
ਸਮਾਜਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਗਏ ਕਈ ਉਪਰਾਲੇ : ਅਰੁਣਾ ਚੌਧਰੀ
ਚੰਡੀਗੜ੍ਹ, 16 ਸਤੰਬਰ (ਸ.ਸ.ਸ.) : ਪੰਜਾਬ ਦੇ ਸਮਾਜਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ ਤਾਂ ਜੋ ਜ਼ਮੀਨੀ ਪੱਧਰ ਤਕ ਲੋਕਾਂ ਨੂੰ ਸਮਾਜਕ ਸੁਰੱਖਿਆ ਅਧੀਨ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ |
ਅਰੁਣਾ ਚੌਧਰੀ ਅੱਜ ਇਥੇ ਪੋਸ਼ਣ ਅਭਿਆਨ ਮਹੀਨੇ ਤਹਿਤ ਕਰਵਾਈ ਗਈ ਰਾਜ ਪਧਰੀ ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਸਨ | ਵਿਭਾਗ ਵਲੋਂ 1 ਸਤੰਬਰ ਤੋਂ 30 ਸਤੰਬਰ, 2021 ਤਕ ਸੂਬੇ ਭਰ ਵਿਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ |
ਇਸ ਮੌਕੇ ਉਨ੍ਹਾਂ ਕਿਹਾ ਕਿ ਵਿਭਾਗ ਵਿਚ ਵੱਡੇ ਪੱਧਰ 'ਤੇ ਪੰਜਾਬ ਸਰਕਾਰ ਵਲੋਂ ਭਰਤੀਆਂ ਕੀਤੀਆਂ ਗਈਆਂ ਅਤੇ ਨਾਲ ਦੀ ਨਾਲ ਹੀ ਯੋਗ ਅਧਿਕਾਰੀਆਂ/ ਕਰਮਚਾਰੀਆਂ ਨੂੰ ਤਰੱਕੀਆਂ ਵੀ ਦਿਤੀਆਂ ਗਈਆਂ | ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਾਡਾ ਇਹ ਵਿਭਾਗ ਸਿੱਧੇ ਤੌਰ 'ਤੇ ਸਮਾਜ ਸੇਵਾ ਨਾਲ ਜੁੜਿਆ ਹੋਇਆ ਹੈ ਅਤੇ ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਸਮਾਜ ਦੇ ਉਨ੍ਹਾਂ ਲੋਕਾਂ ਦੀ ਮਦਦ ਕਰਨ ਦਾ ਸੁਭਾਗ ਮਿਲਿਆ ਹੈ, ਜਿਨ੍ਹਾਂ ਦੀ ਮਦਦ ਕਰਨ ਵਾਲੇ ਬਹੁਤ ਘੱਟ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸਾਡਾ ਕੰਮ ਪੁੰਨ ਨਾਲੇ ਫਲੀਆਂ ਵਾਲੀ ਕਹਾਵਤ ਨੂੰ ਸਿੱਧ ਕਰਦਾ ਹੈ | ਇਸ ਮੌਕੇ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਵਿਭਾਗ ਰਾਹੀਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰਾਜੈਕਟਾਂ ਨੂੰ ਆਗਾਮੀ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲੈਣ |