
ਸ਼੍ਰੋਮਣੀ ਕਮੇਟੀ ਨੇ ਕਦੇ ਵੀ ਜਬਰ-ਜ਼ੁਲਮ ਅੱਗੇ ਆਤਮ ਸਮਰਪਣ ਨਹੀਂ ਕੀਤਾ : ਜਥੇਦਾਰ
ਸਿੱਖ ਸੰਸਥਾਵਾਂ ਦੇ ਆਗੂ ਹਮੇਸ਼ਾ ਬਦਲਦੇ ਰਹਿੰਦੇ ਹਨ, ਪਰ ਸੰਸਥਾਵਾਂ ਸਿਰਮੌਰ ਹਨ ਅਤੇ ਰਹਿਣਗੀਆਂ : ਸੁਖਬੀਰ ਬਾਦਲ
ਅੰਮ੍ਰਿਤਸਰ, 15 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪੰਥਕ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਸਾਂਝਾ ਕੀਤਾ ਅਤੇ ਸੰਸਥਾ ਵਲੋਂ ਪਾਏ ਪੰਥਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਪੰਥਕ ਇਕਜੁਟਤਾ ਦੀ ਲੋੜ ’ਤੇ ਜ਼ੋਰ ਦਿਤਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ ਅਤੇ ਇਸ ਨੇ 100 ਸਾਲਾ ਸਫ਼ਰ ਦੌਰਾਨ ਜਿਥੇ ਕਈ ਉਤਰਾ-ਚੜ੍ਹਾਅ ਦੇਖੇ, ਉਥੇ ਹੀ ਵੱਡੇ ਕਾਰਜਾਂ ਨੂੰ ਵੀ ਅੰਜਾਮ ਦਿਤਾ। ਸਰਕਾਰੀ ਜਬਰ ਅਤੇ ਜ਼ੁਲਮ ਦਾ ਮੁਕਾਬਲਾ ਕਰਦਿਆਂ ਇਸ ਸੰਸਥਾ ਦੇ ਸੈਂਕੜੇ ਮੈਂਬਰ ਅਤੇ ਮੁਲਾਜ਼ਮ ਸ਼ਹੀਦ ਹੋਏ ਅਤੇ ਭਰਵੀਂ ਗਿਣਤੀ ਨੇ ਜੇਲਾਂ ਕੱਟੀਆਂ। ਸਿੱਖ ਸੰਸਥਾ ਨੇ ਕਦੀ ਵੀ ਜਬਰ-ਜ਼ੁਲਮ ਅੱਗੇ ਆਤਮ ਸਮਰਪਣ ਨਹੀਂ ਕੀਤਾ, ਸਗੋਂ ਪੰਥ ਦੀ ਚੜ੍ਹਦੀ ਕਲਾ ਲਈ ਹਰ ਜ਼ੁਲਮ ਨੂੰ ਸਹਾਰਦਿਆਂ ਹੋਰ ਅੱਗੇ ਵਧਣ ਦਾ ਜਿਗਰਾ ਬਣਾਈ ਰਖਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੌਮ ਵਲੋਂ ਕੁਰਬਾਨੀਆਂ ਦੇ ਕੇ ਸਥਾਪਤ ਕੀਤੀ ਗਈ ਸੰਸਥਾ ਸ਼੍ਰੋਮਣੀ ਕਮੇਟੀ ਵਰਗੀ ਧਾਰਮਕ ਸੰਸਥਾ ਪੂਰੀ ਦੁਨੀਆਂ ਵਿਚ ਹੋਰ ਕੋਈ ਨਹੀਂ ਹੈ। ਉਹ ਇਕੋ-ਇਕ ਲੋਕਤੰਤਰੀ ਸੰਸਥਾ ਹੈ, ਜੋ ਅਜ਼ਾਦ ਪਾਰਲੀਮੈਂਟ ਦੀ ਤਰ੍ਹਾਂ ਸਿੱਖ ਗੁਰਧਾਮਾਂ ਦਾ ਪ੍ਰਬੰਧ ਕਰਦੀ ਹੈ। ਸਿੱਖ ਸੰਸਥਾਵਾਂ ਦੇ ਆਗੂ ਹਮੇਸ਼ਾ ਬਦਲਦੇ ਰਹਿੰਦੇ ਹਨ, ਪਰ ਸੰਸਥਾਵਾਂ ਸਿਰਮੌਰ ਹਨ ਅਤੇ ਰਹਿਣਗੀਆਂ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਅਪਣੇ ਹੀ ਐਲਾਨ ਤੋਂ ਮੁੱਕਰ ਚੁਕੀ ਹੈ। ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੇ ਸੰਪੂਰਨਤਾ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਐਲਾਨ ਕਰਦੀ ਹੈ ਕਿ ਸਿੱਖ ਬੰਦੀਆਂ ਦੀ ਰਿਹਾਈ ਲਈ ਹਰ ਪੱਧਰ ’ਤੇ ਯਤਨ ਕੀਤੇ ਜਾਣਗੇ। ਪੰਥਕ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦਿਤੇ ਗਏ।