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਦਰਸਨ ਸਿੰਘ ਕੜਵਲ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਕਮਲ ਕਿਸੋਰ ਯਾਦਵ ਵੀ ਮੌਜੂਦ ਸਨ।