
ਸੋਸ਼ਲ ਮੀਡੀਆ ਲਈ ਵੀ ਚੋਣ ਮੁਹਿੰਮ ਪ੍ਰਸਾਰਨ ਲਈ ਕਮਿਸ਼ਨ ਦੀ ਪ੍ਰਵਾਨਗੀ ਜ਼ਰੂਰੀ : ਡਾ. ਕਰੁਨਾ ਰਾਜੂ
ਹੁਣ ਤਕ 86.5 ਫ਼ੀ ਸਦੀ ਹਥਿਆਰ ਜਮਾਂ ਹੋਏ, 42.49 ਕਰੋੜ ਦਾ ਸਮਾਨ ਕੀਤਾ ਜ਼ਬਤ
ਚੰਡੀਗੜ੍ਹ, 17 ਜਨਵਰੀ (ਭੁੱਲਰ) : ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਨਾ ਰਾਜੂ ਨੇ ਅੱਜ ਅਪਣੇ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫ਼ਰੰਸ 'ਚ ਸੋਸ਼ਲ ਮੀਡੀਆ ਪ੍ਰਚਾਰ ਸਮੱਗਰੀ ਦੀ ਮੀਡੀਆ ਸਰਟੀਫ਼ਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮਸੀਐਮਸੀ) ਤੋਂ ਪ੍ਰੀ-ਸਰਟੀਫ਼ਿਕੇਸ਼ਨ ਦੀ ਲੋੜ ਸਬੰਧੀ ਪੁੱਛੇ ਮੀਡੀਆ ਸਵਾਲ ਦਾ ਜਵਾਬ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਸੋਸ਼ਲ ਮੀਡੀਆ ਆਮ ਮੀਡੀਆ ਤੋਂ ਵੱਖਰਾ ਨਹੀਂ ਹੈ ਅਤੇ ਕਿਸੇ ਵੀ ਸਿਆਸੀ ਮੁਹਿੰਮ ਨੂੰ ਸੋਸ਼ਲ ਮੀਡੀਆ 'ਤੇ ਚਲਾਉਣ ਲਈ ਇਹੀ ਨਿਯਮ ਲਾਗੂ ਹੋਣਗੇ | ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ਼) ਦੀ ਤਾਇਨਾਤੀ ਬਾਰੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਤੋਂ ਸੀਏਪੀਐਫ਼ ਦੀਆਂ 1050 ਕੰਪਨੀਆਂ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਸੀ.ਏ.ਪੀ.ਐਫ. ਦੀਆਂ 50 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ | ਲਾਇਸੰਸਸ਼ੁਦਾ ਹਥਿਆਰਾਂ ਦੇ ਜਮਾਂ ਕਰਵਾਉਣ ਬਾਰੇ ਜਾਣਕਾਰੀ ਦਿੰਦਿਆਂ ਡਾ.ਰਾਜੂ ਨੇ ਦਸਿਆ ਕਿ ਸੂਬੇ ਵਿਚ ਕੁਲ 3.9 ਲੱਖ ਲਾਇਸੰਸਸੁਦਾ ਹਥਿਆਰਾਂ ਵਿਚੋਂ ਹੁਣ ਤਕ 3.3 ਲੱਖ ਤੋਂ ਵੱਧ ਹਥਿਆਰ ਜਮਾਂ ਕਰਵਾਏ ਜਾ ਚੁੱਕੇ ਹਨ, ਜਿਨਾਂ ਦੀ ਫ਼ੀ ਸਦੀ 86.5 ਬਣਦੀ ਹੈ |
ਜਬਤੀਆਂ ਬਾਰੇ ਬੋਲਦਿਆਂ ਉਨ੍ਹਾਂ ਦਸਿਆ ਕਿ ਵਖ-ਵਖ ਇਨਫੋਰਸਮੈਂਟ ਟੀਮਾਂ ਨੇ 16 ਜਨਵਰੀ 2022 ਤਕ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਵਜੋਂ 42.94 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ | ਨਿਗਰਾਨੀ ਟੀਮਾਂ ਨੇ 1.54 ਕਰੋੜ ਰੁਪਏ ਦੀ 5.44 ਲੱਖ ਲੀਟਰ ਸ਼ਰਾਬ ਜਬਤ ਕੀਤੀ ਅਤੇ 40.82 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ 16 ਲੱਖ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ |
ਮੁੱਖ ਚੋਣ ਅਫ਼ਸਰ ਨੇ ਦਸਿਆ ਕਿ 1076 ਵੱਧ ਸੰਵੇਦਨਸੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ | ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2250 ਵਿਅਕਤੀਆਂ ਦੀ ਸਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿਚੋਂ 979 ਵਿਅਕਤੀਆਂ ਵਿਰੁਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਇਹ ਵੀ ਦਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 148 ਵਿਅਕਤੀਆਂ ਲਈ ਸੁਰੱਖਿਆ ਉਪਾਅ ਕੀਤੇ ਗਏ ਹਨ | ਉਨ੍ਹਾਂ ਦਸਿਆ ਕਿ ਗ਼ੈਰ ਜ਼ਮਾਨਤੀ ਵਾਰੰਟਾਂ ਦੇ 2103 ਕੇਸਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 231 ਕੇਸਾਂ 'ਤੇ ਕਾਰਵਾਈ ਅਮਲ ਅਧੀਨ ਹੈ | ਉਨਾਂ ਕਿਹਾ ਕਿ ਸੂਬੇ ਭਰ ਵਿਚ 4979 ਨਾਕੇ ਲਗਾਏ ਗਏ ਹਨ |