
1 ਮਈ ਨੂੰ ਹੋਵੇਗੀ ਮੁੜ ਪੇਸ਼ੀ
Ajnala News: ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਹੇਠ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਮਾਮਲੇ ਉੱਤੇ 1 ਮਈ ਨੂੰ ਮੁੜ ਪੇਸ਼ੀ ਹੋਵੇਗੀ।
ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਉਸ ਨੂੰ ਬੀਤੇ ਦਿਨੀਂ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ। ਪਪਲਪ੍ਰੀਤ ਸਿੰਘ ਦਾ ਪੁਲਿਸ ਨੂੰ ਤਿੰਨ ਦਿਨਾਂ ਦਾ ਰਿਮਾਂਡ ਮਿਲਿਆ ਸੀ।
ਦੱਸ ਦੇਈਏ ਕਿ ਪਪਲਪ੍ਰੀਤ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਹ ਫਰਾਰ ਚੱਲ ਰਿਹਾ ਸੀ ਤੇ ਉਸ ਨੂੰ ਅੰਮ੍ਰਿਤਪਾਲ ਸਿੰਘ ਨਾਲ ਦੇਖਿਆ ਗਿਆ ਸੀ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਪੱਪਲਪ੍ਰੀਤ ਨੇ ਉਸ ਨੂੰ ਕਈ ਥਾਵਾਂ ‘ਤੇ ਪਨਾਹ ਦਿੱਤੀ ਸੀ ਅਤੇ ਉਸ ਨਾਲ ਕਈ ਯੋਜਨਾਵਾਂ ‘ਚ ਸਰਗਰਮ ਭੂਮਿਕਾ ਨਿਭਾਈ ਸੀ।
ਇਸ ਤੋਂ ਬਾਅਦ ਉਸ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਸੀ। ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੂੰ 2023 ਵਿੱਚ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ ਸੀ। ਹੁਣ ਤੱਕ ਪਪਲਪ੍ਰੀਤ ਸਿੰਘ ਸਮੇਤ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ NSA ਅਧੀਨ ਜੇਲ੍ਹ ਵਿੱਚ ਰਹਿ ਗਿਆ ਹੈ।