
ਪੰਜਾਬ 'ਚ ਨਵੀਂ ਸਰਕਾਰ ਬਣਦਿਆਂ ਹੀ ਸਿਹਤ ਵਿਭਾਗ ਨੂੰ ਤੁਰੰਤ ਕਾਰਗੁਜ਼ਾਰੀ ਸੁਧਾਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਚੰਡੀਗੜ੍ਹ: ਪੰਜਾਬ 'ਚ ਨਵੀਂ ਸਰਕਾਰ ਬਣਦਿਆਂ ਹੀ ਸਿਹਤ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਤੁਰੰਤ ਕਾਰਗੁਜ਼ਾਰੀ ਸੁਧਾਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਹੁਕਮ ਜਾਰੇ ਕੀਤੇ ਗਏ। ਇਸ ਵਿਚ ਮੁਫਤ ਟੈਸਟ ਅਤੇ ਦਵਾਈਆਂ ਦੇਣ ਦੇ ਨਾਲ-ਨਾਲ ਡਾਕਟਰਾਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਆਉਣ ਲਈ ਕਿਹਾ ਗਿਆ ਹੈ। ਇਹ ਹੁਕਮ ਹਸਪਤਾਲਾਂ ਦੇ ਨਾਲ-ਨਾਲ ਸਿਹਤ ਅਧਿਕਾਰੀਆਂ ਦੇ ਦਫ਼ਤਰਾਂ ਲਈ ਵੀ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਹਸਪਤਾਲਾਂ ਵਿਚ ਮੁਲਾਜ਼ਮਾਂ ਤੋਂ ਲੈ ਕੇ ਡਾਕਟਰਾਂ ਤੱਕ ਸਾਰਿਆਂ ਨੂੰ ਵਰਦੀ ਪਹਿਨਣੀ ਚਾਹੀਦੀ ਹੈ। ਮੁਲਾਜ਼ਮਾਂ ਲਈ ਪੱਕੀ ਵਰਦੀ ਹੋਵੇਗੀ। ਇਸ ਦੇ ਨਾਲ ਹੀ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਐਪਰਨ ਜਾਂ ਲੈਬ ਕੋਟ ਸਮੇਤ ਨਿਰਧਾਰਤ ਚਿੱਟੇ ਕੋਟ ਪਹਿਨਣੇ ਹੋਣਗੇ।
ਇਸ ਤੋਂ ਇਲਾਵਾ ਡਾਕਟਰਾਂ ਅਤੇ ਸਟਾਫ਼ ਨੂੰ ਸਮੇਂ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹਸਪਤਾਲਾਂ ਵਿਚ ਸਫਾਈ ਵੱਲ ਵੀ ਧਿਆਨ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗਲੇ ਵਿਚ ਪਛਾਣ ਪੱਤਰ ਪਾਉਣਾ ਹੋਵੇਗਾ। ਮਰੀਜ਼ਾਂ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਨਰਮੀ ਨਾਲ ਪੇਸ਼ ਆਉਣ ਲਈ ਕਿਹਾ ਗਿਆ ਹੈ।
ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਹੇਠ ਲਿਖੇ ਹੁਕਮ ਜਾਰੀ
-ਸਮੇਂ ਦੀ ਪਾਬੰਦੀ ਦਾ ਧਿਆਨ ਰੱਖਿਆ ਜਾਵੇ
-ਮਰੀਜ਼ਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਉਪਲਬਧ ਕਰਵਾਈਆਂ ਜਾਣ
-ਸਾਰੇ ਸਟਾਫ਼ ਲਈ ਵਰਦੀ ਪਾਉਣੀ ਲਾਜ਼ਮੀ ਕੀਤੀ ਜਾਵੇ
-ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ ਚਿੱਟਾ ਕੋਟ ਪਾਉਣ
-ਹਸਪਤਾਲ ’ਚ ਸਾਫ-ਸਫਾਈ ਦਾ ਧਿਆਨ ਰੱਖਿਆ ਜਾਵੇ
-ਅਧਿਕਾਰੀਆਂ ਦੇ ਸ਼ਨਾਖਤੀ ਕਾਰਡ ਪਾਏ ਹੋਣ
-ਮਰੀਜ਼ਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨਾਲ ਹਲੀਮੀ ਵਾਲਾ ਵਤੀਰਾ ਰੱਖਿਆ ਜਾਵੇ