
ਪੰਜਾਬ ਕਾਂਗਰਸ ਦੇ ਵਫ਼ਦ ਵਲੋਂ ਕੇਂਦਰ 'ਤੇ ਖੇਤੀਬਾੜੀ ਬਿੱਲ ਲਾਗੂ ਨਾ ਕਰਨ ਹਿਤ ਜ਼ੋਰ ਪਾਉਣ ਲਈ ਰਾਜਪਾਲ ਨਾਲ ਮੁਲਾਕਾਤ
ਅਕਾਲੀਆਂ ਦੇ ਯੂ ਟਰਨ ਨੂੰ ਡਰਾਮੇਬਾਜ਼ੀ ਦਸਦਿਆਂ ਸਵਾਲ ਕੀਤਾ ਕਿ ਪਹਿਲਾਂ ਉਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਿਉਂ ਨਹੀਂ ਕੀਤਾ
ਚੰਡੀਗੜ੍ਹ, 16 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਕਾਂਗਰਸੀ ਵਫ਼ਦ ਦੀ ਅਗਵਾਈ ਕਰਦਿਆਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇਕ ਮੈਮੋਰੰਡਮ ਸੌਂਪਿਆ ਅਤੇ ਕੇਂਦਰ ਸਰਕਾਰ ਦੁਆਰਾ ਸੰਸਦ ਵਿਚ ਖੇਤੀਬਾੜੀ ਬਿੱਲਾਂ ਨੂੰ ਲਾਗੂ ਨਾ ਕਰਨ ਸਬੰਧੀ ਜ਼ੋਰ ਪਾਉਣ ਲਈ ਉਨ੍ਹਾਂ ਦਾ ਦਖ਼ਲ ਮੰਗਿਆ। ਮੰਗ ਪੱਤਰ ਵਿੱਚ ਕੇਂਦਰ ਸਰਕਾਰ ਨੂੰ ਬਿੱਲਾਂ ਦੁਆਰਾ ਪੇਸ਼ ਕੀਤੇ ਕਦਮਾਂ ਦੀ ਸਮੀਖਿਆ ਅਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ, ''ਕਿਉਂਕਿ ਇਨ੍ਹਾਂ ਰਾਹੀਂ ਕੀਤੇ ਗਏ ਵਾਅਦੇ ਪੂਰੇ ਹੋਣ ਦੀ ਸੰਭਾਵਨਾ ਨਹੀਂ ਹੈ। ਸਾਡੇ ਸੰਵਿਧਾਨ ਅਨੁਸਾਰ ਖੇਤੀਬਾੜੀ ਮੰਡੀਕਰਨ ਦਾ ਵਿਸ਼ਾ ਸੂਬਿਆਂ 'ਤੇ ਛੱਡ ਦੇਣਾ ਚਾਹੀਦਾ ਹੈ।''
ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਖੇਤੀਬਾੜੀ ਆਰਡੀਨੈਂਸਾਂ ਨੂੰ ਅਮਲੀ ਰੂਪ 'ਚ ਲਾਗੂ ਕੀਤੇ ਜਾਣ ਨਾਲ ਇਸ ਸਰਹੱਦੀ ਸੂਬੇ ਵਿਚ ਬਦਅਮਨੀ ਅਤੇ ਗੁੱਸੇ ਦੀ ਲਹਿਰ ਦੌੜ ਜਾਵੇਗੀ। ਕਿਉਂ ਜੋ ਸੂਬਾ ਪਹਿਲਾਂ ਹੀ ਪਾਕਿਸਤਾਨ ਵਲੋਂ ਗੜਬੜੀ ਪੈਦਾ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਨਾਲ ਜੂਝ ਰਿਹਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਵਫ਼ਦ ਦੇ ਹੋਰਨਾਂ ਮੈਂਬਰਾਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਨੇ ਰਾਜਪਾਲ ਨੂੰ ਦਸਿਆ ਕਿ ਪਾਰਟੀ ਇਹ ਮਹਿਸੂਸ ਕਰਦੀ ਹੈ ਕਿ ਮੌਜੂਦਾ ਖਰੀਦ ਪ੍ਰਣਾਲੀ ਨਾਲ ਕਿਸੇ ਵੀ ਕਿਸਮ ਦੀ ਛੇੜਛਾੜ ਅਤੇ ਉਹ ਵੀ ਦੇਸ਼ ਵਿਆਪੀ ਸੰਕਟ ਦੇ ਇਸ ਸਮੇਂ, ਸੂਬੇ ਦੇ ਕਿਸਾਨਾਂ ਵਿਚ ਫੈਲੀ ਸਮਾਜਕ ਤੌਰ 'ਤੇ ਬੇਚੈਨੀ ਹੋਰ ਡੂੰਘੀ ਹੋ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਇਹ ਬਿੱਲ, ਜਿਨ੍ਹਾਂ ਵਿਚੋਂ ਇਕ ਨੂੰ ਬੀਤੇ ਦਿਨੀਂ ਲੋਕ ਸਭਾ ਵਿਚ ਪਾਸ ਕੀਤਾ ਜਾ ਚੁਕਿਆ ਹੈ, ਕੌਮੀ ਹਿਤਾਂ ਵਿਰੁਧ ਹਨ ਅਤੇ ਖਾਸ ਕਰ ਕੇ ਪੰਜਾਬ ਲਈ ਘਾਤਕ ਹਨ ਜਿੱਥੇ ਕਿ ਵੱਡੀ ਗਿਣਤੀ ਵਿਚ ਕਿਸਾਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ ਅਤੇ ਜਿਨ੍ਹਾਂ ਨੂੰ ਇਸ ਦਾ ਸੱਭ ਤੋਂ ਵੱਧ ਨੁਕਸਾਨ ਪੁੱਜੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਬਾਬਤ ਤਿੰਨ ਵਾਰ ਪ੍ਰਧਾਨ ਮੰਤਰੀ ਨੂੰ ਲਿਖ ਚੁੱਕੇ ਹਨ ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਅਤੇ ਬਾਕੀ ਰਹਿੰਦੇ ਦੋ ਬਿੱਲਾਂ ਨੂੰ ਕਾਨੂੰਨ ਦੀ ਸੂਰਤ ਦੇਣ ਨਾਲ ਪੰਜਾਬ ਬਰਬਾਦ ਹੋ ਜਾਵੇਗਾ। ਕਿਉਂਜੋ ਜੇਕਰ ਐਮ.ਐਸ.ਪੀ. ਪ੍ਰਣਾਲੀ ਖਤਮ ਕੀਤੀ ਜਾਂਦੀ ਹੈ, ਇਸ ਦਿਸ਼ਾ ਵਿੱਚ ਕੇਂਦਰ ਸਰਕਾਰ ਵਧਦੀ ਹੋਈ ਨਜ਼ਰ ਆ ਰਹੀ ਹੈ, ਤਾਂ ਪੰਜਾਬ ਅਤੇ ਪੂਰੇ ਦੇਸ਼ ਦਾ ਖੇਤੀਬਾੜੀ ਖੇਤਰ ਤਬਾਹ ਹੋ ਜਾਵੇਗਾ। ਬੀਤੇ ਦਿਨ ਲੋਕ ਸਭਾ ਵਿਚ ਇਕ ਬਿੱਲ ਦੇ ਪਾਸ ਹੋਣ ਨੂੰ ਸੰਸਦ ਦੇ ਇਤਿਹਾਸ ਦਾ ਕਾਲਾ ਦਿਨ ਦਸਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਦਬਾਅ ਹੇਠ ਅਕਾਲੀ ਦਲ ਕੇਂਦਰ ਸਰਕਾਰ ਵਿਚੋਂ ਅਸਤੀਫ਼ੇ ਦਾ ਡਰਾਮਾ ਰਚਣ ਦੀ ਹੱਦ ਤਕ ਵੀ ਜਾ ਸਕਦਾ ਪਰ ਇਸ ਨਾਲ ਪਾਰਟੀ ਦਾ ਇਕ ਹੋਰ ਝੂਠ ਨੰਗਾ ਹੋ ਜਾਵੇਗਾ। ਉਨ੍ਹਾਂ ਦੇਸ਼ ਖਾਸ ਕਰ ਕੇ ਪੰਜਾਬ ਦੇ ਕਿਸਾਨਾਂ ਨੂੰ ਸਿਜਦਾ ਕੀਤਾ ਜਿਨ੍ਹਾਂ ਨੇ ਅਕਾਲੀਆਂ ਨੂੰ ਇਸ ਮੁੱਦੇ ਉਤੇ ਅਪਣਾ ਫੈਸਲਾ ਪਲਟਣ ਲਈ ਮਜਬੂਰ ਕਰ ਦਿਤਾ। ਉਨ੍ਹਾਂ ਉਚੇਚੇ ਤੌਰ 'ਤੇ ਕੇਂਦਰੀ ਮੰਤਰੀ ਰਾਓ ਸਾਹਿਬ ਦਾਨਵੇ ਦੇ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਆਰਡੀਨੈਂਸਾਂ ਦੇ ਮਾਮਲੇ ਵਿੱਚ ਪੰਜਾਬ ਨਾਲ ਕਦੇ ਵੀ ਸਲਾਹ ਨਹੀਂ ਕੀਤੀ ਗਈ।
ਰਾਜਪਾਲ ਨੂੰ ਅੱਜ ਮਿਲਣ ਵਾਲੇ ਵਫਦ ਵਿੱਚ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ ਤੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਰਾਣਾ ਗੁਰਜੀਤ ਸਿੰਘ, ਕੁਲਜੀਤ ਸਿੰਘ ਨਾਗਰਾ ਤੇ ਡਾ. ਰਾਜ ਕੁਮਾਰ ਵੇਰਕਾ ਅਤੇ ਪ੍ਰਦੇਸ਼ ਕਾਂਗਰਸ ਸਕੱਤਰ ਕੈਪਟਨ ਸੰਦੀਪ ਸੰਧੂ ਵੀ ਸ਼ਾਮਲ ਸਨ।image