ਮ੍ਰਿਤਕ ਹਰਜਿੰਦਰ ਸਿੰਘ ਤੇ ਜ਼ਖ਼ਮੀ ਪਤਨੀ ਰਣਜੀਤ ਕੌਰ ਵਜੋਂ ਹੋਈ ਪਛਾਣ
ਮੋਹਾਲੀ: ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਹਾਲੀ ਨਜ਼ਦੀਕ ਮੋਟਰਸਾਈਕਲ ਸਵਾਰ ਪਤੀ-ਪਤਨੀ ਕੋਲੋਂ ਲੁੱਟ ਦੀ ਨੀਅਤ ਨਾਲ ਕੀਤੇ ਹਮਲੇ ਵਿਚ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਹਾਦਸੇ ਵਿਚ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਦਦੇਹਰ ਸਾਹਿਬ ਨਿਵਾਸੀ ਹਰਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਆਪਣੀ ਪਤਨੀ ਰਣਜੀਤ ਕੌਰ ਨਾਲ ਪਿੰਡ ਸਰਹਾਲੀ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ ਕਿ ਰਸਤੇ ਵਿਚ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਿੱਛੇ ਬੈਠੀ ਰਣਜੀਤ ਕੌਰ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖ਼ਤ ’ਚ ਵੱਜਿਆ।
ਮੋਟਰਸਾਈਕਲ ਸਵਾਰ ਦੋਵੇਂ ਪਤੀ ਪਤਨੀ ਹੇਠਾਂ ਡਿੱਗ ਗਏ ਅਤੇ ਲੁਟੇਰਿਆਂ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਰਜਿੰਦਰ ਸਿੰਘ ਅਤੇ ਉਸ ਦੀ ਪਤਨੀ ਰਣਜੀਤ ਕੌਰ ਨੂੰ ਗੰਭੀਰ ਹਾਲਤ ਵਿਚ ਤਰਨਤਾਰਨ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਹਰਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
ਰਣਜੀਤ ਕੌਰ ਦੀ ਹਾਲਤ ਸਥਿਰ ਹੈ। ਥਾਣਾ ਸਰਹਾਲੀ ਦੇ ਐੱਸ ਐੱਚ ਓ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਹਰਜਿੰਦਰ ਸਿੰਘ ਤਿੰਨ ਧੀਆਂ ਅਤੇ ਇੱਕ ਪੁੱਤਰ ਦਾ ਪਿਤਾ ਸੀ ਹੈ।
