
ਪਟਿਆਲਾ ਦੀ ਕੇਂਦਰੀ ਜੇਲ 'ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਗਾਉਣ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਦੇ ਰਾਸ਼ਟਰਪਤੀ..........
ਅੰਮ੍ਰਿਤਸਰ : ਪਟਿਆਲਾ ਦੀ ਕੇਂਦਰੀ ਜੇਲ 'ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਗਾਉਣ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਗਈ ਅਪੀਲ ਦਾ ਛੇਤੀ ਨਿਪਟਾਰਾ ਕਰਨ ਲਈ ਸ਼੍ਰੋਮਣੀ ਕਮੇਟੀ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਪਹੁੰਚ ਕਰੇਗੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਭਾਰਤ ਦੇ ਗ੍ਰਹਿ ਮੰਤਰਾਲੇ ਨਾਲ ਰਾਬਤਾ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ 18 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
ਅਤੇ ਅਕਾਲੀ ਦਲ ਨਾਲ ਸਬੰਧਤ ਮੈਂਬਰ ਪਾਰਲੀਮੈਂਟ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਣਗੇ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਗਾਉਣ ਬਾਰੇ ਮਾਰਚ 2012 ਵਿਚ ਭਾਰਤ ਦੇ ਤਤਕਾਲੀ ਰਾਸ਼ਟਰਪਤੀ ਕੋਲ ਅਪੀਲ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਸੀ ਕਿ ਭਾਈ ਰਾਜੋਆਣਾ ਦੀ ਸਜ਼ਾ ਨੂੰ ਫਾਂਸੀ ਦੀ ਥਾਂ ਉਮਰ ਕੈਦ ਵਿਚ ਤਬਦੀਲ ਕੀਤਾ ਜਾਵੇ ਅਤੇ ਰਾਸ਼ਟਰਪਤੀ ਵਲੋਂ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਅਗਲੀ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭੇਜ ਦਿਤਾ ਗਿਆ ਸੀ
ਜਿਸ 'ਤੇ ਅਜੇ ਤਕ ਗ੍ਰਹਿ ਮੰਤਰਾਲੇ ਨੇ ਕੋਈ ਫ਼ੈਸਲਾ ਨਹੀਂ ਲਿਆ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਲਗਾਤਾਰ ਗ੍ਰਹਿ ਮੰਤਰਾਲੇ ਨਾਲ ਰਾਬਤਾ ਰੱਖ ਰਹੀ ਹੈ। ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਕਿ ਇਹ ਵੀ ਮਹਿਸੂਸ ਕਰਦੀ ਹੈ ਕਿ ਉਹ ਮਾਨਸਕ ਤਣਾਅ ਵਿਚੋਂ ਲੰਘ ਰਹੇ ਹਨ ਪਰ ਭੁੱਖ ਹੜਤਾਲ ਇਸ ਮਸਲੇ ਦਾ ਹੱਲ ਨਹੀਂ ਹੈ। ਉਨ੍ਹਾਂ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਭੁੱਖ ਹੜਤਾਲ ਦਾ ਰਸਤਾ ਨਾ ਅਪਣਾਉਣ।