ਇਸ ਦੌਰਾਨ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿਚ ਹੋਰ ਅਹਿਮ ਮੁੱਦਿਆਂ ਨੂੰ ਵੀ ਪ੍ਰਸਤਾਵ ਵਿਚ ਸ਼ਾਮਲ ਕਰ ਸਕਦੀ ਹੈ।
Manish Tewari: ਚੰਡੀਗੜ੍ਹ : ਕੇਂਦਰ ਸਰਕਾਰ ਕੋਲੋਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ, ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਵਿਚਾਲੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਣ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਲੋਕ ਸਭਾ 'ਚ ਕਿਸਾਨਾਂ ਦੇ ਹੱਕ 'ਚ ਆਵਾਜ਼ ਉਠਾਉਂਦਿਆਂ, ਕੇਂਦਰ ਸਰਕਾਰ ਤੋਂ ਐਮਐਸਪੀ 'ਤੇ ਕਾਨੂੰਨ ਲਿਆਉਣ ਦੀ ਮੰਗ ਕੀਤੀ ਸੀ। ਜਾਰੀ ਇੱਕ ਬਿਆਨ ਵਿਚ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਐਮਐਸਪੀ ਬਾਰੇ ਕਾਨੂੰਨ ਬਣਾਉਣ ਦੀ ਮੰਗ ਵਾਲਾ ਮਤਾ ਪਾਸ ਕਰਨਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਭੇਜ ਕੇ ਜਲਦੀ ਤੋਂ ਜਲਦੀ ਕਾਨੂੰਨ ਲਿਆਉਣ ਦੀ ਮੰਗ ਕਰਨੀ ਚਾਹੀਦੀ ਹੈ। ਇਸ ਦੌਰਾਨ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿਚ ਹੋਰ ਅਹਿਮ ਮੁੱਦਿਆਂ ਨੂੰ ਵੀ ਪ੍ਰਸਤਾਵ ਵਿਚ ਸ਼ਾਮਲ ਕਰ ਸਕਦੀ ਹੈ।
ਤਿਵਾੜੀ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਨੇ ਭਾਰਤ ਨੂੰ ਅਨਾਜ ਦੇ ਖੇਤਰ ਵਿਚ ਆਤਮ ਨਿਰਭਰ ਬਣਾਇਆ ਹੈ ਪਰ ਉਨ੍ਹਾਂ ਨੂੰ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਦਿੱਲੀ ਜਾਣ ਲਈ ਹਰਿਆਣਾ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰਨਾ ਪੈ ਰਿਹਾ ਹੈ। ਜਿਨ੍ਹਾਂ ਨੂੰ ਇਸ ਤੋਂ ਪਹਿਲਾਂ ਕੇਂਦਰ ਵੱਲੋਂ ਲਿਆਂਦੇ ਚਾਰ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦਿੱਲੀ ਦੀਆਂ ਸਰਹੱਦਾਂ 'ਤੇ ਡੇਢ ਸਾਲ ਤੱਕ ਸੰਘਰਸ਼ ਕਰਨਾ ਪਿਆ ਸੀ ਅਤੇ 700 ਦੇ ਕਰੀਬ ਕਿਸਾਨ ਸ਼ਹੀਦ ਹੋ ਗਏ ਸਨ। ਇਸ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਸਰਕਾਰ ਨੇ ਨਾ ਤਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕੋਈ ਕਾਨੂੰਨ ਬਣਾਇਆ ਅਤੇ ਨਾ ਹੀ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਲਾਗੂ ਕੀਤਾ, ਜਿਹੜਾ ਮੁੱਦਾ ਉਨ੍ਹਾਂ ਨੇ ਹਾਲ ਹੀ ਵਿਚ ਲੋਕ ਸਭਾ ਵਿੱਚ ਉਠਾਇਆ ਸੀ।