
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਗਏ ਸ਼ਲਾਘਾਯੋਗ ਉਪਰਾਲੇ
ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ): ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਗਿਆ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਬਦਲਾਅ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਅਟਾਰੀ ਦੇ ਬਲਾਕ ਵੇਰਕਾ ਦਾ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਿਹਾ ਹੈ। ਪਿੰਡ ਛੇਹਰਟਾ ਵਿਖੇ ਸਥਿਤ ਇਸ ਸਕੂਲ ਵਿਚ ਬਹੁਤ ਹੀ ਮਿਹਨਤੀ ਅਤੇ ਤਜ਼ੁਰਬੇਕਾਰ ਸਟਾਫ ਵਿਦਿਆਰਥੀਆਂ ਨੂੰ ਸਿੱਖਿਆ ਦੇ ਰਿਹਾ ਹੈ।
School Teacher
ਜਦੋਂ ਸਕੂਲ ਦੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਦੇਖਿਆ ਕਿ ਇਹ ਵਿਦਿਆਰਥੀਆਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਪਾਉਂਦੇ ਹਨ। ਸਕੂਲ ਵਿਚ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਤੋਂ ਇਲਾਵਾ ਅੰਗਰੇਜ਼ੀ ਭਾਸ਼ਾ ਵਿਚ ਗੱਲ ਕਰਨੀ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਵਿਦਿਆਰਥੀ ਪੰਜਾਬੀ ਵਾਂਗ ਅੰਗਰੇਜ਼ੀ ਵਿਚ ਵੀ ਅਸਾਨੀ ਨਾਲ ਗੱਲ ਕਰ ਰਹੇ ਹਨ। ਸਕੂਲ ਵਿਚ ਬਿਜਲੀ ਦੀ ਸਪਲਾਈ ਨੂੰ 24 ਘੰਟੇ ਜਾਰੀ ਰੱਖਣ ਲਈ ਸੋਲਰ ਸਿਸਟਮ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਕੂਲ ਵਿਚ ਇਕ ਲਾਇਬਰੇਰੀ ਵੀ ਸਥਾਪਤ ਕੀਤੀ ਗਈ ਹੈ।
School Teacher
ਸਕੂਲ ਦੇ ਅਧਿਆਪਕ ਮੈਡਮ ਲਵਪ੍ਰੀਤ ਕੌਰ ਅਤੇ ਮੁੱਖ ਅਧਿਆਪਕਾ ਮੈਡਮ ਸੁਨੀਤਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਸਰਕਾਰੀ ਸਕੂਲਾਂ ਨੂੰ ਵੀ ਸਮਾਰਟ ਬਣਾਇਆ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਲਾਕਡਾਊਨ ਦੌਰਾਨ ਵੀ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰਹੀ, ਬੱਚਿਆਂ ਦੀ ਪੜ੍ਹਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਆਨਲਾਈਨ ਪੜ੍ਹਾਈ ਕਰਵਾਈ ਗਈ। ਇਸ ਤੋਂ ਇਲਾਵਾ ਬੱਚਿਆਂ ਨੂੰ ਪ੍ਰਾਜੈਕਟਰ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ।
School Teacher
ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰੀ ਸਕੂਲ ਦੀ ਇਮਾਰਤ ਦੀ ਹਾਲਤ ਬਹੁਤ ਖਸਤਾ ਸੀ ਪਰ ਜਦ ਤੋਂ ਮੌਜੂਦਾ ਸਰਕਾਰ ਸੱਤਾ ਵਿਚ ਆਈ ਤਾਂ ਸਕੂਲਾਂ ਦੀ ਨੁਹਾਰ ਬਦਲ ਗਈ ਹੈ। ਸਕੂਲ ਦੇ ਮੁੱਖ ਅਧਿਆਪਕਾਂ ਨੇ ਦੱਸਿਆ ਕਿ ਸਕੂਲਾਂ ਦੇ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਗ੍ਰਾਂਟ ਭੇਜੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸਕੂਲ ਵਿਚ ਕਈ ਅਜਿਹੇ ਵਿਦਿਆਰਥੀ ਵੀ ਹਨ, ਜੋ ਅੰਮ੍ਰਿਤਸਰ ਦੇ ਕਈ ਚੰਗੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਆਏ ਹਨ। ਇੱਥੋਂ ਤੱਕ ਕਿ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਨੀਤਾ ਦੇ ਆਪਣੇ ਬੱਚੇ ਵੀ ਸਰਕਾਰੀ ਸਕੂਲ ਵਿਚ ਪੜ੍ਹ ਰਹੇ ਹਨ।
School Teacher
ਅਧਿਆਪਕਾਂ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਲਈ ਮੁਫਤ ਵਰਦੀਆਂ, ਮੁਫਤ ਕਿਤਾਬਾਂ, ਖੇਡਾਂ ਲਈ ਸਮਾਨ ਦਿੱਤਾ ਜਾ ਰਿਹਾ ਹੈ। ਅਧਿਆਪਕਾਂ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਿਆ ਜਾ ਰਿਹਾ ਹੈ ਤਾਂ ਜੋ ਉਹ ਤੰਦਰੁਸਤ ਰਹਿਣ ਅਤੇ ਉਹਨਾਂ ਦੀ ਖੇਡਾਂ ਵਿਚ ਰੁਚੀ ਪੈਦਾ ਹੋਵੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਵੀ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਲਾਈਬ੍ਰੇਰੀ ਵਿਚ ਬੱਚਿਆਂ ਨੂੰ ਕਹਾਣੀਆਂ ਦੀਆਂ ਕਿਤਾਬਾਂ ਪੜ੍ਹਾਈਆਂ ਜਾਂਦੀਆਂ ਹਨ। ਸਕੂਲ ਵਿਚ ਵੱਖ-ਵੱਖ ਸਮੇਂ ’ਤੇ ਵਿਦਿਰਥੀਆਂ ਵਿਚ ਮੁਕਾਬਲੇ ਵੀ ਕਰਵਾਏ ਜਾਂਦੇ ਹਨ ਤਾਂ ਜੋ ਉਹਨਾਂ ਦਾ ਵਿਕਾਸ ਹੋ ਸਕੇ।