
ਕਿਹਾ, ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਮਹਿਜ਼ ਅੱਖਾਂ ਵਿਚ ਘੱਟਾ ਪਾਉਣ ਵਾਲੀ ਕਾਰਵਾਈ
ਰਾਜਪੁਰਾ : ਪੰਜਾਬ ਵਿਚ ਬਿਨਾਂ ਕਿਸੇ ਰੋਕ-ਟੋਕ ਤੋਂ ਚੱਲ ਰਹੀਆਂ ਨਕਲੀ ਸ਼ਰਾਬ ਦੀਆਂ ਫ਼ੈਕਟਰੀਆਂ ਅਤੇ ਇਸ ਨਾਲ ਹੋ ਰਹੀਆਂ ਮੌਤਾਂ ਉਤੇ ਆਮ ਆਦਮੀ ਪਾਰਟੀ ਨੇ ਅੱਜ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਮਾਮਲੇ ਦੇ ਦੋਸ਼ੀਆਂ ਅਤੇ ਕਾਂਗਰਸੀ ਵਿਧਾਇਕਾਂ ਦੇ ਕਾਲ ਰੀਕਾਰਡ ਜਨਤਕ ਕਰਨ ਦੀ ਮੰਗ ਕੀਤੀ।
Harpal Singh Cheema
ਰਾਜਪੁਰਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖਜ਼ਾਨਚੀ ਨੀਨਾ ਮਿੱਤਲ ਨੇ ਦੋਸ਼ ਲਗਾਇਆ ਕਿ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਹੀ ਸੂਬੇ ਵਿਚ ਨਸ਼ੇ ਤਸਕਰੀ ਅਤੇ ਨਕਲੀ ਸ਼ਰਾਬ ਦੇ ਧੰਦੇ ਨੂੰ ਚਲਾ ਰਹੇ ਹਨ ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਏ ਹਨ। ਉਨ੍ਹਾਂ ਇਸ ਮਾਮਲੇ ਦੀ ਜਾਂਚ ਈਡੀ ਜਾਂ ਸੀਬੀਆਈ ਨੂੰ ਸੌਂਪ ਕੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਸਰਕਾਰ ਵਲੋਂ ਆਮ ਲੋਕਾਂ ਦੀ ਅੱਖਾਂ ਵਿੱਚ ਘੱਟਾ ਪਾਉਣ ਵਾਲੀ ਕਾਰਵਾਈ ਹੈ ਜਿਸ ਨਾਲ ਕੱੁਝ ਵੀ ਬਦਲਣ ਵਾਲਾ ਨਹੀਂ ਹੈ।
Harpal Singh Cheema
ਕਾਂਗਰਸ ਦੇ ਦੋ ਵਿਧਾਇਕਾਂ ਵਲੋਂ ਅਪਣੀ ਹੀ ਸਰਕਾਰ ਦੇ ਐਕਸਾਈਜ਼ ਅਤੇ ਪੁਲਿਸ ਵਿਭਾਗ ’ਤੇ ਚੁੱਕੇ ਸਵਾਲਾਂ ਨੇ ਸਿੱਧ ਕਰ ਦਿਤਾ ਹੈ ਕਿ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹਨ। ਕਾਂਗਰਸੀ ਵਿਧਾਇਕਾਂ ਨੇ ਇਹ ਸੱਪਸ਼ਟ ਕਰ ਦਿਤਾ ਕਿ ਨਕਲੀ ਸ਼ਰਾਬ ਦੀਆਂ ਫ਼ੈਕਟਰੀਆਂ ਚਲਾਉਣ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਬਚਾਉਣ ਲਈ ਰਾਜਨੀਤਕ ਸ਼ਹਿ ਦੇ ਅਧੀਨ ਐਕਸਾਈਜ਼ ਵਿਭਾਗ ਅਤੇ ਪੁਲਿਸ ਵਿਭਾਗ ਜ਼ਿੰਮੇਵਾਰ ਹਨ।
Harpal Singh Cheema
ਇਹ ਦੋਵੇਂ ਵਿਭਾਗ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹਨ। ਜੇਕਰ ਕੈਪਟਨ ਅਮਰਿੰਦਰ ਨੇ ਸ਼ਰਾਬ ਮਾਫ਼ੀਏ ਦਾ ਖਹਿੜਾ ਛੱਡਦੇ ਹੋਏ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਾ ਦਿੱਤੀਆਂ ਤਾਂ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿਚ ਸੰਘਰਸ਼ ਵਿੱਢੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ, ਇਸਲਾਮ ਅਲੀ, ਦਿਨੇਸ਼ ਮਹਿਤਾ ਸਿਕੰਦਰ ਸਿੰਘ, ਸੰਦੀਪ ਬਾਵਾ ਗੁਰਪ੍ਰੀਤ ਧਮੋਲੀ, ਬੰਤ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਅਮਨ ਸੈਣੀ, ਨਵਤੇਜ ਸਿੰਘ ਪਿ੍ਰੰਸ, ਅੰਗਰੇਜ ਸਿੰਘ, ਹਰੀਸ਼ ਨਰੂਲਾ, ਗੁਰਵੀਰ ਸਰਾਉ, ਰਾਜਿੰਦਰ ਮੋਹਨ, ਦੀਪਕ ਸੂਦ, ਹਰਿਓਮ ਮਾਨ, ਮਨਦੀਪ ਸਰਾਓ ਵੀ ਹਾਜ਼ਰ ਸਨ।