
ਕਿਹਾ, ਕਿਸਾਨਾਂ ਨੂੰ ਭਵਿੱਖੀ ਲਾਮਬੰਦੀ ਲਈ ਮਜ਼ਬੂਰ ਕਰੇਗੀ ਸਰਕਾਰ ਦੀ ਸਖਤਾਈ
ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੇ ਵਧਦੇ ਕਦਮਾਂ ਨੂੰ ਠੱਲ੍ਹਣ ਲਈ ਕੇਂਦਰ ਸਰਕਾਰ ਅੱਡੀ-ਚੋਟੀ ਦਾ ਜ਼ੋਰ ਲਾ ਰਹੀ ਹੈ। ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਵਲੋਂ ਭੇਜੇ ਗਏ ਨੋਟਿਸਾਂ ਨੂੰ ਵੀ ਇਸੇ ਦਿਸ਼ਾ ਵਿਚ ਚੁਕੇ ਗਏ ਕਦਮਾਂ ਵਜੋਂ ਵੇਖਿਆ ਜਾ ਰਿਹਾ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ਤੇ ਆ ਗਈ ਹੈ।
Captain Amarinder Singh
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਦੇ ਇਸ ਵਤੀਰੇ ਦੀ ਨਿੰਦਾ ਕਰਦਿਆਂ ਸਰਕਾਰ ਨੂੰ ਅਜਿਹੇ ਹੱਥਕੰਡੇ ਵਰਤਣ ਤੋਂ ਸਾਵਧਾਨ ਕੀਤਾ ਹੈ। ਕੈਪਟਨ ਨੇ ਕੇਂਦਰ ਨੂੰ ਮੁਖਾਤਬ ਹੁੰਦਿਆ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਹੱਥਕੰਡੇ ਕਿਸਾਨਾਂ ਦੇ ਮਨਸੂਬਿਆਂ ਨੂੰ ਪਿਛਲਪੈਰੀ ਕਰਨ ਦੀ ਥਾਂ ਉਨ੍ਹਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਨ ਲਈ ਹੋਰ ਮਜ਼ਬੂਤ ਕਰਨਗੇ। ਕੈਪਟਨ ਨੇ ਸਵਾਲ ਕੀਤਾ ਕਿ ''ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?''
Captain Amarinder Singh
ਕੇਂਦਰ ਨੂੰ ਅਜਿਹੇ ਢੰਗ-ਤਕੀਕਿਆਂ ਤੋਂ ਸਾਵਧਾਨ ਕਰਦਿਆਂ ਮੁਖ ਮੰਤਰੀ ਨੇ ਕਿਹਾ ਕਿ ਅਜਿਹੇ ਹੋਛੇ ਢੰਗ-ਤਰੀਕੇ ਕਿਸਾਨਾਂ ਸਖਤ ਅਪਨਾਉਣ ਲਈ ਮਜਬੂਰ ਕਰਨਗੇ ਜਿਸ ਨਾਲ ਨਜਿੱਠਣਾ ਸਰਕਾਰ ਨੂੰ ਔਖਾ ਹੋ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਦੀ ਨੀਅਤ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀਆਂ ਡਰਾਉਣੀਆਂ ਕਾਰਵਾਈਆਂ ਦੇ ਜ਼ਰੀਏ ਉਹ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ 'ਤੇ ਤੁਲੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਥਿਤੀ ਹੱਥੋਂ ਬਾਹਰ ਨਿਕਲ ਗਈ ਤਾਂ ਇਸ 'ਤੇ ਕਾਬੂ ਪਾਉਣ ਲਈ ਭਾਜਪਾ ਦੇ ਸਭ ਤੋਂ ਸ਼ਕਤੀਸ਼ਾਲੀ ਆਗੂ ਵੀ ਕੁੱਝ ਨਹੀਂ ਕਰ ਸਕਣਗੇ।
Capt Amrinder Singh
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਕਿਸਾਨੀ ਸੰਕਟ ਨੂੰ ਹੱਲ ਕਰਨ ਦੀ ਥਾਂ ਅੰਦੋਲਨਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸਤਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ਸੋਚ ਦਾ ਪਤਾ ਚੱਲਦਾ ਹੈ। ਉਨ੍ਹਾਂ ਕਿਹਾ, ''ਪੰਜਾਬੀ ਸੁਭਾਅ ਤੋਂ ਹੀ ਜੁਝਾਰੂ ਹੁੰਦੇ ਹਨ ਅਤੇ ਉਨ੍ਹਾਂ ਦੀ ਜੂਝਣ ਦੀ ਭਾਵਨਾ ਉਨ੍ਹਾਂ ਨੂੰ ਦੁਨੀਆ ਵਿੱਚ ਸਰਵੋਤਮ ਯੋਧੇ ਬਣਾਉਂਦੀ ਹੈ।''
Capt. Amrinder Singh
ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਖਤ ਕਦਮਾਂ ਨਾਲ ਪੰਜਾਬ ਦੇ ਕਿਸਾਨ ਇਸ ਦੀ ਨਕਰਾਤਮਕ ਪ੍ਰਤੀਕਿਰਿਆ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਿਚ ਭੋਰਾ ਭਰ ਵੀ ਨੈਤਿਕਤਾ ਹੈ ਤਾਂ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਸਾਰੀਆਂ ਸਬੰਧਤ ਧਿਰਾਂ ਖਾਸ ਕਰਕੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ ਤਾਂ ਜੋ ਸਹੀ ਅਰਥਾਂ ਵਿਚ ਕਿਸਾਨ ਹਿਤਾਂ ਮੁਤਾਬਕ ਖੇਤੀਬਾੜੀ ਸੁਧਾਰ ਲਿਆਂਦੇ ਜਾ ਸਕਣ।