
ਸੋਨੀ ਵਲੋਂ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ 'ਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਕਰਨ ਦੇ ਹੁਕਮ
to
ਚੰਡੀਗੜ੍ਹ, 16 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਬਣਾਉਣ ਅਤੇ ਜ਼ਰੂਰਤ ਤੋਂ 200 ਸਿਲੰਡਰ ਵਾਧੂ ਹਰ ਸਮੇਂ ਅਪਣੇ ਸਟੋਰਾਂ ਵਿਚ ਉਪਲੱਬਧ ਰੱਖਣ। ਇਸ ਮੌਕੇ ਉਨ੍ਹਾਂ ਆਕਸੀਜਨ ਗੈਸ ਸਪਲਾਇਰਾਂ ਨੂੰ ਟੈਲੀਫ਼ੋਨ ਰਾਹੀਂ ਗੱਲ ਕਰ ਕੇ ਹਦਾਇਤ ਕੀਤੀ ਕਿ ਉਹ ਆਕਸੀਜਨ ਗੈਸ ਸਪਲਾਈ ਨੂੰ ਸੁਚਾਰੂ ਤਰੀਕੇ ਨਾਲ ਹਸਪਤਾਲਾਂ ਨੂੰ ਪੁੱਜਦਾ ਕਰਨਾ ਯਕੀਨੀ ਬਣਾਉਣ।
ਅੱਜ ਇਥੇ ਅਪਣੀ ਸਰਕਾਰੀ ਰਿਹਾਇਸ਼ 'ਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਕਾਰਨ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਲੋਂ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸੇਵਾਵਾਂ ਦਾ ਪੜਚੋਲ ਕੀਤਾ ਗਿਆ ਅਤੇ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿਤੀ ਜਾਵੇ। ਉਨ੍ਹਾਂ ਹਸਪਤਾਲਾਂ ਵਿਚ ਸਾਫ਼ ਸਫ਼ਾਈ ਉਤੇ ਹੋਰ ਜ਼ੋਰ ਦੇਣ ਦੇ ਵੀ ਆਦੇਸ਼ ਦਿਤੇ।
ਸ੍ਰੀ ਸੋਨੀ ਨੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਵਲੋਂ ਜੋ ਵੀ ਮੰਗ ਕੀਤੀ ਜਾ ਰਹੀ ਹੈ ਉਸ ਨੂੰ ਤੁਰਤ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਪੰਜਾਬ ਰਾਜ ਦੇ ਤਿੰਨੇ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਾਪਤ ਇਕ-ਇਕ ਕਰੋੜ ਦੇ ਚੈਕ ਵੀ ਭੇਂਟ ਕੀਤੇ ਗਏ ਜੋ ਕਿ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਕਾਰਜਾਂ ਤੇ ਖਰਚ ਕੀਤੇ ਜਾਣਗੇ। ਸ੍ਰੀ ਸੋਨੀ ਨੇ ਮੁੱਖ ਮੰਤਰੀ ਦੇ ਇਸ ਕਦਮ ਲਈ ਉਨ੍ਹਾਂ ਦਾ ਧਨਵਾਦ ਵੀ ਕੀਤਾ।
ਡਾਕਟਰੀ ਸਿਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਮੀਟਿੰਗ ਦੌਰਾਨ ਜਾਣਕਾਰੀ ਦਿਤੀ ਕਿ ਮੁੱਖ ਸਕੱਤਰ ਪੰਜਾਬ ਜੀ ਵਲੋਂ ਬੀਤੇ ਕੱਲ ਹੀ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਨੂੰ ਪ੍ਰਵਾਨਗੀ ਦਿਤੀ ਹੈ ਜੋ ਕਿ ਜਲਦ ਹੀ ਕਾਲਜਾਂ ਨੂੰ ਮਿਲ ਜਾਵੇਗੀ। ਉਨ੍ਹਾਂ ਇਸ ਕਾਰਜ ਲਈ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਦਾ ਧਨਵਾਦ ਕੀਤਾ। ਮੀਟਿੰਗ ਵਿਚ ਡਾਇਰੈਟਰ ਡਾਕਟਰੀ ਸਿਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਹਾਜ਼ਰ ਸਨ।
image
ਪੰਜਾਬ ਰਾਜ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਨੂੰ ਇਕ-ਇਕ ਕਰੋੜ ਦੇ ਚੈਕ ਭੇਂਟ