ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ।
ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਹੁਣ ਪੰਜਾਬ ਵਿਚ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। 16 ਫਰਵਰੀ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਚਲਦਿਆਂ ਹੁਣ 14 ਫਰਵਰੀ ਨੂੰ ਪੰਜਾਬ ਵਿਚ ਵੋਟਾਂ ਨਹੀਂ ਪੈਣਗੀਆਂ। ਇਸ ਤੋਂ ਇਲਾਵਾ 25 ਜਨਵਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਹੋ ਸਕਣਗੇ। 1 ਫਰਵਰੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ ਹੈ।
ਦਰਅਸਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਤੋਂ ਲੱਖਾਂ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਬਨਾਰਸ ਵਿਖੇ ਗੁਰੂ ਜਨਮ ਅਸਥਾਨ ਦੇ ਦਰਸ਼ਨਾਂ ਲਈ ਜਾਂਦੇ ਹਨ। ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਚੋਣਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਕਿਹਾ ਸੀ ਕਿ ਪੰਜਾਬ ਵਿਚ 32% ਅਨੁਸੂਚਿਤ ਜਾਤੀ ਭਾਈਚਾਰਾ ਹੈ।
16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ 645ਵਾਂ ਪ੍ਰਕਾਸ਼ ਪੁਰਬ ਹੈ। ਅਜਿਹੇ 'ਚ ਲੱਖਾਂ ਲੋਕ ਉਹਨਾਂ ਦੀ ਜਨਮ ਭੂਮੀ ਦੇ ਦਰਸ਼ਨ ਕਰਨ ਜਾਂਦੇ ਹਨ। ਇਹ ਸਥਾਨ ਉੱਤਰ ਪ੍ਰਦੇਸ਼ ਦੇ ਬਨਾਰਸ ਵਿਚ ਹੈ। ਜਨਮ ਦਿਹਾੜੇ ਵਾਲੇ ਦਿਨ ਪੰਜਾਬ ਦੇ ਲੋਕ ਦਰਸ਼ਨਾਂ ਲਈ 13-14 ਫਰਵਰੀ ਨੂੰ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪੰਜਾਬ ਤੋਂ ਰਵਾਨਾ ਹੋਣਗੇ। ਲੋਕ 16 ਤੋਂ ਬਾਅਦ ਇੱਕ ਜਾਂ ਦੋ ਦਿਨ ਤਕ ਵਾਪਸ ਆਉਂਦੇ ਰਹਿਣਗੇ। ਇਸ ਲਈ ਉਹ ਵੋਟਿੰਗ ਵਿਚ ਹਿੱਸਾ ਨਹੀਂ ਲੈ ਸਕਣਗੇ।