ਪੰਜਾਬ ਦੇ ਗ੍ਰਹਿ ਸਕੱਤਰ ਵੱਲੋਂ ਹਾਈਕੋਰਟ 'ਚ ਦਿੱਤੀ ਗਈ ਜਾਣਕਾਰੀ ਤੋਂ ਹੋਇਆ ਖੁਲਾਸਾ
Punjab News : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ 'ਤੇ ਪੰਜਾਬ ਸਰਕਾਰ ਨੇ ਹਾਈਕੋਰਟ 'ਚ ਹਲਫਨਾਮਾ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ 797 ਮੁਲਜ਼ਮ ਬਰੀ ਹੋਏ ਹਨ। ਪੰਜਾਬ ਦੇ ਗ੍ਰਹਿ ਵਿਭਾਗ ਦੇ ਸਕੱਤਰ ਨੇ ਅਦਾਲਤ ਵਿੱਚ ਇਹ ਜਾਣਕਾਰੀ ਦਿੱਤੀ ਹੈ।
ਦਰਅਸਲ ਰੋਪੜ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਇਕ ਮਾਮਲੇ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਮਾਈਨਿੰਗ ਦੇ ਵਧਦੇ ਮਾਮਲਿਆਂ 'ਤੇ ਸਖਤ ਰੁਖ ਅਖਤਿਆਰ ਕਰਦੇ ਹੋਏ ਪਿਛਲੇ 10 ਸਾਲਾਂ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਦਰਜ ਮਾਮਲਿਆਂ ਦਾ ਵੇਰਵਾ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।
ਗ੍ਰਹਿ ਸਕੱਤਰ ਨੇ ਅਦਾਲਤ ਨੂੰ ਇਹ ਜਾਣਕਾਰੀ ਨਹੀਂ ਦਿੱਤੀ ਕਿ ਪਿਛਲੇ ਦਸ ਸਾਲਾਂ ਵਿੱਚ ਕਿੰਨੇ ਕੇਸ ਦਰਜ ਹੋਏ ਹਨ। ਗ੍ਰਹਿ ਸਕੱਤਰ ਨੇ ਆਪਣੇ ਹਲਫ਼ਨਾਮੇ ਵਿੱਚ ਅਦਾਲਤ ਨੂੰ ਦੱਸਿਆ ਕਿ 2016 ਵਿੱਚ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਫੈਸਲਾ ਕੀਤਾ ਸੀ ਕਿ ਜੇਕਰ ਮਾਈਨਿੰਗ ਮਾਮਲੇ ਵਿੱਚ ਕੋਈ ਮੁਲਜ਼ਮ ਬਰੀ ਹੋ ਜਾਂਦਾ ਹੈ ਤਾਂ ਉਸ ਕੇਸ ਦੇ ਜਾਂਚ ਅਧਿਕਾਰੀ ਖ਼ਿਲਾਫ਼ ਸਥਾਈ ਕਮੇਟੀ ਵੱਲੋਂ ਕਾਰਵਾਈ ਕੀਤੀ ਜਾਵੇਗੀ।
ਹਲਫ਼ਨਾਮੇ ਵਿੱਚ ਹੈਰਾਨ ਕਰਨ ਵਾਲੀ ਇਹ ਜਾਣਕਾਰੀ ਵੀ ਦਿੱਤੀ ਗਈ ਕਿ 797 ਮੁਲਜ਼ਮਾਂ ਦੇ ਬਰੀ ਹੋਣ ਤੋਂ ਬਾਅਦ ਸਿਰਫ਼ ਦੋ ਜਾਂਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਬਾਕੀ 795 ਕੇਸਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਅਪ੍ਰੈਲ 2024 ਵਿੱਚ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਫੈਸਲਾ ਕੀਤਾ ਸੀ ਕਿ ਜੇਕਰ ਸਥਾਈ ਕਮੇਟੀ ਜਾਂਚ ਅਧਿਕਾਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਦੀ ਤਾਂ ਸਥਾਈ ਕਮੇਟੀ ਦੇ ਮੈਂਬਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਹਲਫ਼ਨਾਮੇ ਵਿੱਚ ਇੱਕ ਦਿਲਚਸਪ ਗੱਲ ਇਹ ਵੀ ਦੱਸੀ ਗਈ ਹੈ ਕਿ ਜਿਨ੍ਹਾਂ ਕੇਸਾਂ ਵਿੱਚ ਮੁਲਜ਼ਮ ਬਰੀ ਹੋ ਜਾਂਦੇ ਹਨ, ਉਨ੍ਹਾਂ ਦੀ ਜਾਣਕਾਰੀ ਸਟੱਡੀ ਕਮੇਟੀ ਨੂੰ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਜਾਂਚ ਅਧਿਕਾਰੀ ਬਚ ਜਾਂਦੇ ਹਨ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਮਾਮਲੇ ਦੀ ਸੁਣਵਾਈ ਜੁਲਾਈ ਮਹੀਨੇ ਤੱਕ ਮੁਲਤਵੀ ਕਰ ਦਿੱਤੀ ਹੈ।
ਰੋਪੜ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਇਕ ਮਾਮਲੇ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਮਾਈਨਿੰਗ ਦੇ ਵਧਦੇ ਮਾਮਲਿਆਂ 'ਤੇ ਸਖਤ ਰੁਖ ਅਖਤਿਆਰ ਕਰਦੇ ਹੋਏ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਅਤੇ ਜ਼ਮੀਨੀ ਪੱਧਰ 'ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਲਈ ਅਦਾਲਤੀ ਕਮਿਸ਼ਨ ਨਿਯੁਕਤ ਕੀਤਾ ਹੈ।
ਪਟੀਸ਼ਨਰ ਕੁਲਵੀਰ ਸਿੰਘ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਜ਼ਮਾਨਤ ਦਿੱਤੀ ਜਾਵੇ। ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਰੋਪੜ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ ਅਤੇ ਅਜਿਹੀ ਸਥਿਤੀ 'ਚ ਪਟੀਸ਼ਨਕਰਤਾ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਅਦਾਲਤ ਨੂੰ ਦੱਸਿਆ ਗਿਆ ਕਿ ਪਿਛਲੇ ਸਾਲ ਗੈਰ-ਕਾਨੂੰਨੀ ਮਾਈਨਿੰਗ ਲਈ 118 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਸੀ। ਇਸ ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣਾ ਬਹੁਤ ਜ਼ਰੂਰੀ ਹੈ।