
ਮੋਦੀ ਅਤੇ ਕੈਪਟਨ ਦੋਵੇਂ ਨਵੇਂ ਕਿਸਾਨ ਬਿੱਲਾਂ ਲਈ ਜਿੰਮੇਦਾਰ
ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਗਏ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਵਿਰੋਧ ਕਰਦੀ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਅਪਣਾਇਆ ਗਿਆ ਵਤੀਰਾ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦਿਨ ਰਾਤ ਮਿਹਨਤ ਕਰਕੇ ਲੋਕਾਂ ਲਈ ਅਨਾਜ ਪੈਦਾ ਕਰਨ ਵਾਲੇ ਕਿਸਾਨਾਂ ਪ੍ਰਤੀ ਮਾੜਾ ਸਰਕਾਰੀ ਰਵੱਈਆ ਦੇਖ ਕੇ ਬਹੁਤ ਪੀੜਾਂ ਪਹੁੰਚਦੀ ਹੈ।
Farmers Protest
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਬਿੱਲ ਜੋ ਹੁਣ ਕਾਨੂੰਨ ਬਣ ਚੁੱਕੇ ਨੂੰ ਲੈ ਕੇ ਆਮ ਆਦਮੀ ਪਾਰਟੀ ਹਮੇਸ਼ਾ ਹੀ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਵਲੰਟੀਅਰ, ਪਾਰਟੀ ਆਗੂ ਬਿਨਾਂ ਕਿਸੇ ਆਪਣੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਹਮੇਸ਼ਾ ਕਿਸਾਨਾਂ ਦੇ ਸੰਘਰਸ਼ ਵਿਚ ਸ਼ਮੂਲੀਅਤ ਕਰਦੇ ਆ ਰਹੇ ਹਨ। ਸੂਬਾ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੰਨਣ ਦੀ ਬਜਾਏ ਅੰਨ੍ਹੀ ਹੋ ਚੁੱਕੀ ਹੈ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜ੍ਹ ਦੇ ਹੋਏ ਸੂਬਾ ਸਰਕਾਰ ਵੱਲੋਂ ਐਮਐਸਪੀ ਦੇਣੀ ਚਾਹੀਦੀ ਹੈ।
CM Amarinder Singh
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਹ ਵੀ ਪੱਕੀ ਗਾਰੰਟੀ ਦੇਣ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।
ਮਾਨ ਨੇ ਕਿਹਾ ਕਿ ਸਾਡੀ ਲੜਾਈ ਲੋਕਾਂ ਦੇ ਹੱਕਾਂ ਲਈ ਹੈ ਅਤੇ ਅਸੀਂ ਉਦੋਂ ਤੱਕ ਸੰਘਰਸ਼ ਜਾਰੀ ਰੱਖਾਂਗੇ ਜਦੋਂ ਤੱਕ ਕਿਸਾਨਾਂ, ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲਦੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੀ ਬਜਾਏ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੀ ਸੇਵਾ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਮੁੱਖ ਮਕਸਦ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣਾ ਹੈ ਨਾ ਕਿ ਆਮ ਜਨਤਾ ਦੀ ਭਲਾਈ ਲਈ ਕੰਮ ਕਰਨਾ।
Bhagwant Mann
ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਇਸ ਸਰਕਾਰ ਨੇ ਲੋਕ ਵਿਰੋਧੀ ਫ਼ੈਸਲੇ ਕਰਦੇ ਹੋਏ ਲੋਕਾਂ ਨਾਲ ਤਜਰਬੇ ਕਰਦਿਆਂ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਭੁੱਖਮਰੀ ਦੇ ਦੌਰ ਵਿਚੋਂ ਲੰਘ ਰਿਹਾ ਸੀ ਤਾਂ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਲਈ ਵਾਧੂ ਅਨਾਜ ਪੈਦਾ ਕੀਤਾ ਸੀ। ਪ੍ਰੰਤੂ ਹੁਣ ਉਸੇ ਪੰਜਾਬ ਦੇ ਲੋਕ ਜਿਊਣ ਦੇ ਲਈ ਸੰਘਰਸ਼ ਕਰ ਰਹੇ ਹਨ, ਸਰਕਾਰ ਆਪਣੇ ਫ਼ਰਜ਼ਾਂ ਤੋਂ ਭੱਜ ਰਹੀ ਹੈ।
ਮਾਨ ਨੇ ਪੰਜਾਬ ਦੀ ਕੈਪਟਨ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਜੋ ਹੁਣ ਪੂਰੇ ਕਰਨ ਤੋਂ ਭੱਜ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੰਦਿਆਂ ਮਾਨ ਨੇ ਕਿਹਾ ਕਿ ਜਾਂ ਤਾਂ ਉਹ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਜਾਂ ਫਿਰ ਮੁੱਖ ਮੰਤਰੀ ਦੀ ਗੱਦੀ ਛੱਡਣ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਕੰਮ ਕਰਨ ਨਾ ਕਿ ਉਨ੍ਹਾਂ ਤੋਂ ਬਦਲਾ ਲਊ ਦੀ ਭਾਵਨਾ ਨਾਲ।