
ਚੋਣ ਕਮਿਸ਼ਨ ਵੱਲੋਂ ਇਨ੍ਹਾਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਗਏ ਹਨ
Amritsar News : ਅੰਮ੍ਰਿਤਸਰ 'ਚ ਆਜ਼ਾਦ ਉਮੀਦਵਾਰਾਂ ਸਮੇਤ 30 ਉਮੀਦਵਾਰ ਲੋਕ ਸਭਾ ਚੋਣਾਂ 'ਚ ਆਪਣੀ ਕਿਸਮਤ ਅਜਮਾਉਣਗੇ। ਚੋਣ ਕਮਿਸ਼ਨ ਵੱਲੋਂ ਇਨ੍ਹਾਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਰ ਅੰਮ੍ਰਿਤਸਰ ਤੋਂ ਕੁੱਲ 30 ਉਮੀਦਵਾਰ ਲੋਕ ਸਭਾ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 26 ਮਰਦ ਅਤੇ 4 ਮਹਿਲਾਵਾਂ ਸ਼ਾਮਲ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨਿਲ ਜੋਸ਼ੀ , ਆਮ ਆਦਮੀ ਪਾਰਟੀ ਵੱਲੋਂ ਕੁਲਦੀਪ ਸਿੰਘ ਧਾਲੀਵਾਲ ,ਕਾਂਗਰਸ ਵੱਲੋਂ ਗੁਰਜੀਤ ਸਿੰਘ ਔਜਲਾ , ਭਾਜਪਾ ਵੱਲੋਂ ਤਰਨਜੀਤ ਸਿੰਘ ਸੰਧੂ ਸਮੁੰਦਰੀ , ਬਹੁਜਨ ਸਮਾਜ ਪਾਰਟੀ ਵੱਲੋਂ ਵਿਸ਼ਾਲ ਸਿੱਧੂ , ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਇਮਾਨ ਸਿੰਘ ਮਾਨ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ।
ਉਨ੍ਹਾਂ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਅਗਾਊਂ ਲਿਖਤੀ ਇਜਾਜ਼ਤ ਦੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਸਥਾਨਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚੋਣ ਪ੍ਰਚਾਰ ਵਿੱਚ ਲੱਗੇ ਸਾਰੇ ਰਾਜਨੀਤਿਕ ਵਰਕਰਾਂ ਨੂੰ ਬੈਜ ਜਾਂ ਸ਼ਨਾਖਤੀ ਕਾਰਡ ਦਿਖਾਉਣ ਅਤੇ ਚੋਣ ਪ੍ਰਚਾਰ ਦੌਰਾਨ ਤੇ ਚੋਣਾਂ ਵਾਲੇ ਦਿਨ ਵਾਹਨਾਂ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਹੈ।