
Punjab News: ਆਰਥਕ ਤੰਗੀ ਤੋਂ ਪ੍ਰੇਸ਼ਾਨ ਸੀ ਔਰਤ, ਨਸ਼ੇ ਦਾ ਆਦੀ ਹੈ ਪਤੀ
Punjab News: ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਮਾਣੂੰਕੇ ਵਿਚ ਇਕ 37 ਸਾਲਾ ਔਰਤ ਨੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਨਿਹਾਲ ਸਿੰਘ ਵਾਲਾ ਦੇ ਏਐਸਆਈ ਰਘੁਵੀਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ। ਰਘੁਵੀਰ ਸਿੰਘ ਨੇ ਦਸਿਆ ਕਿ ਮ੍ਰਿਤਕ ਜਸਵੀਰ ਕੌਰ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿਚ ਸੀ। ਉਸਦਾ ਪਤੀ ਬੇਅੰਤ ਸਿੰਘ ਨਸ਼ੇ ਦਾ ਆਦੀ ਸੀ ਅਤੇ ਕੋਈ ਕੰਮ ਨਹੀਂ ਕਰਦਾ ਸੀ। ਘਰ ’ਚ ਲਗਾਤਾਰ ਆਰਥਕ ਤੰਗੀ ਰਹਿੰਦੀ ਸੀ, ਜਿਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਰਹਿੰਦੀ ਸੀ ਅਤੇ ਉਹ 4 ਬੱਚਿਆਂ ਦੀ ਮਾਂ ਸੀ।
ਮੌਕੇ ’ਤੇ ਜਾਂਚ ਦੌਰਾਨ ਪੁਲਿਸ ਨੂੰ ਨਾ ਤਾਂ ਕੋਈ ਸੁਸਾਈਡ ਨੋਟ ਮਿਲਿਆ ਅਤੇ ਨਾ ਹੀ ਕੋਈ ਅਜਿਹਾ ਸਬੂਤ ਮਿਲਿਆ, ਜਿਸ ਤੋਂ ਇਹ ਕਿਹਾ ਜਾ ਸਕੇ ਕਿ ਉਸ ਨੇ ਖ਼ੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਬੇਅੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।