
ਸਕੂਲ ਸਿਖਿਆ ਦੇ ਖੇਤਰ ਸਿਖਲਾਈ ਅਤੇ ਮਾਰਗ ਦਰਸ਼ਨ ਦੇ ਮਕਸਦ ਤਹਿਤ ਪ੍ਰਮੁੱਖ ਅਦਾਰਿਆਂ ਨਾਲ ਤਾਲਮੇਲ ਮਜ਼ਬੂਤ ਕੀਤਾ ਜਾਵੇਗਾ : ਸਿੰਗਲਾ
ਸੰਗਰੂਰ/ਚੰਡੀਗੜ੍ਹ, 16 ਜੁਲਾਈ (ਭੁੱਲਰ) : ਪੰਜਾਬ ਸਕੂਲ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਕੂਲ ਸਿਖਿਆ ਵਿਭਾਗ ਨੇ ਸਿਖਲਾਈ ਅਤੇ ਮਾਰਗਦਰਸ਼ਨ ਦੇ ਮਕਸਦ ਨਾਲ ਸੂਬੇ ਦੇ ਪ੍ਰਮੁੱਖ ਅਦਾਰਿਆਂ ਨਾਲ ਅਪਣਾ ਤਾਲਮੇਲ ਮਜਬੂਤ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਵਿਦਿਅਕ, ਖੇਡਾਂ ਅਤੇ ਸਕਾਲਰਸ਼ਿਪ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਅੱਜ ਇਥੇ ਇੰਡੀਅਨ ਸਕੂਲ ਆਫ਼ ਬਿਜਨਸ (ਆਈਐਸਬੀ), ਮੁਹਾਲੀ ਵਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਆਧੁਨਿਕ ਸਿਖਲਾਈ ਸਬੰਧੀ ਵਰਚੁਅਲ ਲਾਂਚ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਪਹੁੰਚੇ ਹੋਏ ਸਨ। ਸ੍ਰੀ ਸਿੰਗਲਾ ਨੇ ਵਰਚੂਅਲ ਪ੍ਰੋਗਰਾਮ ਦੌਰਾਨ ਨਵੇਂ ਭਰਤੀ ਕੀਤੇ 2,527 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ।
ਸਕੂਲ ਸਿਖਿਆ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਸੁਧਾਰਾਂ ਅਤੇ ਉਪਰਾਲਿਆਂ ਸਦਕਾ ਪੰਜਾਬ ਪੂਰੇ ਦੇਸ਼ ਵਿਚੋਂ ਸਕੂਲ ਸਿਖਿਆ ਦੇ ਖੇਤਰ ’ਚ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅਤੇ ਅਧਿਆਪਕ, ਅਧਿਕਾਰੀ ਅਤੇ ਸਿਖਿਆ ਵਿਭਾਗ ਦਾ ਹੋਰ ਸਟਾਫ਼ ਆਉਣ ਵਾਲੇ ਸਾਲਾਂ ਵਿਚ ਵੀ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੁਸ਼ਕਲ ਸਮੇਂ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਅਧਿਆਪਕਾਂ ਨੇ ਵਿਦਿਆਰਥੀਆਂ ਲਈ ਆਨਲਾਈਨ ਸਿਖਿਆ ਨੂੰ ਯਕੀਨੀ ਬਣਾਇਆ ਹੈ।
ਪ੍ਰੋਗਰਾਮ ਦੌਰਾਨ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਆਈਐਸਬੀ ਮੁਹਾਲੀ ਦਾ ਧਨਵਾਦ ਕਰਦਿਆਂ ਕਿਹਾ ਕਿ ਇਹ ਸਿਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਇਕ ਪ੍ਰਮੁੱਖ ਸੰਸਥਾ ਨੇ ਪਿ੍ਰੰਸੀਪਲਾਂ ਅਤੇ ਸਰਕਾਰੀ ਸਕੂਲ ਮੁਖੀਆਂ ਨੂੰ ਪੇਸ਼ੇਵਰ ਸਿਖਲਾਈ ਮੁਹਈਆ ਕਰਵਾਉਣ ਲਈ ਅਪਣੀ ਸਹਾਇਤਾ ਦਿਤੀ ਹੈ।
ਉਨ੍ਹਾਂ ਕਿਹਾ ਕਿ ਸਿਖਿਆ ਵਿਭਾਗ ਇਸ ਪ੍ਰੋਗਰਾਮ ਨੂੰ ਸੂਬੇ ਦੇ ਸਾਰੇ ਅਧਿਆਪਕਾਂ ਲਈ ਸ਼ੁਰੂ ਕਰੇਗਾ ਕਿਉਂਕਿ ਇਹ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਅਧਿਆਪਨ ਦੇ ਹੁਨਰ ਵਿਚ ਵਾਧਾ ਕਰੇਗਾ।