
ਰਾਘਵ ਚੱਢਾ ਨੇ ਕਿਹਾ ਕਿ ਤਸਵੀਰਾਂ ਦਿਖਾਉਂਦੀਆਂ ਹਨ ਕਿ ਕਿਵੇਂ ਇਕ ਨੇਤਾ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਨੂੰ 'ਪਿਆਰ ਨਾਲ' ਹੱਲ ਕਰ ਸਕਦਾ ਹੈ।
ਨਵੀਂ ਦਿੱਲੀ: ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸਹਿਮਤੀ ਹੋ ਗਈ ਹੈ। ਕਰੀਬ ਦੋ ਘੰਟੇ ਤੱਕ ਚੱਲੀ ਇਸ ਮੀਟਿੰਗ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਧਰਨੇ 'ਤੇ ਮੁਹਾਲੀ ਪੁੱਜੇ ਅਤੇ ਉਹਨਾਂ ਨੇ ਸਰਕਾਰ ਅਤੇ ਕਿਸਾਨਾਂ ਦਰਮਿਆਨ ਹੋਏ ਸਮਝੌਤੇ ਦੀ ਜਾਣਕਾਰੀ ਦਿੱਤੀ।
ਇਸ ਦੌਰਾਨ ਕਿਸਾਨ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ। ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂ ਨੂੰ ਜੱਫੀ ਵੀ ਪਾਈ। ਇਹ ਤਸਵੀਰਾਂ ਸਾਂਝੀਆਂ ਕਰਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਹ ਤਸਵੀਰਾਂ ਦਿਖਾਉਂਦੀਆਂ ਹਨ ਕਿ ਕਿਵੇਂ ਇਕ ਨੇਤਾ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਨੂੰ 'ਪਿਆਰ ਨਾਲ' ਹੱਲ ਕਰ ਸਕਦਾ ਹੈ।
ਰਾਘਵ ਚੱਢਾ ਨੇ ਲਿਖਿਆ, “ਪਿਛਲੀਆਂ ਸਰਕਾਰਾਂ ਵੱਲੋਂ ਖੇਤੀ ਨੂੰ ਜਾਣਬੁੱਝ ਕੇ ਅਣਗੌਲਿਆ ਕਰਨ ਕਾਰਨ ਕਿਸਾਨਾਂ ਦੀ ਦੁਰਦਸ਼ਾ ਹੋਈ ਹੈ। ਭਗਵੰਤ ਮਾਨ ਇਸ ਨੂੰ ਮੁੜ ਸੁਰਜੀਤ ਕਰਨ ਲਈ ਸਾਹਸੀ ਅਤੇ ਨਿਵੇਕਲੇ ਕਦਮ ਚੁੱਕ ਰਹੇ ਹਨ। ਇਹ ਤਸਵੀਰਾਂ ਦਿਖਾਉਂਦੀਆਂ ਹਨ ਕਿ ਕਿਵੇਂ ਇਕ ਨੇਤਾ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਨੂੰ 'ਪਿਆਰ ਨਾਲ' ਹੱਲ ਕਰ ਸਕਦਾ ਹੈ”।