ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Published : Mar 18, 2026, 10:31 pm IST
Updated : Mar 18, 2026, 10:31 pm IST
SHARE ARTICLE
Women who run the house should now run the country: Chief Minister Bhagwant Singh Mann
Women who run the house should now run the country: Chief Minister Bhagwant Singh Mann

ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਮੌਕੇ ਔਰਤਾਂ ਨੂੰ ਸਿਆਸਤ ਵਿੱਚ ਵੱਡੀ ਭੂਮਿਕਾ ਨਿਭਾਉਣ ਦਾ ਸੱਦਾ

ਮੋਹਾਲੀ (ਐਸ.ਏ.ਐਸ. ਨਗਰ): ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ।

ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਖੁਦ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਲਾਹੇਵੰਦ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਦੇਸ਼ ਦਾ ਵਿਵਸਥਾ ਨੂੰ ਵੀ ਚਲਾਉਣਾ ਚਾਹੀਦਾ ਹੈ। ਸੂਬਾ ਸਰਕਾਰ ਇਸ ਨੇਕ ਕਾਰਜ ਪ੍ਰਤੀ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।"

ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ, "ਲੜਕੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਿਆਸਤ ਵਿੱਚ ਪੈਰ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਜ਼ਰੂਰੀ ਬਦਲਾਅ ਲਿਆ ਸਕਣ। ਅੱਜ ਕੁੜੀਆਂ ਲਗਭਗ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਸਿਆਸਤ ਵਿੱਚ ਅਜੇ ਵੀ ਪਿੱਛੇ ਹਨ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਸਮਾਂ ਆ ਗਿਆ ਹੈ ਕਿ ਔਰਤਾਂ ਸਿਆਸਤ ਵਿੱਚ ਵੀ ਨਾਮਣਾ ਖੱਟਣ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਭਾਈਵਾਲੀ ਜ਼ਰੂਰੀ ਹੈ। ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਆਪਣੀ ਵੋਟ ਦੀ ਵਰਤੋਂ ਪੂਰੀ ਸਮਝ ਅਤੇ ਧਿਆਨ ਨਾਲ ਕਰਨ ਤਾਂ ਜੋ ਵਿਧਾਨ ਸਭਾ ਅਤੇ ਸੰਸਦ ਲਈ ਯੋਗ ਆਗੂ ਚੁਣੇ ਜਾਣ।"

ਸੂਬੇ ਲਈ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, "ਇਹ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਕਰੇਗਾ। ਇਹ ਮਾਣ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਨਿਰੰਤਰ ਕਦਮ ਚੁੱਕੇ ਗਏ ਹਨ। 'ਆਪ' ਸਰਕਾਰ ਨੇ ਕਈ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਜੋਂ ਨਿਯੁਕਤ ਕੀਤਾ ਹੈ ਜੋ ਕਿ ਪਹਿਲਾਂ ਨਾਲੋਂ ਵੱਡਾ ਬਦਲਾਅ ਹੈ। ਕਿਸੇ ਵੀ ਸਰਕਾਰ ਦੇ ਮੁਕਾਬਲੇ ਆਪ ਵੱਲੋਂ ਇਨ੍ਹਾਂ ਅਹੁਦਿਆਂ 'ਤੇ ਸਭ ਤੋਂ ਵੱਧ ਗਿਣਤੀ ਵਿੱਚ ਔਰਤਾਂ ਨੂੰ ਤਾਇਨਾਤ ਕੀਤਾ ਗਿਆ ਹੈ।"

ਔਰਤਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ਵਵਿਆਪੀ ਉਦਾਹਰਨ ਪੇਸ਼ ਕਰਦਿਆਂ ਉਨ੍ਹਾਂ ਕਿਹਾ, "ਚੀਨ ਵਿੱਚ ਹਰ ਔਰਤ ਕਿਸੇ ਨਾ ਕਿਸੇ ਵਸਤੂ ਦੇ ਉਤਪਾਦਨ ਵਿੱਚ ਲੱਗੀ ਹੋਈ ਹੈ। ਜੇਕਰ ਉਹ ਨਿਰਯਾਤ ਕਰਨਾ ਬੰਦ ਕਰ ਦਿੰਦੀਆਂ ਹਨ ਤਾਂ ਵਿਸ਼ਵ ਦੀ ਅਰਥਵਿਵਸਥਾ ਪ੍ਰਭਾਵਿਤ ਹੋ ਜਾਵੇਗੀ। ਪੰਜਾਬੀ ਔਰਤਾਂ ਨੂੰ ਮਾਤਾ ਗੁਜਰੀ ਜੀ, ਮਾਈ ਭਾਗੋ ਅਤੇ ਹੋਰ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਬੁਲੰਦੀਆਂ ਨੂੰ ਛੂਹਣਾ ਚਾਹੀਦਾ ਹੈ। ਸਾਡੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਕੀਤੇ ਗਏ ਹਨ ਤਾਂ ਜੋ ਸੂਬੇ ਭਰ ਵਿੱਚ ਖਾਸ ਕਰਕੇ ਕੁੜੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਸਿੱਖਿਆ ਕਮਜ਼ੋਰ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ। ਸਿੱਖਿਆ ਇਸ ਚੱਕਰ ਨੂੰ ਤੋੜਨ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦਾ ਇੱਕੋ-ਇੱਕ ਤਰੀਕਾ ਹੈ ਅਤੇ ਇਸੇ ਲਈ ਸਾਡੀ ਸਰਕਾਰ ਇਸ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਔਰਤਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨੀ ਚਾਹੀਦੀ ਹੈ। ਸਰਕਾਰ ਵੱਲੋਂ ਮੁਕੰਮਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਪਰ ਸਮੇਂ ਦੇ ਹਾਣੀ ਬਣੇ ਰਹਿਣ ਲਈ ਹੁਨਰਾਂ ਨੂੰ ਸਿੱਖਦੇ ਰਹਿਣਾ ਅਤੇ ਖੁਦ ਨੂੰ ਅਪਗ੍ਰੇਡ ਕਰਦੇ ਰਹਿਣਾ ਵੀ ਉਨਾ ਹੀ ਮਹੱਤਵਪੂਰਨ ਹੈ।

ਉਨ੍ਹਾਂ ਅੱਗੇ ਕਿਹਾ, "ਅੱਜ ਪੰਜਾਬ ਦੀਆਂ ਔਰਤਾਂ ਲਈ ਇਤਿਹਾਸਕ ਦਿਨ ਹੈ ਜਿਨ੍ਹਾਂ ਨੇ ਸਖ਼ਤ ਮਿਹਨਤ ਤੇ ਲਗਨ ਨਾਲ ਆਪਣੀ ਪਛਾਣ ਬਣਾਈ ਹੈ। ਮਹਿਲਾ ਉੱਦਮੀਆਂ ਨੂੰ ਹਮੇਸ਼ਾ ਮੌਕੇ ਦਿੱਤੇ ਜਾਣੇ ਚਾਹੀਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਸਨਮਾਨਿਤ ਕਰਨ 'ਤੇ ਮਾਣ ਮਹਿਸੂਸ ਕਰ ਰਹੇ ਹਾਂ। ਕਿਸੇ ਵੀ ਸਮਾਜ ਦਾ ਵਿਕਾਸ ਔਰਤਾਂ ਦੇ ਯੋਗਦਾਨ ਤੋਂ ਬਿਨਾਂ ਅਧੂਰਾ ਹੈ।"

ਸੱਭਿਆਚਾਰਕ ਅਤੇ ਦਾਰਸ਼ਨਿਕ ਪਿਛੋਕੜ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਔਰਤਾਂ ਨੂੰ ਹਮੇਸ਼ਾ ਸਨਮਾਨਜਨਕ ਸਥਾਨ ਦਿੱਤਾ ਜਾਂਦਾ ਹੈ। ਅੱਜ ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਅਧੀਨ 23 ਜ਼ਿਲ੍ਹਿਆਂ ਦੀਆਂ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਹਰੇਕ ਨੂੰ 25,000 ਰੁਪਏ, ਇੱਕ ਸਰਟੀਫਿਕੇਟ ਅਤੇ ਇੱਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ 117 ਵਿਧਾਨ ਸਭਾ ਹਲਕਿਆਂ ਵਿੱਚ 11,700 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ, “ਜ਼ਿਲ੍ਹਾ ਪੱਧਰ 'ਤੇ 23 ਜ਼ਿਲ੍ਹਿਆਂ ਵਿੱਚ 2,300 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਕੁੱਲ 58,303 ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ ਜਿਹਨਾਂ ਨਾਲ ਲਗਭਗ 5.89 ਲੱਖ ਪੇਂਡੂ ਪਰਿਵਾਰ ਜੁੜੇ ਹਨ ਅਤੇ ਇਹਨਾਂ ਨੂੰ ਮਜ਼ਬੂਤ ਕਰਨ ਲਈ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”

ਉੱਦਮ ਲਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲ ਸਟਾਰਟਅੱਪ ਪ੍ਰੋਜੈਕਟ ਤਹਿਤ 2,000 ਤੋਂ ਵੱਧ ਸਟਾਰਟਅੱਪ ਲਾਂਚ ਕੀਤੇ ਗਏ ਹਨ ਜਿਸ ਨਾਲ 7,560 ਲੋਕਾਂ ਲਈ ਰੁਜ਼ਗਾਰ ਪੈਦਾ ਹੋਇਆ ਹੈ ਅਤੇ ਇਹ ਆਰਥਿਕ ਮਜ਼ਬੂਤੀ ਵੱਲ ਇੱਕ ਵੱਡਾ ਕਦਮ ਹੈ। ਇਸ ਦੇ ਨਾਲ ਹੀ 19 ਜ਼ਿਲ੍ਹਿਆਂ ਵਿੱਚ ਸਖੀ ਸ਼ਕਤੀ ਮੇਲੇ ਕਰਵਾਏ ਗਏ ਹਨ, ਜਿਸ ਨਾਲ ਔਰਤਾਂ ਲਈ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਹੋਈ ਹੈ। ਵੇਰਕਾ ਦੇ ਸਹਿਯੋਗ ਨਾਲ ਡੇਅਰੀ ਸਹਿਕਾਰੀ ਸਭਾਵਾਂ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਜਿਹਨਾਂ ਵਿੱਚ 7,000 ਔਰਤਾਂ ਨੂੰ ਸ਼ਾਮਲ ਹੋਣਗੀਆਂ ਅਤੇ ਰੋਜ਼ਾਨਾ 85,000 ਲੀਟਰ ਦੁੱਧ ਸਪਲਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਸੂਬੇ ਭਰ ਵਿੱਚ ਅਜਿਹੀਆਂ 1,000 ਸਭਾਵਾਂ ਸਥਾਪਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ।”
ਉਨ੍ਹਾਂ ਅੱਗੇ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਰਨਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦਿੱਤੇ ਜਾਣਗੇ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪੰਜਾਬ ਦੀਆਂ 97 ਫ਼ੀਸਦ ਔਰਤਾਂ ਨੂੰ ਲਾਭ ਹੋਵੇਗਾ। ਸਰਕਾਰ ਵੱਲੋਂ 9,300 ਕਰੋੜ ਰੁਪਏ ਅਲਾਟ ਕੀਤੇ ਹਨ ਅਤੇ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮਿਲਣਗੀਆਂ ਜਿਨ੍ਹਾਂ ਵਿੱਚ 2 ਕਿਲੋ ਖੰਡ, 2 ਕਿਲੋ ਦਾਲ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ 1 ਕਿਲੋ ਨਮਕ ਸ਼ਾਮਲ ਹੈ। ਇਸ ਯੋਜਨਾ ਲਈ 900 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜੋ ਔਰਤਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰੇਗਾ।”

ਸਸ਼ਕਤੀਕਰਨ ਸਬੰਧੀ ਢਾਂਚਾਗਤ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫ਼ੀਸਦ ਰਾਖਵਾਂਕਰਨ ਪ੍ਰਦਾਨ ਕੀਤਾ ਹੈ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਗੀਆਂ 65,000 ਤੋਂ ਵੱਧ ਨੌਕਰੀਆਂ ਵਿੱਚ ਔਰਤਾਂ ਦੀ ਅਹਿਮ ਗਿਣਤੀ ਸ਼ਾਮਲ ਹੈ ਜਿਸ ਨਾਲ ਪ੍ਰਬੰਧਨ ਅਤੇ ਪ੍ਰਸ਼ਾਸਨ ਵਿੱਚ ਉਨ੍ਹਾਂ ਦੀ ਵਧਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ। ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਅਤੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਇਹ ਸਭ ਔਰਤਾਂ ਦੀ ਭਲਾਈ ਲਈ ਹਨ। ਪੰਜਾਬ ਸਰਕਾਰ ਵੱਲੋਂ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ 50 ਫੀਸਦ ਰਾਖਵਾਂਕਰਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਲਗਭਗ 1.86 ਲੱਖ ਲੜਕੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਰਾਹੀਂ ਪੌਸ਼ਟਿਕ ਭੋਜਨ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਹਜ਼ਾਰਾਂ ਵਰਕਰਾਂ ਦੀ ਭਰਤੀ ਪ੍ਰਗਤੀ ਅਧੀਨ ਹੈ।”

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, "ਔਰਤਾਂ, ਖਾਸ ਕਰਕੇ ਸਕੂਲ ਅਤੇ ਕਾਲਜ ਜਾਣ ਵਾਲੀਆਂ ਕੁੜੀਆਂ ਲਈ ਮੁਫ਼ਤ ਯਾਤਰਾ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਔਰਤਾਂ ਨੂੰ ਸਵੈ-ਨਿਰਭਰ ਬਣਨਾ ਚਾਹੀਦਾ ਹੈ ਅਤੇ ਸਰਕਾਰ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਰਹੀ ਹੈ। ਕੁੜੀਆਂ ਹੁਣ ਸਮਾਜ ਦਾ ਕਮਜ਼ੋਰ ਵਰਗ ਨਹੀਂ ਹਨ; ਉਹ ਹਰ ਪੱਖੋਂ ਮਜ਼ਬੂਤ ਹਨ ਅਤੇ ਇਸ ਬਾਰੇ ਉਨ੍ਹਾਂ ਨੂੰ ਆਤਮਵਿਸ਼ਵਾਸ਼ ਹੋਣਾ ਚਾਹੀਦਾ ਹੈ।" 

ਇਸ ਦੌਰਾਨ, 'ਆਪ' ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, "ਪਹਿਲਾਂ ਅਜਿਹੇ ਸਮਾਗਮ ਸਿਰਫ਼ ਧਨਾਢ ਪਰਿਵਾਰਾਂ ਦੀਆਂ ਔਰਤਾਂ ਤੱਕ ਸੀਮਤ ਸਨ। ਪਹਿਲੀ ਵਾਰ ਸਧਾਰਨ ਪਰਿਵਾਰਾਂ ਦੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਲਹਿਰ ਸਸ਼ਕਤੀਕਰਨ ਰਾਹੀਂ ਔਰਤਾਂ ਦੇ ਜੀਵਨ ਨੂੰ ਬਦਲਣ ਅਤੇ ਹੋਰਨਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਮਦਦ ਕਰੇਗੀ।" 

ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement