
ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ ’ਚ ਅਕਾਸ਼ਦੀਪ ਗਿੱਲ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ
ਮੁੰਬਈ/ਚੰਡੀਗੜ੍ਹ : ਮਹਾਰਾਸ਼ਟਰ ਪੁਲਿਸ ਨੇ ਐਨ.ਸੀ.ਪੀ. ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ ’ਚ ਅਕਾਸ਼ਦੀਪ ਗਿੱਲ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਪੁਲਿਸ ਦੇ ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।
ਐਨ.ਸੀ.ਪੀ. ਆਗੂ ਦੀ 12 ਅਕਤੂਬਰ ਨੂੰ ਬਾਂਦਰਾ ਪੂਰਬੀ ਦੇ ਨਿਰਮਲ ਨਗਰ ਇਲਾਕੇ ’ਚ ਅਪਣੇ ਵਿਧਾਇਕ ਦੇ ਬੇਟੇ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਅਧਿਕਾਰੀ ਨੇ ਦਸਿਆ ਕਿ ਫਾਜ਼ਿਲਕਾ ਦੇ ਰਹਿਣ ਵਾਲੇ ਆਕਾਸ਼ਦੀਪ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨਾਲ ਸਾਂਝੇ ਆਪਰੇਸ਼ਨ ਦੌਰਾਨ ਗ੍ਰਿਫਤਾਰ ਕੀਤਾ। ਅਧਿਕਾਰੀ ਨੇ ਕਿਹਾ, ‘‘ਉਸ ਨੇ ਗੋਲੀਬਾਰੀ ’ਚ ਮਦਦ ਕੀਤੀ। ਗਿੱਲ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਟ੍ਰਾਂਜ਼ਿਟ ਰਿਮਾਂਡ ’ਤੇ ਮੁੰਬਈ ਲਿਆਂਦਾ ਜਾ ਰਿਹਾ ਹੈ।’’
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦਸਿਆ ਕਿ ਦੋਸ਼ੀ ਗਿੱਲ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪੱਕਾ ਚਿਸ਼ਤੀ ਦਾ ਵਸਨੀਕ ਹੈ। ਯਾਦਵ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਦੋਸ਼ੀ ਲਾਰੈਂਸ ਬਿਸ਼ਨੋਈ ਗੈਂਗ ਫੈਸਿਲੀਟੇਟਰ ਸੀ ਅਤੇ ਬਾਬਾ ਸਿੱਦੀਕੀ ਦੀ ਹੱਤਿਆ ’ਚ ਸ਼ਾਮਲ ਸ਼ੂਟਰਾਂ ਦੀ ਮਦਦ ਕਰ ਰਿਹਾ ਸੀ।’’
ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਦੇ ਵਧੀਕ ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਸਥਾਨਕ ਪੁਲਿਸ ਬਾਬਾ ਸਿੱਦੀਕੀ ਕਤਲ ਕੇਸ ਦੇ ਸਬੰਧ ’ਚ ਮੁੰਬਈ ਪੁਲਿਸ ਨਾਲ ਮਿਲ ਕੇ ਕੰਮ ਕਰ ਰਹੀ ਹੈ। ਇਸ ਮਾਮਲੇ ’ਚ ਹੁਣ ਤਕ 24 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਨੇ ਹਾਲ ਹੀ ’ਚ ਕਥਿਤ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਨੂੰ ਇਸ ਮਾਮਲੇ ਦੇ ਸਬੰਧ ’ਚ ਉੱਤਰ ਪ੍ਰਦੇਸ਼ ਦੇ ਬਹਿਰਾਈਚ ਤੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਅਨੁਸਾਰ ਗੌਤਮ 12 ਅਕਤੂਬਰ ਤੋਂ ਫਰਾਰ ਸੀ ਅਤੇ ਨੇਪਾਲ ਭੱਜਣ ਦੀ ਕੋਸ਼ਿਸ਼ ਕਰਦਿਆਂ ਫੜਿਆ ਗਿਆ ਸੀ।