
ਦੋਵਾਂ ਕੋਲੋਂ 262 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ
Fazilka News: ਫਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਸਮੇਤ ਮਾਂ-ਪੁੱਤਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਦੋਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਮਾਂ-ਪੁੱਤਰ ਫਾਜ਼ਿਲਕਾ ਦੇ ਪਿੰਡ ਨੂਰਸ਼ਾਹ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਕਬਜ਼ੇ ਤੋਂ 262 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ ਹਨ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ, ਜਿੱਥੇ ਉਨ੍ਹਾਂ ਨਾਲ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਸਦਰ ਥਾਣਾ ਇੰਚਾਰਜ ਐਸਐਚਓ ਹਰਦੇਵ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਤੁਰਤ ਕਾਰਵਾਈ ਕਰਦਿਆਂ ਪਿੰਡ ਨੂਰਸ਼ਾਹ ਵਿਖੇ ਨਹਿਰ ਦੀ ਪਟੜੀ ਨੇੜੇ ਮੌਜੂਦ ਮਾਂ-ਪੁੱਤਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਉਹ ਦੌੜ ਕੇ ਭੱਜਣ ਲੱਗ ਪਏ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਲਗਭਗ 262 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਜਸਵੰਤ ਸਿੰਘ ਅਤੇ ਸ਼ੀਲੋ ਬਾਈ ਵਜੋਂ ਹੋਈ ਹੈ। ਦੋਹਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।