
ਵਿਭਾਗ ਦੀ ਲਾਪਰਵਾਹੀ ਸਾਹਮਣੇ ਆਉਣ ’ਤੇ ਹੀ ਲਾਗੂ ਹੋਣਗੇ ਹੁਕਮ
Punjab News: ਜਲੰਧਰ 'ਚ ਪਿਛਲੇ ਦਿਨਾਂ 'ਚ ਕਰੰਟ ਲੱਗਣ ਨਾਲ ਹੋਈਆਂ ਮੌਤਾਂ ਦੀ ਗਿਣਤੀ 'ਚ ਵਾਧਾ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐੱਲ.) ਨੂੰ ਹੁਕਮ ਦਿਤੇ ਹਨ। ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਮੌਤ ਜਾਂ ਬਿਜਲੀ ਦੇ ਕਰੰਟ ਕਾਰਨ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਨੂੰ ਮੁਆਵਜ਼ਾ ਦੇਣਾ ਪਵੇਗਾ।
ਇਹ ਮੁਆਵਜ਼ਾ ਘਟਨਾ ਤੋਂ ਬਾਅਦ ਲਗਭਗ 30 ਦਿਨਾਂ ਦੇ ਅੰਦਰ ਦੇਣਾ ਹੋਵੇਗਾ। ਹਾਲਾਂਕਿ ਅਦਾਲਤ ਨੇ ਕਿਹਾ ਕਿ ਇਹ ਨਿਯਮ ਉਦੋਂ ਹੀ ਲਾਗੂ ਹੋਵੇਗਾ ਜਦੋਂ ਇਸ ਘਟਨਾ 'ਚ ਬਿਜਲੀ ਵਿਭਾਗ ਦੀ ਲਾਪਰਵਾਹੀ ਸਾਹਮਣੇ ਆਵੇਗੀ।
ਹਾਈ ਕੋਰਟ ਨੇ ਕਿਹਾ ਕਿ ਕਿਉਂ ਨਾ ਇਸ ਨੀਤੀ ਤਹਿਤ ਹਾਈ ਕੋਰਟ 'ਚ ਪੈਂਡਿੰਗ ਮੁਆਵਜ਼ੇ ਸਬੰਧੀ ਪਟੀਸ਼ਨਾਂ ਦਾ ਨਿਪਟਾਰਾ ਕੀਤਾ ਜਾਵੇ | ਪੰਜਾਬ ਸਰਕਾਰ ਨੇ ਇਸ ਦੇ ਜਵਾਬ ਲਈ ਹਾਈ ਕੋਰਟ ਤੋਂ ਕੁੱਝ ਸਮਾਂ ਮੰਗਿਆ ਹੈ। ਇਸ 'ਤੇ ਹਾਈ ਕੋਰਟ ਨੇ ਸੁਣਵਾਈ ਮੁਲਤਵੀ ਕਰ ਦਿਤੀ।
ਦੱਸ ਦਈਏ ਕਿ ਪਿਛਲੇ 30 ਦਿਨਾਂ 'ਚ ਜਲੰਧਰ 'ਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ 'ਚ ਬਿਜਲੀ ਦਾ ਕਰੰਟ ਲੱਗਣ ਨਾਲ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਪਾਵਰਕੌਮ ਦਾ ਕਹਿਣਾ ਸੀ ਕਿ ਉਪਰੋਕਤ ਘਟਨਾਵਾਂ ਵਿਚ ਪਾਵਰਕੌਮ ਦਾ ਕੋਈ ਕਸੂਰ ਨਹੀਂ ਹੈ।
ਮੁਲਾਜ਼ਮਾਂ ਸਮੇਤ ਆਮ ਲੋਕਾਂ ਨੂੰ ਵੀ ਮੁਆਵਜ਼ਾ ਮਿਲੇਗਾ
ਬਿਜਲੀ ਦੇ ਕਰੰਟ ਕਾਰਨ ਮੁਆਵਜ਼ੇ ਸਬੰਧੀ ਵੱਡੀ ਗਿਣਤੀ ਵਿਚ ਪਟੀਸ਼ਨਾਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪੈਂਡਿੰਗ ਸਨ ਅਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਨੂੰ ਮੁਆਵਜ਼ੇ ਲਈ ਨੀਤੀ ਬਣਾਉਣ ਦੇ ਹੁਕਮ ਦਿਤੇ ਸਨ। ਸਰਕਾਰੀ ਵਕੀਲ ਤੇਜ਼ ਸ਼ਰਮਾ ਨੇ ਪੰਜਾਬ ਦੇ ਅਧਿਕਾਰੀਆਂ ਵਲੋਂ ਤਿਆਰ ਕੀਤੀ ਗਈ ਰੀਪੋਰਟ ਹਾਈ ਕੋਰਟ ਵਿਚ ਪੇਸ਼ ਕੀਤੀ ਸੀ, ਜਿਸ ਵਿਚ ਬਹਿਸ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ ਦੇ ਨਾਲ-ਨਾਲ ਲੋਕਾਂ ਲਈ ਮੁਆਵਜ਼ਾ ਰਾਸ਼ੀ ਤੈਅ ਕਰਨ ਦੇ ਹੁਕਮ ਦਿਤੇ ਗਏ ਸਨ।
ਜਾਣੋ ਕੀ ਹੋਣਗੇ ਪ੍ਰਬੰਧ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜੇਕਰ ਪਾਵਰਕੌਮ ਜਾਂ ਉਨ੍ਹਾਂ ਦੇ ਕਰਮਚਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਮਾਮਲੇ 'ਚ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣਾ ਹੋਵੇਗਾ। ਇਸ ਦੇ ਨਾਲ ਹੀ ਜੇਕਰ ਕੋਈ ਆਮ ਵਿਅਕਤੀ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਕਾਰਨ ਕਰੰਟ ਲੱਗ ਜਾਂਦਾ ਹੈ ਅਤੇ ਉਸ ਦੀ ਮੌਤ ਜਾਂ ਜ਼ਖਮੀ ਹੋ ਜਾਂਦਾ ਹੈ ਤਾਂ ਕਰਮਚਾਰੀ ਮੁਆਵਜ਼ਾ ਐਕਟ ਤਹਿਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ।
ਮੁਆਵਜ਼ੇ ਦੀ ਰਕਮ ਦਾ ਫੈਸਲਾ ਮ੍ਰਿਤਕ ਦੀ ਉਮਰ ਅਤੇ ਉਸ ਦੀ ਆਮਦਨ ਦੇ ਹਿਸਾਬ ਨਾਲ ਕੀਤਾ ਜਾਵੇਗਾ। ਪਾਵਰਕੌਮ ਨੂੰ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਘਟਨਾ ਦੇ 30 ਦਿਨਾਂ ਦੇ ਅੰਦਰ ਮੁਆਵਜ਼ਾ ਜਾਰੀ ਕਰਨਾ ਹੋਵੇਗਾ।
(For more news apart from Compensation will be given on death due to electrocution in Punjab, stay tuned to Rozana Spokesman)