
ਵਿਜੀਲੈਂਸ ਬਿਊਰੋ ਨੇ ਸਾਧੂ ਸਿੰਘ ਧਰਮਸੋਤ ਨੂੰ 6 ਫ਼ਰਵਰੀ ਨੂੰ ਕੀਤਾ ਸੀ ਗ੍ਰਿਫ਼ਤਾਰ
ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਮੰਤਰੀ ਨੂੰ ਜ਼ਮਾਨਤ ਦੇ ਦਿਤੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਰੱਖਿਅਤ ਰਖਿਆ ਸੀ।
ਇਹ ਵੀ ਪੜ੍ਹੋ: ਨਕੋਦਰ ਹਲਕੇ ਤੋਂ 'ਆਪ' ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪੁੱਤ ਨੂੰ ਗੈਂਗਸਟਰਾਂ ਵਲੋਂ ਮਿਲੀਆਂ ਧਮਕੀਆਂ
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਧੂ ਸਿੰਘ ਧਰਮਸੋਤ ਨੂੰ 6 ਫ਼ਰਵਰੀ ਨੂੰ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਬਿਊਰੋ ਦਾ ਇਲਜ਼ਾਮ ਹੈ ਕਿ ਉਨ੍ਹਾਂ ਕੋਲ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਸਾਹਮਣੇ ਆਈ ਹੈ। ਵਿਜੀਲੈਂਸ ਮੁਤਾਬਕ ਜਾਂਚ ਮਗਰੋਂ ਸਾਧੂ ਸਿੰਘ ਧਰਮਸੋਤ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: 11ਵੀਂ ਦੇ ਵਿਦਿਆਰਥੀ ਨੇ ਦਿਤਾ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ, 8 ਸਾਲਾ ਬੱਚੇ ਨੂੰ ਅਗਵਾ ਕਰ ਕੇ ਕੀਤਾ ਕਤਲ
ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਨੂੰ ਪਿਛਲੇ ਸਾਲ ਜੂਨ ਵਿਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਸਮਾਜ ਭਲਾਈ ਅਤੇ ਜੰਗਲਾਤ ਮਹਿਕਮੇ ਦੇ ਮੰਤਰੀ ਰਹੇ ਸਨ। ਉਸ ਵੇਲੇ ਉਨ੍ਹਾਂ 'ਤੇ ਰੁੱਖ ਕੱਟਣ ਦੇ ਮਾਮਲੇ ਵਿਚ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ। ਇਨ੍ਹਾਂ ਇਲਜ਼ਾਮਾਂ ਤਹਿਤ ਹੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਹੋਈ ਸੀ। ਹਾਈ ਕੋਰਟ ਨੇ ਉਨ੍ਹਾਂ ਨੂੰ 6 ਸਤੰਬਰ 2022 ਨੂੰ ਜ਼ਮਾਨਤ ਦਿਤੀ ਸੀ।