
ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਅਜਿਹੇ ਫੈਸਲੇ ਦੇ ਰਹੀਆਂ ਹਨ - ਜਗੀਰ ਕੌਰ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਰਕਾਰ ਵੱਲੋਂ ਸਿੱਖ ਜਥੇ ਨੂੰ ਇਜਾਜ਼ਤ ਨਾ ਦੇਣ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸੀ ਤਾਂ ਵੀਜ਼ਾ ਪ੍ਰਕਿਰਿਆ ਆਰੰਭ ਹੋਣ ਤੋਂ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ।
ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਅਜਿਹੇ ਫੈਸਲੇ ਦੇ ਰਹੀਆਂ ਹਨ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਮੌਕੇ ਜਥੇ ’ਤੇ ਪਾਬੰਦੀ ਲਗਾਈ ਗਈ ਸੀ ਅਤੇ ਹੁਣ ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਦੋ ਜਥਿਆਂ ਨੂੰ ਪ੍ਰਵਾਨਗੀ ਨਾ ਦੇ ਕੇ ਸੰਗਤਾਂ ਨੂੰ ਨਿਰਾਸ਼ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਪਾਵਨ ਗੁਰਧਾਮਾਂ ਦੀ ਯਾਤਰਾ ਲਈ ਸੰਗਤ ਅੰਦਰ ਖਿੱਚ ਹੁੰਦੀ ਹੈ, ਲਿਹਾਜ਼ਾ ਸਰਕਾਰਾਂ ਨੂੰ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।