
ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦੇ ਪ੍ਰਸਤਾਵ ਦਾ ਕੀਤਾ ਸਖ਼ਤ ਵਿਰੋਧ
ਚੰਡੀਗੜ੍ਹ: ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ’ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਤਜਵੀਜ਼ ਪੰਜਾਬ ਦੀ ਰਾਜਧਾਨੀ ’ਤੇ ਕਬਜ਼ਾ ਕਰਨ ਦੇ ਬਰਾਬਰ ਹੈ ਅਤੇ ਚੰਡੀਗੜ੍ਹ ’ਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦੇ ਖ਼ਿਲਾਫ਼ ਹੈ।
ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੀ ਰਾਜਧਾਨੀ ਬਣਾਉਣ ਲਈ ਆਪਣੀ ਜ਼ਮੀਨ ਦੀ ਕੁਰਬਾਨੀ ਦਿੱਤੀ ਹੈ ਅਤੇ ਵਿਧਾਨ ਸਭਾ ਦੀ ਇਮਾਰਤ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦਾ ਕੋਈ ਵੀ ਕਦਮ ਲੰਬੇ ਸਮੇਂ ਦੀ ਵਚਨਬੱਧਤਾ ਨੂੰ ਕਮਜ਼ੋਰ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵ ਸਿਰਫ਼ ਖੇਤਰੀ ਮੁੱਦਾ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦਾ ਵੀ ਘਾਣ ਹੈ। ਆਪਣੇ ਪੱਤਰ ਵਿੱਚ, ਕੰਗ ਨੇ ਇਸ ਮਾਮਲੇ ਬਾਰੇ ਵਿਸਥਾਰ ਵਿੱਚ ਚਰਚਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਤੁਰੰਤ ਮੀਟਿੰਗ ਕਰਨ ਦੀ ਬੇਨਤੀ ਕੀਤੀ ਹੈ ਅਤੇ ਚੰਡੀਗੜ੍ਹ ਦੀ ਸਥਾਪਨਾ ਦੇ ਹਿੱਤਾਂ ਤੇ ਇਤਿਹਾਸਕ ਸੰਦਰਭ ਦਾ ਸਨਮਾਨ ਕਰਦੇ ਹੋਏ ਢੁੱਕਵੇਂ ਹੱਲ ਦੀ ਮੰਗ ਕੀਤੀ ਹੈ।