
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ 'ਚ ਵਿਧਾਨ ਸਭਾ ਬਾਹਰ ਜ਼ਬਰਦਸਤ ਧਰਨਾ ਦਿੱਤਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ 'ਚ ਵਿਧਾਨ ਸਭਾ ਬਾਹਰ ਜ਼ਬਰਦਸਤ ਧਰਨਾ ਦਿੱਤਾ। ਇਸ ਦੌਰਾਨ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਿਆ ਗਿਆ, ਜਿਸ ਤੋਂ ਬਾਅਦ ਵਿਧਾਇਕਾਂ ਅਤੇ ਪੁਲਿਸ ਦੀ ਆਪਸ 'ਚ ਧੱਕਾ-ਮੁੱਕੀ ਵੀ ਹੋਈ।
File Photo
ਪਾਰਟੀ ਦੇ ਵਿਧਾਇਕ ਮਹਿੰਗੀ ਬਿਜਲੀ ਖਿਲਾਫ਼ ਧਰਨਾ ਦੇ ਰਹੇ ਹਨ ਅਤੇ ਇਸੇ ਮੁੱਦੇ ਨੂੰ ਲੈ ਕੇ ਬੀਤੇ ਕੱਲ ਵੀ 'ਆਪ' ਵਿਧਾਇਕਾਂ ਵਲੋਂ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਸਪੀਕਰ ਨੇ ਨਾ-ਮਨਜ਼ੂਰ ਕਰ ਦਿੱਤਾ। ਇਹ ਪ੍ਰਾਈਵੇਟ ਮੈਂਬਰ ਬਿੱਲ ਬਿਜਲੀ ਕੰਪਨੀਆਂ ਨਾਲ ਪੰਜਾਬ ਸਰਕਾਰ ਵਲੋਂ ਕੀਤੇ ਗਏ ਸਮਝੌਤਿਆਂ ਨੂੰ ਰੱਦ ਕਰਨ ਸਬੰਧੀ ਸੀ।
File Photo
ਪਾਰਟੀ ਦਾ ਕਹਿਣਾ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਜੋ ਨਿਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਹੋਏ, ਉਹ ਇਸ ਕਦਰ ਘਾਤਕ ਹਨ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਦੇਸ਼ ਭਰ 'ਚੋਂ ਸਭ ਤੋਂ ਮਹਿੰਗੀ ਬਿਜਲੀ ਦੀ ਕੀਮਤ ਦੇਣੀ ਪੈ ਰਹੀ ਹੈ। ਪਾਰਟੀ ਦੇ ਵਿਧਾਇਕ ਅੱਜ ਸਵੇਰੇ 10 ਵਜੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਖਿਲਾਫ ਧਰਨੇ 'ਤੇ ਬੈਠ ਗਏ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
File Photo
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਨਿੱਜੀ ਕੰਪਨੀਆਂ ਨਾਲ ਵਿਵਾਦਤ ਬਿਜਲੀ ਖਰੀਦ ਸਮਝੌਤੇ (ਪੀਪੀਏ) ਦੇ ਸਬੰਧ ਵਿਚ ਅਕਾਲੀਆਂ ਵੱਲੋਂ ਕੀਤੀ ਜਾ ਰਹੀ ਧੋਖਾਧੜੀ ਦਾ ਪਰਦਾਫਾਸ਼ ਕਰਨ ਲਈ ਰਾਜ ਦੇ ਵਿਧਾਨ ਸਭਾ ਇਜਲਾਸ ਵਿਚ ਇਕ ਵ੍ਹਾਈਟ ਪੇਪਰ ਲੈ ਕੇ ਆਵੇਗੀ।
Captain amarinder singh
ਦੋ ਦਿਨਾਂ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਸੰਬੋਧਨ ਤੋਂ ਬਾਅਦ ਮੁੱਖ ਮੰਤਰੀ ਨੇ ਗੈਰ ਰਸਮੀ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਸੀ ਕਿ ਵ੍ਹਾਈਟ ਪੇਪਰ ਵਿਚ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਹਸਤਾਖਰ ਕੀਤੇ ਗਏ ਸਾਰੇ ਦਸਤਾਵੇਜ਼ਾਂ ਦੇ ਨਾਲ-ਨਾਲ ਉਨ੍ਹਾਂ ਦੁਆਰਾ ਸਥਾਪਤ ਕੀਤੇ ਗਏ ਪਾਵਰ ਪਲਾਂਟਾਂ ਦਾ ਖੁਲਾਸਾ ਕੀਤਾ ਜਾਵੇਗਾ, ਜਿਸ ਨਾਲ ਸੂਬੇ ‘ਤੇ ਕਰਜ਼ੇ ਦਾ ਬੋਝ ਪਿਆ ਹੈ।
File Photo
ਦੱਸ ਦਈਏ ਕਿ ਪੰਜਾਬ ਦੀ 15ਵੀਂ ਵਿਧਾਨ ਸਭਾ ਦੇ 10ਵੇਂ ਇਜਲਾਸ ਦਾ ਪਹਿਲਾ ਦਿਨ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਦੇ ਹੰਗਾਮੇ ਦੀ ਭੇਟ ਚੜ੍ਹ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਹੰਗਾਮਾ ਸ਼ੁਰੂ ਕਰਕੇ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ ਸੀ। ਅਕਾਲੀ ਦਲ ਵੱਲੋਂ ਛੁਣਛੁਨੇ ਵਜਾ ਕੇ ਸੱਤਾਧਾਰੀ ਪਾਰਟੀ ਕਾਂਗਰਸ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।