
ਮੁੱਖ ਸਕੱਤਰ ਵਲੋਂ ਜ਼ਿੰਮੇਵਾਰੀ, ਜਵਾਬਦੇਹੀ, ਪਾਰਦਰਸ਼ਤਾ, ਗਵਰਨੈਂਸ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਵਿਚ ਸੁਧਾਰ ਲਿਆਉਣ ’ਤੇ ਜ਼ੋਰ
ਚੰਡੀਗੜ੍ਹ, 16 ਜੁਲਾਈ (ਭੁੱਲਰ) : ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਜੇ-ਪਾਲ ਨਾਲ ਸਹਿਯੋਗ ਵਧਾਉਣ ਦੀ ਲੋੜ ’ਤੇ ਜ਼ੋਰ ਦਿਤਾ ਤਾਂ ਜੋ ਨਵੀਂ ਨੀਤੀ ਰਾਹੀਂ ਪੰਜਾਬ ਸਰਕਾਰ ਦੇ ਫ਼ੈਸਲੇ ਲੈਣ ਦੀ ਪ੍ਰਕਿਰਿਆ ਵਿਚ ਸਬੂਤ ਵਜੋਂ ਡਿਜੀਟਾਈਜੇਸ਼ਨ ਅਤੇ ਪ੍ਰਸ਼ਾਸਨਿਕ ਅੰਕੜਿਆਂ ਦੀ ਵਰਤੋਂ ਕੀਤੀ ਜਾ ਸਕੇ।
ਇਥੇ ਜੇ-ਪਾਲ ਨਾਲ ਸਹਿਯੋਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ ਦੇ ਮੋਹਰੀ ਸੂਬਿਆਂ ਵਿਚੋਂ ਇਕ ਹੈ ਜਿਸ ਨੇ ਵਿਆਪਕ ਡਾਟਾ ਨੀਤੀ ਨੂੰ ਨੋਟੀਫਾਈ ਕੀਤਾ ਹੈ ਅਤੇ ਇਸ ਨੀਤੀ ਤਹਿਤ ਵਿਵਸਥਾਵਾਂ ਨੂੰ ਲਾਗੂ ਕਰਨ ਦਾ ਵਿਚਾਰ ਕੀਤਾ ਹੈ ਤਾਂ ਜੋ ਸੂਬੇ ਵਿਚ ਗਵਰਨੈਂਸ ਦੇ ਹਰ ਪੱਧਰ ’ਤੇ ਡਾਟੇ ਦੀ ਪਹੁੰਚ, ਸੁਰੱਖਿਆ, ਇੰਟਰਓਪਰੇਬਿਲਟੀ ਅਤੇ ਏਕੀਕਰਣ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਨਾਗਰਿਕਾਂ ਨੂੰ ਬਿਹਤਰ ਅਤੇ ਕੁਸ਼ਲ ਸੇਵਾ ਪ੍ਰਦਾਨ ਕੀਤੀਆਂ ਜਾ ਸਕਣ।
ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਜੇ-ਪਾਲ ਟੀਮ ਨੂੰ ਜਲਦ ਤੋਂ ਜਲਦ ਪੁਲਿਸ ਅਤੇ ਸਿਹਤ ਤੇ ਪਰਵਾਰ ਭਲਾਈ ਵਿਭਾਗਾਂ ਨਾਲ ਮਿਲ ਕੇ ਕੰਮ ਸੁਰੂ ਕਰਨ ਲਈ ਵੀ ਕਿਹਾ। ਜੇ-ਪਾਲ ਪਹਿਲਾਂ ਹੀ ਸਮਰੱਥਾ ਨਿਰਮਾਣ ਜ਼ਰੀਏ ਸਰਕਾਰ ਵਿਚ ਡਾਟਾ ਨੀਤੀ ਦੇ ਲਾਗੂਕਰਨ ਦੀ ਪ੍ਰਕਿਰਿਆ ਵਿਚ ਸਹਿਯੋਗ ਦੇਣ ਲਈ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਂ ਜੋ ਫ਼ੈਸਲੇ ਲੈਣ ਲਈ ਡਾਟਾ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਜੇ-ਪਾਲ ਦੀ ਡਾਟਾ ਟੀਮ ਨੇ ਕਿਰਤ ਅਤੇ ਕਰ ਵਿਭਾਗਾਂ ਨਾਲ ਵੀ ਮਿਲ ਕੇ ਕੰਮ ਕਰਨਾ ਸ਼ੁਰੂ ਕੀਤਾ ਹੈ।