
2020 ਵਿਚ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਨਹੀਂ ਹੋਏ ਸੀ ਪੇਸ਼
ਲੁਧਿਆਣਾ - ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ 2020 ਵਿਚ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਪੇਸ਼ੀ ਦੌਰਾਨ ਵਿਧਾਇਕ ਤੇ ਉਸ ਦਾ ਭਰਾ ਪੇਸ਼ ਨਹੀਂ ਹੋਏ ਜਿਸ ਦਾ ਅਦਾਲਤ ਨੇ ਸਖ਼ਤ ਨੋਟਿਸ ਲਿਆ ਤੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ।
ਵਿਧਾਇਕ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅਗਸਤ 2020 ਵਿਚ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ। ਇਸ ਦੌਰਾਨ, ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ 'ਤੇ ਮਾਸਕ ਨਹੀਂ ਪਹਿਨੇ ਹੋਏ ਸਨ ਅਤੇ ਸਮਾਜਿਕ ਦੂਰੀ ਦੀ ਵੀ ਪਾਲਣਾ ਨਹੀਂ ਕੀਤੀ ਗਈ ਸੀ। ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਕਥਿਤ ਤੌਰ ’ਤੇ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ। ਸੁਣਵਾਈ ਦੌਰਾਨ ਵਿਧਾਇਕ ਬੈਂਸ ਅਤੇ ਉਨ੍ਹਾਂ ਦਾ ਭਰਾ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਵਕੀਲ ਵੱਲੋਂ ਦੋਵਾਂ ਦੀ ਹਾਜ਼ਰੀ ਮੁਆਫ਼ ਕਰਨ ਲਈ ਅਰਜ਼ੀ ਵੀ ਦਾਇਰ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਬੈਂਸ ਚੰਡੀਗੜ੍ਹ ਗਏ ਹੋਏ ਹਨ, ਇਸ ਲਈ ਉਹ ਅਦਾਲਤ ਵਿਚ ਪੇਸ਼ ਨਹੀਂ ਹੋ ਸਕਦੇ। ਇਸ ਦੌਰਾਨ ਅਦਾਲਤ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਇੱਕ ਹੋਰ ਅਦਾਲਤ ਨੇ ਵਿਧਾਇਕ ਬੈਂਸ ਨੂੰ ਬਲਾਤਕਾਰ ਦੇ ਕੇਸ ਵਿਚ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਹ ਅਦਾਲਤ ਵਿਚ ਵੀ ਪੇਸ਼ ਨਹੀਂ ਹੋ ਰਹੇ।
ਇਸ ਕਾਰਨ ਅਦਾਲਤ ਨੇ ਵਿਧਾਇਕ ਵੱਲੋਂ ਦਾਇਰ ਹਾਜ਼ਰੀ ਮੁਆਫ਼ ਕਰਨ ਦੀ ਅਰਜ਼ੀ ਰੱਦ ਕਰ ਦਿੱਤੀ ਅਤੇ ਉਸ ਦੀ ਜ਼ਮਾਨਤ ਵੀ ਰੱਦ ਕਰ ਦਿੱਤੀ। ਵਿਧਾਇਕ ਬੈਂਸ ਖ਼ਿਲਾਫ਼ 28 ਜਨਵਰੀ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਹਾਲਾਂਕਿ, ਅਦਾਲਤ ਨੇ ਉਸ ਦੇ ਭਰਾ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਅਤੇ ਉਸ ਨੂੰ ਪੇਸ਼ੀ ਤੋਂ ਨਿੱਜੀ ਛੋਟ ਦੇ ਦਿੱਤੀ।