
ਪੁਲਿਸ ਨੇ ਵਿਧਾਇਕ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ: ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਹਨਾਂ ਨੂੰ ਧਮਕੀ ਭਰਿਆ ਫੋਨ ਆਇਆ। ਫੋਨ ਕਰਨ ਵਾਲੇ ਨੇ ਆਪਣੀ ਜਾਣ-ਪਛਾਣ 'ਚ ਦੱਸਿਆ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਵਿਧਾਇਕ ਨੂੰ ਧਮਕੀ ਭਰਿਆ ਫੋਨ ਆਉਣ ਤੋਂ ਬਾਅਦ ਪੁਲਿਸ ਵਿਭਾਗ ਹਰਕਤ ਵਿਚ ਆ ਗਿਆ ਹੈ। ਪੁਲਿਸ ਨੇ ਵਿਧਾਇਕ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਧਾਇਕ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਕਿਹਾ ਕਿ ਡੀਸੀਪੀ ਜਸਕਿਰਨ ਜੀਤ ਸਿੰਘ ਤੇਜਾ ਮਾਮਲੇ ਦੀ ਜਾਂਚ ਕਰ ਰਹੇ ਹਨ।
ਵਿਧਾਇਕ ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਜਿਸ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ, ਉਸ ਨੇ ਫਿਰੌਤੀ ਨਹੀਂ ਮੰਗੀ। ਉਸ ਨੇ ਕੁਝ ਸਿਆਸੀ ਆਗੂਆਂ ਦਾ ਨਾਂ ਲੈ ਕੇ ਧਮਕੀਆਂ ਦਿੱਤੀਆਂ। ਹਾਲਾਂਕਿ ਸ਼ੀਤਲ ਅੰਗੁਰਾਲ ਨੇ ਇਸ ਬਾਰੇ ਵਿਸਥਾਰ ਨਾਲ ਨਹੀਂ ਦੱਸਿਆ, ਸਿਰਫ ਇੰਨਾ ਕਿਹਾ ਕਿ ਉਸ ਨੂੰ ਧਮਕੀਆਂ ਮਿਲੀਆਂ ਹਨ। ਉਹਨਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਵਿਧਾਇਕ ਨੂੰ ਧਮਕੀਆਂ ਮਿਲਣ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਲਿਆ ਹੈ। ਜਿਸ ਨੰਬਰ ਤੋਂ ਸ਼ੀਤਲ ਅੰਗੁਰਾਲ ਨੂੰ ਕਾਲ ਆਈ ਸੀ, ਉਹ ਸਾਈਬਰ ਸੈੱਲ ਨੂੰ ਸੌਂਪ ਦਿੱਤਾ ਗਿਆ ਹੈ। ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਜਿਸ ਨੰਬਰ ਤੋਂ ਵਿਧਾਇਕ ਨੂੰ ਕਾਲ ਆਈ ਸੀ, ਉਸ ਨੰਬਰ ਤੋਂ ਪੰਜਾਬ ਵਿਚ ਲੋਕਾਂ ਨੂੰ ਧਮਕੀਆਂ ਮਿਲੀਆਂ ਹਨ।