
ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੀ ਅਕਾਲ ਤਖ਼ਤ ਦੇ ਹੁਕਮ ਨੂੰ ਮੰਨੇਗੀ
ਚੰਡੀਗੜ੍ਹ (ਐਸ.ਐਸ. ਬਰਾੜ): ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੁਣ ਇਕੋ ਸਟੇਜ ਉਪਰ ਹੀ ਮਨਾਇਆ ਜਾਵੇਗਾ। ਸਾਰੀਆਂ ਧਿਰਾਂ ਨੇ ਅਕਾਲ ਤਖ਼ਤ ਦੇ ਫ਼ੈਸਲੇ ਨੂੰ ਮੰਨਣ ਲਈ ਸਹਿਮਤੀ ਦੇ ਦਿਤੀ ਹੈ। ਸਿਰਫ਼ ਜਥੇਦਾਰ ਸਾਹਿਬਾਨ ਦੀ ਮੀਟਿੰਗ ਵਿਚ ਫ਼ੈਸਲਾ ਲਿਆ ਜਾਣਾ ਹੀ ਬਾਕੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੀ ਇਸ ਨਾਲ ਸਹਿਮਤ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਸਪਸ਼ਟ ਕਰ ਦਿਤਾ ਸੀ ਕਿ ਉਹ ਅਕਾਲ ਤਖ਼ਤ ਨੂੰ ਸਮਰਪਤ ਹਨ
SGPC
ਅਤੇ ਜੋ ਵੀ ਫ਼ੈਸਲਾ ਅਕਾਲ ਤਖ਼ਤ ਦੇ ਜਥੇਦਾਰ ਕਰਨਗੇ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਮੁੱਖ ਮੰਤਰੀ ਨੇ ਕੁੱਝ ਸੁਝਾਅ ਵੀ ਦਿਤੇ ਹਨ ਅਤੇ 'ਜਥੇਦਾਰਾਂ' ਦੀ ਹੋਣ ਵਾਲੀ ਮੀਟਿੰਗ ਵਿਚ ਇਨ੍ਹਾਂ ਉਪਰ ਵਿਚਾਰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਇਕ ਸੀਨੀਅਰ ਆਗੂ ਨਾਲ ਇਸ ਸਬੰਧੀ ਗੱਲ ਹੋਈ ਤਾਂ ਉਨ੍ਹਾਂ ਕਿਹਾ ਕਿ ਜੇਕਰ ਸਾਂਝਾ ਸਮਾਗਮ ਹੁੰਦਾ ਹੈ ਤਾਂ ਇਹ ਚੰਗੀ ਗੱਲ ਹੈ। ਇਸ ਸਬੰਧੀ ਕਿਸੀ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਇਸ ਮੁੱਦੇ 'ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਗੱਲ ਹੋਈ ਤਾਂ ਉਨ੍ਹਾਂ ਕਿਹਾ ਕਿ ਉਹ ਤਾਂ ਪਹਿਲਾਂ ਹੀ ਰਹਿ ਚੁਕੇ ਹਨ ਕਿ 12 ਨਵੰਬਰ ਨੂੰ ਨਿਰੋਲ ਧਾਰਮਕ ਸਮਾਗਮ ਹੋਵੇਗਾ।