
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ...
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇਕ ਇਕ ਮਹੀਨੇ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ਤਾਈਦ ਕੀਤੀ।
ਸਪੀਕਰ ਵਲੋਂ ਇਸ ਦਾ ਪ੍ਰਸਤਾਵ ਕਰਨ 'ਤੇ ਮੈਂਬਰ ਨੇ ਡੈਸਕ ਥਪ-ਥਪਾਉਂਦੇ ਹੋਏ ਇਸ ਨੂੰ ਆਮ ਸਹਿਮਤੀ ਨਾਲ ਪ੍ਰਵਾਨ ਕਰ ਲਿਆ। ਮੁੱਖ ਮੰਤਰੀ ਵਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੀ ਅਪਣੀ ਨਿੱਜੀ ਵਚਨਬੱਧਤਾ ਦਾ ਐਲਾਨ ਕਰਨ ਤੋਂ ਇਕ ਦਿਨ ਬਾਅਦ ਇਸ ਮਤੇ ਵਿਚ ਪੀੜਤ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਗਈ ਹੈ। ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਪਰਿਵਾਰਾਂ ਲਈ 12-12 ਲੱਖ ਰੁਪਏ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਕੱਲ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਰੌਲੀ ਗਏ ਜਿਥੇ ਉਨ੍ਹਾਂ ਨੇ 10000 ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪਰਿਵਾਰਕ ਪੈਨਸ਼ਨ ਦੇਣ ਦਾ ਐਲਾਨ ਕੀਤਾ। ਇਹ ਪੈਨਸ਼ਨ ਨੌਕਰੀ ਦੇ ਇਵਜ਼ ਵਿਚ ਦਿਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਕੋਈ ਵੀ ਹੋਰ ਬੱਚਾ ਨਹੀਂ ਹੈ ਅਤੇ ਸ਼ਹੀਦ ਜਵਾਨ ਅਣਵਿਆਹਿਆ ਸੀ।