2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ‘ਆਪ’ ਆਗੂਆਂ ਨੂੰ ਪਿੰਡਾਂ ’ਚ ਨਹੀਂ ਵੜਨ ਦੇਣਗੇ
ਚਮਕੌਰ ਸਾਹਿਬ : ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਚਮਕੋਰ ਸਾਹਿਬ ਹਲਕੇ ਚੋਂ ਆਮ ਆਦਮੀ ਪਾਰਟੀ ਦਾ ਸੁਪੜਾ ਸਾਫ ਹੋ ਗਿਆ ਹੈ। ਇਹ ਚੋਣਾਂ ਕਾਂਗਰਸ ਪਾਰਟੀ ਨੇ ਲੋਕਾਂ ਦੇ ਸਾਥ ਨਾਲ ਇਕ ਪਾਸੜ ਹੋ ਕੇ ਜਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਵੱਖ-ਵੱਖ ਪਾਰਟੀਆਂ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲ ਰਿਹਾ ਹੈ, ਪਰ ਚਮਕੌਰ ਸਾਹਿਬ ਅਤੇ ਮੋਰਿੰਡਾ ਵਿੱਚ ਨਤੀਜਾ ਇੱਕਪਾਸੜ ਹੋ ਕੇ ਕਾਂਗਰਸ ਦੇ ਹੱਕ ਵਿੱਚ ਜਾ ਰਹੇ। ਚੰਨੀ ਨੇ ਕਿਹਾ ਕਿ ਸਰਕਾਰ ਨੇ ਧੱਕੇਸ਼ਾਹੀ ਕਰਨ ਦੀ ਨੀਤੀ ਤਾਂ ਬਣਾਈ ਪਰ ਸਰਕਾਰੀ ਅਧਿਕਾਰੀ ਵਧੀਆ ਤਰੀਕੇ ਨਾਲ ਕੰਮ ਕੀਤਾ ਅਤੇ ਸਰਕਾਰੀ ਅਧਿਕਾਰੀਆਂ ਸਰਕਾਰ ਦਾ ਬਹੁਤਾ ਦਬਾਅ ਨਹੀਂ ਝੱਲਿਆ।
ਉਨ੍ਹਾਂ ਕਿਹਾ ਕਿ ਜਲੰਧਰ ਅਤੇ ਨਵਾਂਸ਼ਹਿਰ ਤੇ ਹੋਰ ਵੱਖ-ਵੱਖ ਜ਼ਿਲ੍ਹਿਆਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਹੁਮਤ ਨਾਲ ਜਿੱਤ ਰਹੇ ਹਨ ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਲੋਕ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਪਾਥੀਆਂ ਮਾਰਨਗੇ ਅਤੇ ਇਨ੍ਹਾਂ ਨੂੰ ਪਿੰਡਾਂ ਵਿਚ ਨਹੀਂ ਵੜਨ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ
