
ਟਵੀਟ ਜ਼ਰੀਏ ਖੁਦ ਦਿਤੀ ਜਾਣਕਾਰੀ
ਚੰਡੀਗੜ੍ਹ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਸਖ਼ਤ ਫ਼ੈਸਲਾ ਲੈਂਦਿਆਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਹਰਸਿਮਰਤ ਬਾਦਲ ਨੇ ਇਸ ਬਾਰੇ ਖੁਦ ਟਵੀਟ ਕਰ ਕੇ ਜਾਣਕਾਰੀ ਦਿਤੀ।
Harsimrat Kaur Badal
ਹਰਸਿਮਰਤ ਕੌਰ ਬਾਦਲ ਦਾ ਕਹਿਣਾ ਸੀ ਕਿ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਕਾਨੂੰਨ ਦੇ ਵਿਰੋਧ ਵਿਚ ਮੈਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿਤਾ ਹੈ। ਮੈਨੂੰ ਮਾਣ ਹੈ ਕਿ ਮੈਂ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਅਤੇ ਭੈਣ ਬਣ ਕੇ ਖੜ੍ਹੀ ਹਾਂ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸਦਨ 'ਚ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਐਲਾਨ ਕੀਤਾ ਸੀ।
Harsimrat Kaur Badal
ਸੁਖਬੀਰ ਬਾਦਲ ਨੇ ਇਨ੍ਹਾਂ ਬਿੱਲਾਂ 'ਤੇ ਹੋਈ ਬਹਿਸ਼ 'ਚ ਹਿੱਸਾ ਲੈਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਉਹ ਖੇਤੀ ਸਬੰਧੀ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਦੇ ਯੂ-ਟਰਨ ਵੀ ਨਹੀਂ ਲਿਆ। ਉਨ੍ਹਾਂ ਕਿਹਾ ਅਸੀਂ ਐਨ.ਡੀ.ਏ. ਦੇ ਭਾਈਵਾਲ ਹਾਂ। ਅਸੀਂ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਬਾਰੇ ਦਸਿਆ। ਅਸੀਂ ਕਿਸਾਨਾਂ ਦੇ ਡਰ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਪਰ ਅਜਿਹਾ ਨਹੀਂ ਹੋਇਆ। ”
Harsimrat Kaur Badal
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅੰਨ ਦੇ ਮਾਮਲੇ ਵਿਚ ਸਵੈ-ਨਿਰਭਰ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੰਜਾਬ ਦੀਆਂ ਸਰਕਾਰਾਂ ਨੇ ਖੇਤੀਬਾੜੀ ਢਾਂਚੇ ਨੂੰ ਤਿਆਰ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ ਪਰ ਇਹ ਆਰਡੀਨੈਂਸ ਉਨ੍ਹਾਂ ਦੀ 50 ਸਾਲਾ ਤਪਸਿਆ ਨੂੰ ਬਰਬਾਦ ਕਰ ਦੇਵੇਗਾ। ਅਕਾਲੀ ਦਲ ਦੇ ਨੇਤਾ ਨੇ ਲੋਕ ਸਭਾ ਵਿਚ ਕਿਹਾ, “ਮੈਂ ਐਲਾਨ ਕਰਦਾ ਹਾਂ ਕਿ ਹਰਸਿਮਰਤ ਕੌਰ ਬਾਦਲ ਸਰਕਾਰ ਤੋਂ ਅਸਤੀਫਾ ਦੇਵੇਗੀ।''
Harsimrat Kaur Badal
ਕਾਬਲੇਗੌਰ ਹੈ ਕਿ ਪੰਜਾਬ ਦੀਆਂ ਜ਼ਿਆਦਾਤਰ ਸਿਆਸੀ ਧਿਰਾਂ ਨੇ ਲੋਕ ਸਭਾ 'ਚ ਇਸ ਬਿੱਲ ਦਾ ਵਿਰੋਧ ਕੀਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਇਸ ਨੂੰ ਕਾਲਾ ਕਾਨੂੰਨ ਕਰਾਰ ਦਿਤਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਵੀ ਜ਼ੋਰਦਾਰ ਢੰਗ ਨਾਲ ਇਸ ਕਾਨੂੰਨ ਦੀਆਂ ਕਮੀਆਂ ਨੂੰ ਉਠਾਇਆ ਹੈ। ਆਰਐਸਪੀ ਦੇ ਐਨ ਕੇ ਪ੍ਰੇਮਾਚੰਦਰਨ ਦਾ ਕਹਿਣਾ ਸੀ ਕਿ ਸਰਕਾਰ ਨੇ ਕਰੋਨਾ ਕਾਲ ਦਾ ਫ਼ਾਇਦਾ ਉਠਾਉਂਦਿਆਂ ਆਰਡੀਨੈਂਸਾਂ ਰਾਹੀਂ ਖੇਤੀਬਾੜੀ ਸੈਕਟਰ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਹੈ।