
ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਅਧੀਨ ਆਉਂਦੀਆਂ ਵਿਧਾਨ ਸਭਾ ਸੀਟਾਂ ਦੇ ਵਿਧਾਇਕਾਂ ਨੇ ਕੀਤੀ ਸ਼ਮੂਲੀਅਤ
ਚੰਡੀਗੜ੍ਹ: ਪੰਜਾਬ ਸਰਕਾਰ ਦਾ ਇਕ ਮਹੀਨੇ ਦਾ ਕਾਰਜਕਾਲ ਪੂਰਾ ਹੋਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਵਿਚ ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਅਧੀਨ ਆਉਂਦੀਆਂ ਵਿਧਾਨ ਸਭਾ ਸੀਟਾਂ ਦੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ।
ਇਸ ਵਿਚ ਕਈ ਵਿਧਾਇਕਾਂ ਨੇ ਨਸ਼ਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਈ। ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਵਿਕਾਸ ਦੀਆਂ ਲੋੜ ਬਾਰੇ ਵੀ ਜਾਣੂ ਕਰਵਾਇਆ। ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨਾਲ ਹਲਕਿਆਂ ’ਚ ਚੱਲ ਰਹੇ ਕੰਮਾਂ ਅਤੇ ਸ਼ੁਰੂ ਕੀਤੇ ਜਾਣ ਵਾਲੇ ਨਵੇਂ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ‘ਆਪ’ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਇਕ ਗੁਪਤ ਫਾਈਲ ਵੀ ਸੌਂਪੀ ਹੈ। ਇਸ ਦੀ ਜਾਂਚ ਤੋਂ ਬਾਅਦ ਨਸ਼ਿਆਂ ਅਤੇ ਗੈਰ ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ। ਉਹਨਾਂ ਨੇ ਸੀਐਮ ਮਾਨ ਨੂੰ ਅਪੀਲ ਕੀਤੀ ਕਿ ਜੇਕਰ ਨਸ਼ਾ ਬੰਦ ਕਰਨਾ ਹੈ ਤਾਂ ਥਾਣੇ ਅਤੇ ਚੌਕੀ ਦੇ ਸਮੁੱਚੇ ਸਟਾਫ ਨੂੰ ਬਦਲਣਾ ਪਵੇਗਾ।
ਮੀਟਿੰਗ ਮਗਰੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਵੱਖ-ਵੱਖ ਵਿਭਾਗਾਂ ਵਿਚ ਅਣਵਰਤੇ ਫੰਡ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਕੰਮਾ ਨੂੰ ਲੈ ਕੇ ਵੇਰਵਾ ਸਾਂਝਾ ਕੀਤਾ ਗਿਆ। ਇਸ ਦੇ ਨਾਲ ਹੀ ਕੁਝ ਵਿਧਾਇਕਾਂ ਨੇ ਅਧਿਕਾਰੀਆਂ ਦੀ ਅਣਗਹਿਲੀ ਦਾ ਮੁੱਦਾ ਵੀ ਉਠਾਇਆ ਹੈ।