
ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਬਾਹਰ ਕਰਨ ਦਾ ਮਨ ਬਣਾਇਆ : ਭਗਵੰਤ ਮਾਨ
ਕਿਹਾ, ਕਾਂਗਰਸ 'ਵਿਧਾਇਕ ਐਕਸਚੇਂਜ ਪਾਰਟੀ' ਬਣੀ
ਭਾਵਨਗਰ (ਗੁਜਰਾਤ), 16 ਅਕਤੂਬਰ (ਸਸਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣ ਦਾ ਮਨ ਬਣਾ ਲਿਆ ਹੈ |
ਇਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਦੇ ਹੱਕ ਵਿਚ ਵਗਣ ਵਾਲੀ ਹਵਾ, ਹਨੇਰੀ ਵਿਚ ਤਬਦੀਲ ਹੋ ਗਈ ਹੈ | ਕਾਂਗਰਸ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਗੁਜਰਾਤ ਵਿਚ ਤਬਦੀਲੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੀ ਹੈ ਪਰ ਇਹ ਪਾਰਟੀ 'ਐਮਐਲਏ ਐਕਸਚੇਂਜ ਪਾਰਟੀ' ਬਣ ਕੇ ਰਹਿ ਗਈ ਹੈ ਕਿਉਂਕਿ ਇਸ ਦੇ ਜ਼ਿਆਦਾਤਰ ਵਿਧਾਇਕ ਦੂਜੀਆਂ ਪਾਰਟੀਆਂ ਵਲੋਂ ਅਪਣੇ ਵਿਚ ਰਲਾਏ ਜਾ ਰਹੇ ਹਨ | ਸੂਬੇ ਵਿਚ ਆਮ ਲੋਕਾਂ ਦੀ ਤਰਸਯੋਗ ਹਾਲਤ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਲੋਕਾਂ ਦੀ ਦੌਲਤ ਲੁੱਟਣ ਲਈ ਜ਼ਿੰਮੇਵਾਰ ਹੈ |
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ | ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ
ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ਵਿਚ ਹਨ | 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਵੀ ਇਹੋ ਹਾਲਾਤ ਸਨ | ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿਚ ਆਏਗੀ |
ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰ ਬਿਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ | ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿਚ ਹੁਣ ਤਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹਈਆ ਕੀਤੀਆਂ ਗਈਆਂ ਹਨ |