ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਯਤਨਾਂ ਤਹਿਤ ਸ਼ਹਿਰ ਲੁਧਿਆਣਾ ਦੇ ਵਿਕਾਸ 'ਤੇ ਵਿਸ਼ੇਸ਼ ਤਵੱਜੋਂ.....
ਲੁਧਿਆਣਾ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਯਤਨਾਂ ਤਹਿਤ ਸ਼ਹਿਰ ਲੁਧਿਆਣਾ ਦੇ ਵਿਕਾਸ 'ਤੇ ਵਿਸ਼ੇਸ਼ ਤਵੱਜੋਂ ਦਿਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਨਗਰ ਨਿਗਮ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਜਿਥੇ ਸ਼ਹਿਰ ਦੇ ਵਿਕਾਸ ਲਈ 570 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਉਥੇ ਕਿਹਾ ਕਿ ਅਗਲੇ ਤਿੰਨ ਸਾਲਾਂ ਦੌਰਾਨ ਸ਼ਹਿਰ ਦੇ ਵਿਕਾਸ 'ਤੇ 4000 ਕਰੋੜ ਰੁਪਏ ਖ਼ਰਚੇ ਜਾਣਗੇ।
ਸ੍ਰ. ਸਿੱਧੂ ਨੇ ਕਿਹਾ ਕਿ ਸ਼ਹਿਰ ਲੁਧਿਆਣਾ ਸੂਬੇ ਦੀ ਹੀ ਨਹੀਂ ਸਗੋਂ ਸਾਡੇ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਇਸ ਸ਼ਹਿਰ ਦੇ ਵਿਕਾਸ ਨੂੰ ਕਿਸੇ ਵੀ ਪੱਖੋਂ ਅਣਗੌਲਿਆਂ ਨਹੀਂ ਜਾ ਸਕਦਾ। ਇਸੇ ਕਰਕੇ ਪੰਜਾਬ ਸਰਕਾਰ ਵਲੋਂ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾਬੱਧੀ ਕੀਤੀ ਗਈ ਹੈ, ਜਿਸ ਤਹਿਤ ਅਗਲੇ ਤਿੰਨ ਸਾਲਾਂ ਦੌਰਾਨ 4000 ਕਰੋੜ ਰੁਪਏ ਤੋਂ ਵਧੇਰੇ ਦੀ ਰਾਸ਼ੀ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ 'ਤੇ ਖ਼ਰਚੀ ਜਾਵੇਗੀ। ਪੁਲਵਾਮਾ ਅਤਿਵਾਦੀ ਹਮਲੇ ਬਾਰੇ ਸ੍ਰ. ਸਿੱਧੂ ਨੇ ਕਿਹਾ ਕਿ ਇਹ ਕਾਰਾ ਉਨ੍ਹਾਂ ਮੁੱਠੀ ਭਰ ਲੋਕਾਂ ਵਲੋਂ ਕੀਤਾ ਗਿਆ ਹੈ,
ਜੋ ਕਿ ਦੋਵੇਂ ਦੇਸ਼ਾਂ ਵਿਚ ਆਪਸੀ ਦੋਸਤੀ ਅਤੇ ਅਮਨ ਨੂੰ ਪਸੰਦ ਨਹੀਂ ਕਰਦੇ। ਅਤਿਵਾਦੀਆਂ ਦਾ ਕੋਈ ਧਰਮ, ਮਜ਼ਹਬ ਅਤੇ ਦੇਸ਼ ਨਹੀਂ ਹੁੰਦਾ। ਇਸ ਮੌਕੇ ਸਮੂਹ ਹਾਜ਼ਰੀਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਵੀ ਧਾਰਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਅਤੇ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ।